ਐੱਸ. ਏ. ਐੱਸ. ਨਗਰ, 13 ਫਰਵਰੀ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਨੇ ਭਾਰਤੀਆ ਨਾਗਰਿਕ ਸੁਰੱਖਿਆ ਸੰਹਿਤਾ-2023 (46 ਆਫ਼ 2023) ਦੇ ਚੈਪਟਰ 11 ਅਧੀਨ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ 1 ਹਜ਼ਾਰ ਮੀਟਰ ਦੇ ਏਰੀਏ 'ਚ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਸੁੱਟਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰ ਸਕੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹ੍ਰਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਏਅਰ ਫੋਰਸ ਸਟੇਸ਼ਨ ਦੇ ਆਲੇ-ਦੁਆਲੇ ਆਮ ਜਨਤਾ ਵਲੋਂ ਖਾਣ-ਪੀਣ ਦੇ ਸਾਮਾਨ ਦੀਆਂ ਦੁਕਾਨਾਂ ਖੋਲ੍ਹੀਆਂ ਗਈਆਂ ਹਨ ਅਤੇ ਉਨ੍ਹਾਂ ਵਲੋਂ ਇਨ੍ਹਾਂ ਵਸਤਾਂ ਦੀ ਰਹਿੰਦ-ਖੂੰਹਦ ਖੁੱਲ੍ਹੇ ਵਿਚ ਹੀ ਸੁੱਟ ਦਿੱਤੀ ਜਾਂਦੀ ਹੈ, ਜਿਸ ਕਰਕੇ ਏਅਰ ਫੋਰਸ ਦੇ ਏਰੀਏ 'ਚ ਮਾਸਾਹਾਰੀ ਪੰਛੀ ਉੱਡਦੇ ਰਹਿੰਦੇ ਹਨ, ਜਿਨ੍ਹਾਂ ਦੇ ਕਿਸੇ ਵੀ ਸਮੇਂ ਹਵਾਈ ਜਹਾਜ਼ ਨਾਲ ਟਕਰਾਉਣ ਕਰਕੇ ਹਾਦਸਾ ਵਾਪਰ ਸਕਦਾ ਹੈ ਅਤੇ ਇਸ ਨਾਲ ਰਾਸ਼ਟਰੀ ਸੁਰੱਖਿਆ ਨੂੰ ਵੀ ਖ਼ਤਰਾ ਪੈਦਾ ਹੋ ਸਕਦਾ ਹੈ | ਇਸ ਤੋਂ ਇਲਾਵਾ ਸੈਨਾ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ 'ਚ ਵੀ ਵਿਘਨ ਪੈਦਾ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਇਸ ਸਥਿਤੀ ਦੇ ਮੱਦੇਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ, ਜੋ ਕਿ ਆਗਾਮੀ 10 ਅਪ੍ਰੈਲ ਤੱਕ ਲਾਗੂ ਰਹਿਣਗੇ |