ਲੁਧਿਆਣਾ, 4 ਜੂਨ (ਜਤਿੰਦਰ ਭੰਬੀ)-ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਰਦੀਪ ਸਿੰਘ ਮੁੰਡੀਆਂ ਦੀ ਮੌਜੂਦਗੀ 'ਚ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਜਗਰੂਪ ਸਿੰਘ ਸੇਹ ਨੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਵਿਖੇ ਅਹੁਦਾ ਸੰਭਾਲਿਆ | ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਹਾਕਮ ਸਿੰਘ ਠੇਕੇਦਾਰ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਚੇਅਰਮੈਨ ਪੰਜਾਬ ਜੈਨਕੋ ਬੋਰਡ ਨਵਜੋਤ ਸਿੰਘ ਜਰਗ, ਚੇਅਰਮੈਨ ਮਾਰਕੀਟ ਕਮੇਟੀ ਦੋਰਾਹਾ ਦਰਸ਼ਨ ਸਿੰਘ ਕੂਹਲੀ, ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ, ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ ਹੇਮਰਾਜ ਰਾਜੀ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਮੈਂਬਰ, ਸਥਾਨਕ ਆਗੂਆਂ, ਵਲੰਟੀਅਰਾਂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕਰਕੇ ਚੇਅਰਮੈਨ ਜਗਰੂਪ ਸਿੰਘ ਸੇਹ ਨੂੰ ਵਧਾਈ ਦਿੱਤੀ | ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਵਲੋਂ ਆਪ ਵਲੰਟੀਅਰਾਂ ਅਤੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ ਅਤੇ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ | ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਨਵ-ਨਿਯੁਕਤ ਚੇਅਰਮੈਨ ਜਗਰੂਪ ਸਿੰਘ ਸੇਹ ਵਲੋਂ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਵਿਚ ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਨਵ ਨਿਯੁਕਤ ਚੇਅਰਮੈਨ ਜਗਰੂਪ ਸਿੰਘ ਸੇਹ ਨੇ ਕਿਹਾ ਕਿ ਉਹ ਜ਼ਿਲ੍ਹਾ ਲੁਧਿਆਣਾ ਦੇ ਹਰ ਪਿੰਡ ਅਤੇ ਹਰ ਵਰਗ ਦੇ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ | ਚੇਅਰਮੈਨ ਜਗਰੂਪ ਸਿੰਘ ਸੇਹ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਜ਼ਿੰਮੇਵਾਰੀ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ |