ਲੁਧਿਆਣਾ, 16 ਜੂਨ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਗੋਪਾਲ ਨਗਰ ਇਲਾਕੇ ‘ਚ ਉਸ ਵੇਲੇ ਹੜਕੰਪ ਮੱਚ ਗਿਆ, ਜਦੋਂ ਇਕ ਖਾਲੀ ਪਲਾਟ ਵਿਚ ਖੜੀਆਂ ਦੋ ਸਕੂਲੀ ਬੱਸਾਂ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕੁੱਝ ਹੀ ਮਿੰਟਾਂ ਵਿਚ ਦੋਵੇਂ ਬੱਸਾਂ ਬੁਰੀ ਤਰ੍ਹਾਂ ਸੜ ਗਈਆਂ, ਜਿਸ ਕਾਰਨ ਇਲਾਕੇ ਵਿਚ ਅਫਰਾ ਤਫਰੀ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਬੱਸਾਂ ਦੇ ਨੇੜੇ ਬਣੀ ਇਕ ਝੁੱਗੀ ਵਿਚ ਅਚਾਨਕ ਅੱਗ ਭੜਕ ਉਠੀ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਝੁੱਗੀ ਤੋਂ ਨਿਕਲ ਕੇ ਕੋਲ ਖੜ੍ਹੀਆਂ ਬੱਸਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਅੱਗ ਦੀਆਂ ਉੱਚੀਆਂ ਲਪਟਾਂ ਅਤੇ ਧੂੰਏਂ ਦੇ ਗੁਬਾਰ ਦੇਖ ਕੇ ਇਲਾਕਾ ਨਿਵਾਸੀਆਂ ਵਿਚ ਦਹਿਸ਼ਤ ਫੈਲ ਗਈ। ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਸਭ ਤੋਂ ਪਹਿਲਾਂ ਆਪਣੇ ਪੱਧਰ ‘ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਲਗਾਤਾਰ ਫੈਲਦੀ ਦੇਖ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਕਾਫ਼ੀ ਮਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਇਸ ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ, ਪਰ ਦੋਵੇਂ ਬੱਸਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਪੁਲਿਸ ਵਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਪੁਲਿਸ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ।
ਗੋਪਾਲ ਨਗਰ ’ਚ 2 ਸਕੂਲੀ ਬੱਸਾਂ ਨੂੰ ਲੱਗੀ ਅੱਗ
ਅਜੀਤ ਡੈਸਕ
17-06-2026