ਭਾਮੀਆਂ ਕਲਾਂ, 4 ਜੂਨ (ਜਤਿੰਦਰ ਭੰਬੀ)-ਕਿਸਾਨ ਮੋਰਚਾ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਸੋਹਣ ਸਿੰਘ ਢੋਲਣਵਾਲ, ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ, ਪਿੰਡ ਭੈਣੀ ਸਾਹਿਬ ਦੇ ਸਰਪੰਚ ਜਗਦੀਸ਼ ਸਿੰਘ ਨਾਮਧਾਰੀ ਸਕੱਤਰ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਜਿੱਥੇ ਪੰਜਾਬ ਪ੍ਰਧਾਨ ਨਿਯੁਕਤ ਕਰਨ 'ਤੇ ਵਧਾਈ ਦਿੱਤੀ, ਉਥੇ ਹੀ ਉਨ੍ਹਾਂ ਨਾਲ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਨੂੰ ਲੈ ਕੇ ਸ਼ਿਸ਼ਟਾਚਾਰਕ ਮੁਲਾਕਾਤ ਕੀਤੀ ਗਈ ਅਤੇ ਭਾਜਪਾ ਹਾਈਕਮਾਨ ਦਾ ਵੀ ਧੰਨਵਾਦ ਕੀਤਾ | ਇਸ ਮੌਕੇ ਉਕਤ ਆਗੂਆਂ ਨੇ ਦੱਸਿਆ ਕਿ ਸੁਖਾਵੇਂ ਮਾਹੌਲ ਵਿਚ ਹੋਈ ਇਸ ਮੁਲਾਕਾਤ ਵਿਚ ਜਿੱਥੇ ਭਾਜਪਾ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ, ਉਥੇ ਹੀ ਆਗਾਮੀ ਚੋਣਾਂ ਨੂੰ ਲੈ ਕੇ ਵੀ ਚਰਚਾ ਕੀਤੀ ਗਈ | ਆਗੂਆਂ ਨੇ ਦੱਸਿਆ ਕਿ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਵਰਕਰਾਂ ਨੂੰ ਇਕਜੁੱਟ ਕਰਕੇ ਪਾਰਟੀ ਨੂੰ ਮਜ਼ਬੂਤ ਬਣਾਉਣ 'ਤੇ ਜ਼ੋਰ ਦਿੱਤਾ ਗਿਆ ਹੈ ਤਾਂ ਕਿ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾ ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲਿਆਂਦਾ ਜਾ ਸਕੇ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਭਾਜਪਾ ਪੰਜਾਬ ਵਿਚ ਹੋਰ ਮਜ਼ਬੂਤੀ ਨਾਲ ਉਭਰੇਗੀ ਅਤੇ ਜ਼ਮੀਨੀ ਪੱਧਰ 'ਤੇ ਕੀਤੇ ਜਾ ਰਹੇ ਕੰਮਾਂ ਨਾਲ ਲੋਕਾਂ ਦਾ ਭਰੋਸਾ ਜਿੱਤਿਆ ਜਾਵੇਗਾ |