ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਥ ਦੋਖੀ ਅਤੇ ਪੰਥ ਵਿਰੋਧੀ ਐਲਾਨੇ ਜਾਣ ਤੋਂ ਬਾਅਦ ਅਕਾਲੀ ਆਗੂਆਂ ਨੇ ਪੰਜਾਬ ਦੇ ਰਾਜਪਾਲ ਤੋਂ ਮੁੱਖ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਲਦ ਹੀ ਰਾਜਪਾਲ ਨਾਲ ਮੁਲਾਕਾਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ 105 ਸਿੱਖ ਸੰਸਥਾਵਾਂ ਵਲੋਂ ਮੁੱਖ ਮੰਤਰੀ ਖਿਲਾਫ਼ ਸਖ਼ਤ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੰਗ ਪੱਤਰ ਭੇਜਿਆ ਗਿਆ ਹੈ, ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਸਖ਼ਤ ਅਤੇ ਵੱਡੀ ਕਾਰਵਾਈ ਕੀਤੀ ਜਾਵੇ।ઠਜਥੇਦਾਰ ਗਾਬੜੀਆ ਨੇ ਕਿਹਾ ਕਿ ਉਹ ਪੰਜਾਬ ਦੇ ਰਾਜਪਾਲ ਨੂੰ ਮਿਲਕੇ ਮੰਗ ਕਰਨਗੇ ਕਿ ਅਜਿਹੇ ਪੰਥ ਵਿਰੋਧੀ ਮੁੱਖ ਮੰਤਰੀ ਨੂੰ ਸਤਾ ਤੋਂ ਲਾਂਭੇ ਕਰਨ। ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ, ਗੁਰਦੁਆਰਾ ਪੁਰਾਣੀ ਸਬਜ਼ੀ ਮੰਡੀ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ, ਗੁਰਦੁਆਰਾ ਦੂਖ ਨਿਵਾਰਨ ਤੋਂ ਗੁਰਪ੍ਰੀਤ ਸਿੰਘ ਵਿੰਕਲ, ਗੁਰਦੁਆਰਾ ਸ਼ਹੀਦਾਂ ਫੇਰੂਮਾਨ ਦੇ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਲਾਇਲਪੁਰੀ, ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਦੇ ਪ੍ਰਧਾਨ ਗੁਰਮੀਤ ਸਿੰਘ, ਗੁਰਦੁਆਰਾ ਛੇਵੀਂ ਪਾਤਸ਼ਾਹੀ ਤੋਂ ਤੇਜਿੰਦਰ ਸਿੰਘ ਸੇਠੀ, ਬਲਜੀਤ ਸਿੰਘ ਦੁਖੀਆ, ਗੁਰਦੀਪ ਸਿੰਘ ਲੀਲ, ਮਾਸਟਰ ਜੀਤ ਸਿੰਘ, ਪ੍ਰਹਲਾਦ ਸਿੰਘ ਢੱਲ, ਮੇਜਰ ਸਿੰਘ ਖ਼ਾਲਸਾ, ਜਸਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਿੱਖ ਸੰਸਥਾਵਾਂ ਦੇ ਆਗੂ ਹਾਜ਼ਰ ਸਨ।
ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਵਲੋਂ ਮੁੱਖ ਮੰਤਰੀ ਨੂੰ ਬਰਖਾਸਤ ਕਰਨ ਦੀ ਰਾਜਪਾਲ ਤੋਂ ਕੀਤੀ ਮੰਗ
ਅਜੀਤ ਡੈਸਕ
17-06-2026