ਲੁਧਿਆਣਾ, 27 ਜੁਲਾਈ (ਡਾ. ਤਰਲੋਚਨ ਸਿੰਘ)-ਸੂਬੇ ਦੇ ਲੋਕਾਂ ਨੂੰ ਪਿੰਡ ਪੱਧਰ ’ਤੇ ਮਿਆਰੀ ਅਤੇ ਸੁਲਭ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪਿੰਡ ਸੇਹ, ਢੀਂਡਸਾ, ਤਲਵੰਡੀ ਖ਼ੁਰਦ ਅਤੇ ਚੱਕ ਕਲਾਂ ਵਿਖੇ ਬਣਾਏ ਗਏ ਚਾਰ ਨਵੇਂ ਆਮ ਆਦਮੀ ਪਿੰਡ ਕਲੀਨਿਕ 1 ਅਗਸਤ ਨੂੰ ਸਾਫ਼ਟ ਲਾਂਚ ਲਈ ਪੂਰੀ ਤਰ੍ਹਾਂ ਤਿਆਰ ਹਨ। ਇਨ੍ਹਾਂ ਚਾਰਾਂ ਕਲੀਨਿਕਾਂ ਦਾ ਅੱਜ ਸਫਲਤਾਪੂਰਵਕ ਡਰਾਈ ਰਨ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਹਰਿੰਦਰ ਸੂਦ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ ਲੋੜੀਂਦੇ ਮੈਡੀਕਲ ਉਪਕਰਨ, ਦਵਾਈਆਂ, ਆਈ.ਟੀ. ਬੁਨਿਆਦੀ ਢਾਂਚਾ, ਸਟਾਫ਼ ਅਤੇ ਮਰੀਜ਼ਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਸਾਰੀਆਂ ਵਿਵਸਥਾਵਾਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਕੀਤਾ ਗਿਆ ਸਫਲ ਡਰਾਈ ਰਨ ਇਸ ਗੱਲ ਦਾ ਸਬੂਤ ਹੈ ਕਿ ਇਹ ਕਲੀਨਿਕ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਡਾ. ਸੂਦ ਨੇ ਦੱਸਿਆ ਕਿ ਨਵੇਂ ਆਮ ਆਦਮੀ ਪਿੰਡ ਕਲੀਨਿਕਾਂ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਮੁੱਢਲੀਆਂ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ। ਇਨ੍ਹਾਂ ਕਲੀਨਿਕਾਂ ਵਿਚ ਮੁਫ਼ਤ ਓ.ਪੀ.ਡੀ. ਸਲਾਹ, ਜ਼ਰੂਰੀ ਦਵਾਈਆਂ, ਲੋੜੀਂਦੇ ਜਾਂਚ ਟੈੱਸਟ ਅਤੇ ਰੋਕਥਾਮ ਸੰਬੰਧੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਧੁਨਿਕ, ਕਿਫ਼ਾਇਤੀ ਅਤੇ ਲੋਕ-ਕੇਂਦਰਿਤ ਸਿਹਤ ਸੇਵਾਵਾਂ ਨੂੰ ਹਰ ਪਿੰਡ ਤੱਕ ਪਹੁੰਚਾਉਣ ਲਈ ਦ੍ਰਿੜ੍ਹ ਸੰਕਲਪਿਤ ਹੈ। ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਸਰਕਾਰ ਦੇ ਉਸ ਵਿਜ਼ਨ ਨੂੰ ਦਰਸਾਉਂਦੀ ਹੈ, ਜਿਸ ਤਹਿਤ ਕੋਈ ਵੀ ਨਾਗਰਿਕ ਦੂਰੀ ਜਾਂ ਆਰਥਿਕ ਤੰਗੀ ਕਾਰਨ ਮਿਆਰੀ ਸਿਹਤ ਸੇਵਾਵਾਂ ਤੋਂ ਵਾਂਝਾ ਨਾ ਰਹੇ। ਡਾ. ਸੂਦ ਨੇ ਸਿਹਤ ਵਿਭਾਗ ਦੀਆਂ ਟੀਮਾਂ, ਇੰਜੀਨੀਅਰਾਂ, ਮੈਡੀਕਲ ਅਫ਼ਸਰਾਂ ਅਤੇ ਸਹਾਇਕ ਸਟਾਫ਼ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕਰਦਿਆਂ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਆਮ ਆਦਮੀ ਪਿੰਡ ਕਲੀਨਿਕ ਪਿੰਡਾਂ ਵਿਚ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸਿਹਤਮੰਦ ਪੰਜਾਬ ਦੀ ਸਿਰਜਣਾ ਵਿਚ ਮਹੱਤਵਪੂਰਨ ਯੋਗਦਾਨ ਪਾਉਣਗੇ। ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਆਮ ਆਦਮੀ ਪਿੰਡ ਕਲੀਨਿਕਾਂ ਵਿਚ ਉਪਲਬਧ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਪੰਜਾਬ ਸਰਕਾਰ ਵਲੋਂ ਪਿੰਡ ਪੱਧਰ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਪ੍ਰਾਪਤ ਕਰਨ।