ਲੁਧਿਆਣਾ, 4 ਜੂਨ (ਭੁਪਿੰਦਰ ਸਿੰਘ ਬੈਂਸ)-ਮਾਡਲ ਟਾਊਨ ਸਥਿਤ ਆਰ.ਐਸ. ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਪੰਜਾਬੀ ਭਾਸ਼ਾ ਦੇ ਸਨਮਾਨ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਨੂੰ ਲੈ ਕੇ ਕੁੱਝ ਲੋਕਾਂ ਵਲੋਂ ਰੋਸ ਪ੍ਰਗਟ ਕੀਤਾ ਗਿਆ | ਰੋਸ ਪ੍ਰਗਟ ਕਰਨ ਵਾਲੇ ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੰੂ ਜਾਣਕਾਰੀ ਮਿਲੀ ਸੀ ਕਿ ਸਰਕਾਰ ਵਲੋਂ ਜਾਰੀ ਹਦਾਇਤਾਂ ਦੇ ਬਾਵਜੂਦ ਸਕੂਲ ਵਿਚ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਪ੍ਰਦਰਸ਼ਨਕਾਰੀਆਂ ਅਨੁਸਾਰ ਜਦੋਂ ਉਨ੍ਹਾਂ ਨੇ ਸਕੂਲ ਪਿ੍ੰਸੀਪਲ ਨਾਲ ਗੱਲ ਕਰਨੀ ਚਾਹੀ ਤਾਂ ਸਕੂਲ ਕਮੇਟੀ ਦੇ ਇਕ ਮੈਂਬਰ ਨਾਲ ਉਨ੍ਹਾਂ ਦਾ ਪੰਜਾਬੀ ਭਾਸ਼ਾ ਵਿਚ ਗੱਲ ਕਰਨ ਨੂੰ ਲੈ ਕੇ ਵਿਵਾਦ ਹੋ ਗਿਆ | ਇਸ ਦੌਰਾਨ ਲੋਕਾਂ ਨੇ ਪੰਜਾਬੀ ਭਾਸ਼ਾ ਦੀ ਅਣਦੇਖੀ ਦਾ ਦੋਸ਼ ਲਗਾਉਂਦਿਆਂ ਸਕੂਲ ਦੇ ਬਾਹਰ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ | ਦੇਖਦੇ ਹੀ ਦੇਖਦੇ ਵੱਡੀ ਗਿਣਤੀ ਵਿਚ ਲੋਕ ਮੌਕੇ 'ਤੇ ਇਕੱਠੇ ਹੋ ਗਏ ਅਤੇ ਪੰਜਾਬੀ ਭਾਸ਼ਾ ਦੇ ਸਨਮਾਨ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਗਈ, ਜਿਸ 'ਤੇ ਪਿ੍ੰਸੀਪਲ ਵਲੋਂ ਲੋਕਾਂ ਤੋਂ ਪੰਜਾਬੀ ਭਾਸ਼ਾ ਦੀ ਅਣਦੇਖੀ ਕਰਨ ਨੰੂ ਲੈ ਕੇ ਉਨ੍ਹਾਂ ਤੋਂ ਮੁਆਫ਼ੀ ਮੰਗੀ ਗਈ ਅਤੇ ਭਵਿੱਖ ਵਿਚ ਪੰਜਾਬੀ ਭਾਸ਼ਾ ਨੰੂ ਬਣਦਾ ਸਨਮਾਨ ਦੇਣ ਦਾ ਭਰੋਸਾ ਦਿੱਤਾ | ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਆਪਣਾ ਰੋਸ ਖਤਮ ਕਰ ਦਿੱਤਾ ਅਤੇ ਸਥਿਤੀ ਮੁੜ ਆਮ ਹੋ ਗਈ |