ਲੁਧਿਆਣਾ, 27 ਜੁਲਾਈ (ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਟਿੱਕਾ ਨੇ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ, ਖਾਸ ਕਰਕੇ ਮਹਿਲਾ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਕਰਮਚਾਰੀਆਂ ਤੇ ਬਲ ਦੀ ਵਰਤੋਂ ਲੋਕਤੰਤਰੀ ਮਰਿਆਦਾਵਾਂ ਦੇ ਉਲਟ ਹੈ। ਟਿੱਕਾ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਡੀ.ਐਸ.ਪੀ ਨੂੰ ਤੁਰੰਤ ਮੁਅੱਤਲ ਕਰਕੇ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਕਰਨਾ ਚਾਹੀਦਾ ਹੈ, ਨਾ ਕਿ ਲਾਠੀਚਾਰਜ ਦੇ ਜ਼ੋਰ ਨਾਲ।