ਐੱਸ. ਏ. ਐੱਸ. ਨਗਰ, 28 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਮੀ ਦਾ ਦਿਹਾੜਾ ਮਨਾਇਆ ਗਿਆ | ਇਸ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਅਮਰੀਕ ਸਿੰਘ ਅੰਮਿ੍ਤਸਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਮਾਤਾ ਸਾਹਿਬ ਕੌਰ ਜੀ ਦਾ ਜੀਵਨ ਬਿ੍ਤਾਂਤ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਉਨ੍ਹਾਂ ਨੂੰ ਖ਼ਾਲਸਾ ਪੰਥ ਦੀ ਮਾਤਾ ਦਾ ਖ਼ਿਤਾਬ ਦੇਣ ਦਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ 'ਚ ਵਿਸਥਾਰ ਸਹਿਤ ਸਰਵਣ ਕਰਵਾਇਆ | ਇਸ ਤੋਂ ਬਾਅਦ ਭਾਈ ਗੁਰਮੀਤ ਸਿੰਘ ਸ਼ਾਂਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦਕਿ ਸ਼੍ਰੋਮਣੀ ਪ੍ਰਚਾਰਕ ਭਾਈ ਪ੍ਰਦੀਪ ਸਿੰਘ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮਿ੍ਤ ਦੀ ਮਹੱਤਤਾ ਤੋਂ ਜਾਣੂ ਕਰਵਾਉਂਦੇ ਹੋਏ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ | ਇਸੇ ਦੌਰਾਨ ਭਾਈ ਅਜਮੇਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਬਲਜਿੰਦਰ ਸਿੰਘ ਸ੍ਰੀ ਫ਼ਤਹਿਗੜ੍ਹ ਸਾਹਿਬ ਵਾਲਿਆਂ, ਭਾਈ ਗੁਰਨਾਮ ਸਿੰਘ ਜਵੱਦੀ ਟਕਸਾਲ ਵਾਲਿਆਂ, ਭਾਈ ਹਰਪ੍ਰੀਤ ਸਿੰਘ ਦਮਦਮੀ ਟਕਸਾਲ ਵਾਲਿਆਂ, ਭਾਈ ਸ਼ਮਸ਼ੇਰ ਸਿੰਘ ਜਵੱਦੀ ਟਕਸਾਲ ਵਾਲਿਆਂ ਅਤੇ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ |