ਲੁਧਿਆਣਾ, 29 ਅਗਸਤ (ਪ. ਪ.)-ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ, ਮਾਡਲ ਟਾਊਨ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਖੇਡਾਂ ਅਤੇ ਦੇਸ਼ ਪ੍ਰਤੀ ਯੋਗਦਾਨ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਵਿਸ਼ੇਸ਼ ਸਭਾ ਦੌਰਾਨ ਖੇਡ ਕਪਤਾਨ ਹਰਮਨਜੋਤ ਸਿੰਘ ਅਤੇ ਖੇਡ ਰਤਨ ਪ੍ਰਭਸ਼ਰਨ ਕੌਰ ਨੇ ਮੇਜਰ ਧਿਆਨ ਚੰਦ ਦੇ ਜੀਵਨ ਅਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਇਸ ਤੋਂ ਇਲਾਵਾ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰੱਸਾਕਸ਼ੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਪੂਰੇ ਜੋਸ਼ ਨਾਲ ਭਾਗ ਲਿਆ। ਸਕੂਲ ਦੇ ਡਾਇਰੈਕਟਰ ਗੁਰਮੰਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਕਾਰਜਕਾਰੀ ਪ੍ਰਿੰਸੀਪਲ ਗੁਰਜੀਤ ਕੌਰ ਨੇ ਖੇਡ ਸਹੁੰ ਚੁਕਵਾਈ। ਸਮਾਗਮ ਉਤਸ਼ਾਹ ਅਤੇ ਅਨੁਸ਼ਾਸਨ ਨਾਲ ਸੰਪੰਨ ਹੋਇਆ।