ਜ਼ੀਰਕਪੁਰ, 28 ਅਪ੍ਰੈਲ (ਹੈਪੀ ਪੰਡਵਾਲਾ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਰਾਜਨੀਤਿਕ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਹਲਕੇ 'ਚ ਰੋਜ਼ਾਨਾ ਵੱਖ-ਵੱਖ ਪਾਰਟੀਆਂ ਦੇ ਆਗੂ ਆਪਣੇ ਧੜਿ੍ਹਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ 'ਚ ਸ਼ਾਮਿਲ ਹੋ ਰਹੇ ਹਨ | ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਡੇਰਾਬੱਸੀ ਹਲਕੇ ਦੇ ਆਗੂ ਤੇ ਸੂਬਾ ਸਕੱਤਰ ਸੰਜੀਵ ਖੰਨਾ, ਸਾਬਕਾ ਚੇਅਰਮੈਨ ਪੰਜਾਬ ਇਨਫੋਟੈੱਕ ਐੱਸ. ਐੱਮ. ਐੱਸ. ਸੰਧੂ ਤੇ ਨਗਰ ਕੌਂਸਲ ਡੇਰਾਬੱਸੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਰੈਡੀ ਵਲੋਂ ਜ਼ੀਰਕਪੁਰ ਖੇਤਰ 'ਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਹਲਕੇ ਦੇ ਪ੍ਰਭਾਵਸ਼ਾਲੀ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ | ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੰਦਿਆਂ ਪੀਰਮੁਛੱਲਾ ਖੇਤਰ ਦੇ ਵਾਰਡ ਨੰ. 10 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰ ਜਗਦੇਵ ਸਿੰਘ ਵੀ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋ ਗਏ | ਜਗਦੇਵ ਸਿੰਘ ਦੋ ਵਾਰ ਕੌਂਸਲਰ ਰਹਿ ਚੁੱਕੇ ਹਨ ਅਤੇ ਆਪਣੇ ਖੇਤਰ 'ਚ ਮਜ਼ਬੂਤ ਪਕੜ ਰੱਖਦੇ ਹਨ | ਉਨ੍ਹਾਂ ਦੇ ਭਾਜਪਾ 'ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਸਥਾਨਕ ਪੱਧਰ 'ਤੇ ਵੱਡਾ ਹੁਲਾਰਾ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ | ਇਸ ਮੌਕੇ ਪਾਰਟੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰਨਾਂ ਭਾਜਪਾ ਆਗੂਆਂ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦੇਵੇਗੀ | ਇਸ ਮੌਕੇ ਐੱਸ. ਐੱਮ. ਐੱਸ. ਸੰਧੂ ਤੇ ਸੰਜੀਵ ਖੰਨਾ ਨੇ ਦੱਸਿਆ ਕਿ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਪਾਰਟੀ ਵਲੋਂ ਸੂਬੇ 'ਚ ਆਪਣਾ ਆਧਾਰ ਮਜ਼ਬੂਤ ਕਰਨ ਲਈ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ | ਇਸ ਮੌਕੇ ਸੁਧੀਰ ਕਾਂਤੀਵਾਲ ਤੇ ਹਰਦੀਪ ਸਿੰਘ ਗਾਜ਼ੀਪੁਰ ਆਦਿ ਵੀ ਹਾਜ਼ਰ ਸਨ |