ਲਾਲੜੂ, 12 ਫਰਵਰੀ (ਰਾਜਬੀਰ ਸਿੰਘ)-ਡੇਰਾਬੱਸੀ ਹਲਕੇ ਦੇ ਮੁਸਲਿਮ ਭਾਈਚਾਰੇ ਵਲੋਂ ਜਾਮਾ ਮਸਜਿਦ ਦੱਪਰ ਵਿਖੇ ਇਲਾਕੇ 'ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਲਈ ਧੰਨਵਾਦੀ ਸਮਾਗਮ ਤੇ ਜਨਤਕ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ | ਇਸ ਸਮਾਗਮ 'ਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਦਿਆਂ ਭਾਈਚਾਰੇ ਦੇ ਮੈਂਬਰਾਂ ਤੋਂ ਉਨ੍ਹਾਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਿਲ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਲਕੇ ਦੇ ਹਰ ਵਰਗ ਦੀ ਭਲਾਈ ਅਤੇ ਸਮੂਹਿਕ ਵਿਕਾਸ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਡੇਰਾਬੱਸੀ ਹਲਕੇ 'ਚ ਬੁਨਿਆਦੀ ਢਾਂਚੇ, ਸੜਕਾਂ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਲੋਕ-ਭਲਾਈ ਸਕੀਮਾਂ 'ਤੇ ਤਰਜੀਹੀ ਆਧਾਰ 'ਤੇ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਭਾਈਚਾਰੇ ਵਲੋਂ ਦਿੱਤੇ ਸਹਿਯੋਗ ਅਤੇ ਪਿਆਰ ਲਈ ਧੰਨਵਾਦ ਪ੍ਰਗਟ ਕੀਤਾ | ਇਸ ਪ੍ਰੋਗਰਾਮ ਵਿਚ ਮਲੇਰਕੋਟਲਾ ਦੇ ਵਿਧਾਇਕ ਜਮੀਲ-ਉਰ-ਰਹਿਮਾਨ ਨੇ ਵੀ ਉਚੇਚੇ ਤੌਰ 'ਤੇ ਹਾਜ਼ਰੀ ਭਰਦਿਆਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ 'ਚ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ਤੇ ਸਰਕਾਰ ਹਰ ਵਰਗ ਨੂੰ ਨਾਲ ਲੈ ਕੇ ਤਰੱਕੀ ਦੀ ਰਾਹ 'ਤੇ ਅੱਗੇ ਵਧ ਰਹੀ ਹੈ | ਸਮਾਗਮ ਦੌਰਾਨ ਭਾਈਚਾਰੇ ਦੇ ਆਗੂਆਂ ਅਤੇ ਵਸਨੀਕਾਂ ਵਲੋਂ ਇਲਾਕੇ ਨਾਲ ਸੰਬੰਧਿਤ ਵੱਖ-ਵੱਖ ਮਸਲੇ ਉਠਾਏ ਗਏ, ਜਿਨ੍ਹਾਂ 'ਤੇ ਦੋਵਾਂ ਵਿਧਾਇਕਾਂ ਨੇ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ | ਅੰਤ 'ਚ ਭਾਈਚਾਰੇ ਦੇ ਪ੍ਰਤੀਨਿਧੀਆਂ ਵਲੋਂ ਦੋਵਾਂ ਵਿਧਾਇਕਾਂ ਦਾ ਧੰਨਵਾਦ ਕੀਤਾ ਗਿਆ ਅਤੇ ਇਲਾਕੇ ਦੇ ਵਿਕਾਸ ਲਈ ਲਗਾਤਾਰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ |