ਭਾਮੀਆਂ ਕਲਾਂ, 30 ਜੁਲਾਈ (ਜਤਿੰਦਰ ਭੰਬੀ)-ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਜਿੱਥੇ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ, ਉਥੇ ਹੀ ਦੂਜੀਆਂ ਪਾਰਟੀਆਂ ਦੇ ਆਗੂਆਂ ਵਲੋਂ ਵੀ ਆਪਣੇ ਹਲਕਿਆਂ ਵਿਚ ਮੀਟਿੰਗਾਂ ਦਾ ਦੌਰ ਪੂਰੇ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ। ਜੇਕਰ ਵਿਧਾਨ ਸਭਾ ਹਲਕਾ ਸਾਹਨੇਵਾਲ ਦੀ ਗੱਲ ਕੀਤੀ ਜਾਵੇ ਤਾਂ ਹਲਕੇ ਅੰਦਰ ਜਿੱਥੇ ਸੱਤਾਧਾਰੀ ਪਾਰਟੀ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਵੱਡੇ ਪੱਧਰ ‘ਤੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਉਥੇ ਹੀ ਇਸ ਹਲਕੇ ਵਿਚੋਂ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜ ਕੇ ਮੰਤਰੀ ਬਣਨ ਵਾਲੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਵੀ ਪਿੰਡ-ਪਿੰਡ ਮੀਟਿੰਗਾਂ ਕਰਕੇ ਅਕਾਲੀ ਦਲ ਦੇ ਵਰਕਰਾਂ ਵਿਚ ਨਵੀਂ ਰੂਹ ਫੂਕੀ ਜਾ ਰਹੀ ਹੈ ਅਤੇ ਵਾਰਿਸ ਪੰਜਾਬ ਦੇ ਵਲੋਂ ਵੀ ਅੰਦਰਖਾਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਦੁੱਖ ਸੁੱਖ ਦੇ ਸਮਾਗਮਾਂ ਵਿਚ ਆਪਣੀ ਹਾਜ਼ਰੀ ਭਰੀ ਜਾ ਰਹੀ ਹੈ। ਇਸੇ ਤਰ੍ਹਾਂ ਜੇਕਰ ਕਾਂਗਰਸ ਪਾਰਟੀ ਦੀ ਗੱਲ ਕਰੀਏ ਤਾਂ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਚ ਵੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਾਂਗ ਕਾਂਗਰਸ ਦੋ ਧੜਿਆਂ ਵਿਚ ਵੰਡੀ ਜਾ ਚੁੱਕੀ ਹੈ। ਕਾਂਗਰਸ ਦੇ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਵਲੋਂ ਜਿੱਥੇ ਹਲਕੇ ਅੰਦਰ ਮੀਟਿੰਗਾਂ ਕਰਕੇ ਆਪਣੀ ਟਿਕਟ ਪੱਕੀ ਹੋਣ ਦਾ ਦਾਅਵਾ ਕਰ ਰਹੇ ਹਨ, ਉਥੇ ਹੀ ਕਾਂਗਰਸ ਦੀ ਟਿਕਟ ਨੂੰ ਲੈ ਕੇ ਪਿਛਲੇ ਦਿਨੀਂ ਕੁੱਝ ਕਾਂਗਰਸੀਆਂ ਵਲੋਂ ਸਾਬਕਾ ਕੌਂਸਲਰ ਅਤੇ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਦੇ ਪੈਟਰੋਲ ਪੰਪ ਤੇ ਕਾਂਗਰਸ ਦੇ ਸਾਬਕਾ ਦਿਹਾਤੀ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਇਕ ਨਵੇਂ ਧੜੇ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਉਨ੍ਹਾਂ ਵਲੋਂ ਖੁੱਲ ਕੇ ਇਹ ਗੱਲ ਆਖੀ ਗਈ, ਕਿ ਜੇਕਰ ਕਾਂਗਰਸ ਹਾਈ ਕਮਾਂਡ ਇਹ ਸੀਟ ਜਿੱਤਣਾ ਚਾਹੁੰਦੀ ਹੈ ਤਾਂ ਟਿਕਟ ਪਾਲ ਸਿੰਘ ਗਰੇਵਾਲ, ਐਡਵੋਕੇਟ ਮਨਵੀਰ ਸਿੰਘ ਧਾਲੀਵਾਲ, ਕਾਕਾ ਤਾਜਪੁਰੀ, ਸੁਖਜੀਤ ਸਿੰਘ ਹਰਾ ਆਦਿ ਸਾਡੇ ਕਿਸੇ ਇਕ ਵਿਚੋਂ ਹੀ ਦੇਣੀ ਪਵੇਗੀ ਨਹੀਂ ਤਾਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਾਂਗਰਸ ਪਾਰਟੀ ਨੂੰ ਹਾਰ ਦਾ ਮੂੰਹ ਦੇਖਣਾ ਪਏਗਾ, ਜਦਕਿ ਵਿਕਰਮ ਸਿੰਘ ਬਾਜਵਾ ਇਸ ਹਲਕੇ ਵਿਚੋਂ ਪਹਿਲਾਂ ਦੋ ਵਾਰ ਚੋਣ ਲੜ ਚੁੱਕੇ ਹਨ। ਬਾਜਵਾ ਨੂੰ ਉਨ੍ਹਾਂ ਦੇ ਸਮਰਥਕਾਂ ਵਲੋਂ ਮਜ਼ਬੂਤ ਦਾਅਵੇਦਾਰ ਦੱਸਿਆ ਜਾ ਰਿਹਾ ਹੈ। ਜਦਕਿ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਚੁੱਕੇ ਲੱਕੀ ਸੰਧੂ ਵਲੋਂ ਤਾਂ ਦਾਅਵੇਦਾਰੀ ਜਤਾਈ ਹੀ ਜਾ ਰਹੀ ਹੈ ਅਤੇ ਹੈਪੀ ਗਿੱਲ ਵੀ ਆਪਣੇ ਆਪ ਨੂੰ ਮਜ਼ਬੂਤ ਦਾਅਵੇਦਾਰ ਦੱਸ ਰਿਹਾ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਊਠ ਕਿਸ ਕਰਵੱਟ ਬੈਠਦਾ ਹੈ।