ਕੁਰਾਲੀ, 14 ਫਰਵਰੀ (ਬਿੱਲਾ ਅਕਾਲਗੜ੍ਹੀਆ)-ਜੇਕਰ ਕਾਂਗਰਸ ਪਾਰਟੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਦੀ ਹੈ ਤਾਂ ਇਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਲੋਕਾਂ 'ਚ ਪਾਰਟੀ ਪ੍ਰਤੀ ਭਰੋਸਾ ਵਧੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਗੁੱਡੂ ਸਲੇਮਪੁਰ ਨੇ ਕਿਹਾ ਕਿ ਚੰਨੀ ਨੇ ਆਪਣੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਆਮ ਲੋਕਾਂ ਦੇ ਹਿੱਤਾਂ ਲਈ ਕਈ ਅਹਿਮ ਫ਼ੈਸਲੇ ਲਏ ਸਨ | ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ਸਾਦਗੀ ਅਤੇ ਲੋਕਾਂ ਨਾਲ ਜੁੜੇ ਹੋਏ ਨੇਤਾ ਵਜੋਂ ਜਾਣੇ ਜਾਂਦੇ ਹਨ, ਜਿਸ ਕਰਕੇ ਪੰਜਾਬ ਦੇ ਵੱਖ-ਵੱਖ ਵਰਗਾਂ ਵਿਚ ਉਨ੍ਹਾਂ ਦੀ ਚੰਗੀ ਪਛਾਣ ਹੈ | ਉਨ੍ਹਾਂ ਕਿਹਾ ਕਿ ਚੰਨੀ ਨੂੰ ਮੁੜ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਨਾਲ ਕਾਂਗਰਸ ਨੂੰ ਜ਼ਮੀਨੀ ਪੱਧਰ 'ਤੇ ਵੱਡਾ ਫਾਇਦਾ ਹੋ ਸਕਦਾ ਹੈ | ਗੁੱਡੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦਿੰਦੀ ਆ ਰਹੀ ਹੈ ਅਤੇ ਭਵਿੱਖ 'ਚ ਵੀ ਪੰਜਾਬ ਦੇ ਵਿਕਾਸ ਤੇ ਲੋਕ ਭਲਾਈ ਲਈ ਕੰਮ ਕਰਦੀ ਰਹੇਗੀ | ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਬੇਹੱਦ ਮਹੱਤਵਪੂਰਨ ਅਤੇ ਵਿਕਾਸਸ਼ੀਲ ਫ਼ੈਸਲੇ ਲਏ ਗਏ ਸਨ, ਜਿਸ ਕਰਕੇ ਪੰਜਾਬ ਦੇ ਕਿਸਾਨ, ਵਪਾਰੀ, ਦਲਿਤ ਤੇ ਮਜ਼ਦੂਰ ਭਾਵੇਂ ਕੋਈ ਵੀ ਭਾਈਚਾਰਾ ਹੋਵੇ, ਉਨ੍ਹਾਂ ਫ਼ੈਸਲਿਆਂ ਤੋਂ ਬੇਹੱਦ ਖੁਸ਼ ਹੋਇਆ ਸੀ ਅਤੇ ਉਹ ਅੱਜ ਵੀ ਇਨ੍ਹਾਂ ਫ਼ੈਸਲਿਆਂ ਨੂੰ ਯਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਬਿਨਾਂ ਦੇਰੀ ਤੋਂ 2027 ਵਿਧਾਨ ਸਭਾ ਚੋਣਾਂ ਲਈ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦੇਣਾ ਚਾਹੀਦਾ ਹੈ |