ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਨੇ 13 ਸਾਲ 6 ਮਹੀਨੇ ਦੀ ਮਸੂਮ ਬਾਲੜੀ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਦੋ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਫੌਰੀ ਕਾਰਵਾਈ ਕਰਦਿਆਂ ਇਹਨਾਂ ਦੋਵਾਂ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸ਼ਾਮ ਲਾਲ ਵਾਸੀ ਹਰਗੋਬਿੰਦ ਸਿੰਘ ਨਗਰ ਅਤੇ ਉਸ ਦਾ ਸਾਥੀ ਸੂਰਜ ਕੁਮਾਰ ਵਾਸੀ ਹਰਗੋਬਿੰਦ ਸਿੰਘ ਨਗਰ ਸ਼ਾਮਿਲ ਹਨ। ਪੁਲਿਸ ਵਲੋਂ ਇਹ ਕਾਰਵਾਈ ਪੀੜਤ ਮਾਸੂਮ ਬਾਲੜੀ ਦੀ ਮਾਂ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੀ ਲੜਕੀ ਨੇ ਦੱਸਿਆ ਕਿ ਉਸ ਦੇ ਪੇਟ ਵਿਚ ਦਰਦ ਹੋ ਰਿਹਾ ਹੈ, ਜਦੋਂ ਉਸ ਨੇ ਪੇਟ ਨੂੰ ਚੈੱਕ ਕੀਤਾ ਤਾਂ ਲੜਕੀ ਦੇ ਗਰਭਵਤੀ ਹੋਣ ਬਾਰੇ ਪਤਾ ਲੱਗਿਆ, ਜਦੋਂ ਉਸ ਨੇ ਲੜਕੀ ਤੋਂ ਪੁੱਛਿਆ ਤਾਂ ਲੜਕੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਵਲੋਂ ਉਸ ਨਾਲ ਕਈ ਵਾਰ ਜਬਰ ਜਨਾਹ ਕੀਤਾ ਗਿਆ ਅਤੇ ਇਸ ਸਬੰਧੀ ਕਿਸੇ ਨੂੰ ਵੀ ਨਾ ਦੱਸਣ ਬਾਰੇ ਧਮਕੀਆਂ ਵੀ ਦਿੱਤੀਆਂ ਗਈਆਂ। ਕਥਿਤ ਦੋਸ਼ੀ ਪੀੜਤ ਲੜਕੀ ਦੇ ਗੁਆਂਢ ਵਿਚ ਹੀ ਰਹਿੰਦੇ ਹਨ।ਪੁਲਿਸ ਵਲੋਂ ਸ਼ਿਕਾਇਤ ਮਿਲਣ ’ਤੇ ਫੌਰੀ ਕਾਰਵਾਈ ਕਰਦਿਆਂ ਇਹਨਾਂ ਦੋਵਾਂ ਨੂੰ ਕਾਬੂ ਕਰ ਲਿਆ। ਪੁਲਿਸ ਵਲੋਂ ਇਹਨਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਲੜਕੀ ਦੀ ਡਾਕਟਰੀ ਜਾਂਚ ਵੀ ਕਰਵਾਈ ਗਈ ਹੈ ਅਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।