ਲੁਧਿਆਣਾ, 5 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਘਰ 'ਚੋਂ ਲੱਖਾਂ ਦੀ ਨਕਦੀ ਅਤੇ ਹੋਰ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ 3 ਔਰਤਾਂ ਸਮੇਤ 9 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ, ਜਦਕਿ ਇਨ੍ਹਾਂ ਦੇ ਹੋਰ ਸਾਥੀਆਂ ਦਾ ਵੀ ਪੁਲਿਸ ਵਲੋਂ ਪਤਾ ਲਗਾਇਆ ਜਾ ਰਿਹਾ ਹੈ | ਪੁਲਿਸ ਵਲੋਂ ਇਹ ਕਾਰਵਾਈ ਗਗਨਦੀਪ ਸਿੰਘ ਵਾਸੀ ਮਨਜੀਤ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਸੰਦੀਪ ਕੌਰ, ਸੁਖਦੇਵ ਸਿੰਘ, ਸੁਖਵਿੰਦਰ ਕੌਰ, ਬਲੋਰੀ, ਅਮਨ ਕੌਰ, ਇੰਦਰਜੀਤ ਸਿੰਘ, ਜੋਤ, ਗੁਰਪ੍ਰੀਤ ਸਿੰਘ, ਅਭੀ ਅਤੇ ਉਨ੍ਹਾਂ ਦੇ ਹੋਰ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੀ ਦਾਦੀ ਰਵਿੰਦਰ ਕੌਰ ਅਤੇ ਪਤਨੀ ਕਮਲਜੀਤ ਕੌਰ ਤੋਂ ਇਲਾਵਾ ਉਸ ਦੀ ਛੋਟੀ ਭੈਣ ਹਰਜਸ਼ਨ ਕੌਰ ਘਰ ਵਿਚ ਇਕੱਲੇ ਸਨ ਕਿ ਉਕਤ ਦੋਸ਼ੀਆਂ ਨੇ ਘਰ 'ਤੇ ਹਮਲਾ ਕਰ ਦਿੱਤਾ ਅਤੇ ਇਹਨਾਂ ਤਿੰਨਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਉਸ ਨੇ ਦੱਸਿਆ ਕਿ ਘਰ ਵਿਚ ਪਈ 8 ਲੱਖ ਦੀ ਨਗਦੀ ਅਤੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਇਹ ਕਥਿਤ ਦੋਸ਼ੀ ਚੋਰੀ ਕਰਕੇ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |