ਐੱਸ. ਏ. ਐੱਸ. ਨਗਰ, 27 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਾਂਝੀ ਤਾਲਮੇਲ ਕਮੇਟੀ ਸਰਕਲ ਮੁਹਾਲੀ ਵਲੋਂ ਗਿ੍ਫ਼ਤਾਰ ਕਰਕੇ ਜੇਲ੍ਹਾਂ ਵਿਚ ਡੱਕੇ ਗਏ ਮੁਲਾਜ਼ਮ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਪਾਵਰਕਾਮ ਸਰਕਲ ਮੁਹਾਲੀ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਪਾਵਰਕਾਮ ਦੀਆਂ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਗੁਰਬਖ਼ਸ਼ ਸਿੰਘ, ਲੱਖਾ ਸਿੰਘ, ਗੁਰਮੀਤ ਸਿੰਘ, ਜਸਪਾਲ ਸਿੰਘ, ਮੋਹਨ ਸਿੰਘ ਗਿੱਲ, ਸੁਰਿੰਦਰ ਪਾਲ ਲਹੌਰੀਆ, ਹਰਪ੍ਰੀਤ ਸਿੰਘ, ਰਣਜੀਤ ਸਿੰਘ, ਤੁਸ਼ਾਰ, ਨਿਰਮਲ ਸਿੰਘ, ਹਰਵਿੰਦਰ ਸਿੰਘ ਗਿੱਲ, ਅ੍ਰੰਮਿਤਪਾਲ ਸਿੰਘ, ਰਣਜੀਤ ਸਿੰਘ ਢਿੱਲੋਂ, ਹਰਵਿੰਦਰ ਗਿੱਲ, ਜਤਿੰਦਰ ਸਿੰਘ ਤੇ ਬਲਵਿੰਦਰ ਕੁਮਾਰ ਆਦਿ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੀ ਬੰਦ ਪਈ ਖੰਡ ਮਿੱਲ ਦੀ ਤਕਰੀਬਨ 100 ਏਕੜ ਜ਼ਮੀਨ ਵੇਚਣ ਅਤੇ ਪਿੰਡ ਜਿਓਾਦ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਮੁਲਾਜ਼ਮ ਆਗੂਆਂ ਤੇ ਕਿਸਾਨਾਂ 'ਤੇ ਪੰਜਾਬ ਸਰਕਾਰ ਵਲੋਂ ਪੁਲਿਸ ਰਾਹੀਂ ਤਸ਼ੱਦਦ ਕਰਵਾਉਣ ਅਤੇ ਮੁਲਾਜ਼ਮ ਆਗੂ ਗੁਰਪ੍ਰੀਤ ਸਿੰਘ ਗੰਢੀਵਿੰਡ ਸਮੇਤ ਹੋਰਨਾਂ ਆਗੂਆਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹਾਂ ਵਿਚ ਡੱਕਣ ਦੀ ਸਖ਼ਤ 'ਚ ਨਿਖੇਧੀ ਕਰਦਿਆਂ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ | ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਐੱਸ. ਐੱਸ. ਪੀ. ਬਠਿੰਡਾ ਵਲੋਂ ਪਿੰਡ ਜਿਓਾਦ ਵਿਖੇ ਅਣਮਨੁੱਖੀ ਤਸ਼ੱਦਦ ਕਰਨ ਤੇ ਲੋਕਾਂ ਦੀਆਂ ਲੱਤਾਂ-ਬਾਂਹਾਂ ਤੋੜਨ ਵਰਗੇ ਘਿਨਾਉਣੇ ਐਕਸ਼ਨ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ਼ ਕੀਤੀ ਜਾਵੇ | ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਨੂੰ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਜਲਦ ਤੋਂ ਜਲਦ ਮੁਲਾਜ਼ਮ/ਕਿਸਾਨ ਆਗੂਆਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਦੇ ਸਾਂਝੇ ਧੜੇ ਐੱਸ. ਕੇ. ਐੱਮ. ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ |