ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਹੈਰੋਇਨ ਅਤੇ ਹਥਿਆਰ ਬਰਾਮਦ
ਅਜੀਤ ਡੈਸਕ
31-07-2026
ਲੁਧਿਆਣਾ, 30 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਭਾਰੀ ਮਾਤਰਾ ਵਿਚ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਬਿੱਟੂ ਕੁਮਾਰ ਵਾਸੀ ਕੈਲਾਸ਼ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 100 ਗ੍ਰਾਮ ਦੀ ਹੈਰੋਇਨ ਅਤੇ ਦੋ ਪਿਸਤੌਲ ਪੰਜ ਰੌਂਦ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਨੂੰ ਕੈਲਾਸ਼ ਨਗਰ ਨੇੜਿਓਂ ਹੀ ਕਾਬੂ ਕੀਤਾ ਗਿਆ ਅਤੇ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੈਰੋਇਨ ਸਪਲਾਈ ਕਰਦਾ ਸੀ। ਪੁਲਿਸ ਵਲੋਂ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਸੂਰਜ ਕੁਮਾਰ ਵਾਸੀ ਰੇਲਵੇ ਕਲੋਨੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਉਸ ਨੂੰ ਮੁੰਡੀਆਂ ਕਲਾਂ ਨੇੜਿਓਂ ਕਾਬੂ ਕੀਤਾ ਹੈ। ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਤੀਜੇ ਮਾਮਲੇ ਵਿਚ ਪੁਲਿਸ ਨੇ ਮਨਦੀਪ ਸਿੰਘ ਵਾਸੀ ਪਿੰਡ ਖਾਸੀ ਕਲਾਂ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਵੀ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਮੁਹੰਮਦ ਤੁਸ਼ਰ ਦਜਾ ਵਾਸੀ ਨੂਰਵਾਲਾ ਰੋਡ ਨੂੰ ਕਾਬੂ ਕਰਕੇ ਉਸਦੇ ਕਬਜੇ ਵਿਚੋਂ ਦੋ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।