11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 1 ਤੋਂ ਸ਼ੁਰੂ ਕਰੇਗੀ- ਵਿੱਤ ਮੰਤਰੀ ਚੀਮਾ <br/>

ਅਜੀਤ ਡੈਸਕ 31-01-2026
ਐੱਸ. ਏ. ਐੱਸ. ਨਗਰ, 30 ਜਨਵਰੀ (ਪ੍ਰੋ. ਅਵਤਾਰ ਸਿੰਘ)-ਕਰੀਬ 6 ਸਦੀਆਂ ਪਹਿਲਾਂ ਸ੍ਰੀ ਗੁਰੂ ਰਵਿਦਾਸ ਵਲੋਂ ਦਿੱਤੇ ਗਏ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਸਮਾਨਤਾ ਦੇ ਅਮਰ ਸੰਦੇਸ਼ ਨੂੰ ਅੱਗੇ ਪਹੁੰਚਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ 1 ਫਰਵਰੀ ਤੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਲੜੀ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੁਹਾਲੀ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਜਾਰੀ ਸਮਾਗਮ 'ਚ ਹਾਜ਼ਰੀ ਭਰਨ ਮੌਕੇ ਸਾਂਝੀ ਕੀਤੀ | ਇਸ ਮੌਕੇ ਵਿੱਤ ਮੰਤਰੀ ਚੀਮਾ ਨੇ ਸਥਾਨਕ ਵਿਧਾਇਕ ਕੁਲਵੰਤ ਸਿੰਘ ਸਮੇਤ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਮੁਹਾਲੀ ਤੋਂ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਏ ਗਏ ਨਗਰ ਕੀਰਤਨ 'ਚ ਹਾਜ਼ਰੀ ਭਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਨੂੰ ਲੋਕਾਂ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਇਸ ਉਦੇਸ਼ ਤਹਿਤ ਪੰਜਾਬ ਸਰਕਾਰ ਵਲੋਂ ਡੇਰਾ ਬੱਲਾਂ (ਜ਼ਿਲ੍ਹਾ ਜਲੰਧਰ) ਨੇੜੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਸਥਾਪਿਤ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਇਸ ਕਾਰਜ ਲਈ ਪਿੰਡ ਨੌਗਜ਼ਾ ਅਤੇ ਫ਼ਰੀਦਪੁਰ ਵਿਖੇ 9 ਏਕੜ ਤੋਂ ਵੱਧ ਜ਼ਮੀਨ 10.50 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੀ ਜਾ ਚੁੱਕੀ ਹੈ, ਜੋ ਕਿ ਦੇਸ਼ 'ਚ ਆਪਣੀ ਕਿਸਮ ਦਾ ਪਹਿਲਾ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਇਹ ਅਧਿਐਨ ਕੇਂਦਰ ਖੋਜ, ਬਾਣੀ ਸੁਰੱਖਿਅਣ ਅਤੇ ਪ੍ਰਚਾਰ ਦਾ ਕੇਂਦਰ ਬਣੇਗਾ, ਜਿਥੋਂ ਲੈਕਚਰਾਂ, ਸੈਮੀਨਾਰਾਂ, ਪ੍ਰਕਾਸ਼ਨਾਂ, ਵਿਦਿਅਕ ਕਾਰਜਾਂ ਅਤੇ ਸਮੁਦਾਇਕ ਗਤੀਵਿਧੀਆਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਵਿਚਾਰਧਾਰਾ ਦਾ ਪ੍ਰਸਾਰ ਕੀਤਾ ਜਾਵੇਗਾ | ਵਿੱਤ ਮੰਤਰੀ ਚੀਮਾ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਨ੍ਹਾਂ (ਵਿੱਤ ਮੰਤਰੀ) ਦੀ ਅਗਵਾਈ ਹੇਠ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਕਿ ਸਾਲ ਭਰ ਚੱਲਣ ਵਾਲੇ ਸਮਾਗਮਾਂ ਲਈ ਵਿਸਥਾਰਤ ਕਾਰਜ-ਯੋਜਨਾ ਤਿਆਰ ਕਰੇਗੀ | ਇਸ ਨਗਰ ਕੀਰਤਨ 'ਚ ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਸਮੇਤ ਕਈ ਸਥਾਨਕ 'ਆਪ' ਆਗੂ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਚੰਡੀਗੜ੍ਹ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਅਹਿੰਸਾ ਦਾ ਸੰਦੇਸ਼ ਅੱਜ ਵੀ ਸੰਸਾਰ ਲਈ ਮਾਰਗਦਰਸ਼ਕ– ਰਾਜਪਾਲ ਕਟਾਰੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।