ਚੰਡੀਗੜ੍ਹ, 29 ਅਪ੍ਰੈਲ (ਅਜੀਤ ਬਿਊਰੋ)- ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਮਨਜੋਤ ਸਿੰਘ (35) ਦੇ ਬੇਵਕਤੀ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸੌਂਦ ਨੇ ਕਿਹਾ ਕਿ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਪਿਛਲੇ ਲੰਬੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਦੀ ਸੇਵਾ ਕਰ ਰਹੇ ਹਨ ਅਤੇ ਲੋਕਾਂ ਨੂੰ ਆਪਣੇ ਸਿੱਖਿਆਤਮਕ ਗੀਤਾਂ ਜ਼ਰੀਏ ਸਮਾਜਕ ਕੁਰੀਤੀਆਂ ਬਾਰੇ ਸੁਚੇਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਬੇਵਕਤੀ ਤੁਰ ਜਾਣ ਨਾਲ ਪਰਿਵਾਰ ਨੂੰ ਨਿੱਜੀ ਘਾਟਾ ਪਿਆ ਹੈ ਜੋ ਕਦੀ ਵੀ ਪੂਰਾ ਨਹੀਂ ਹੋਣਾ | ਕੈਬਨਿਟ ਮੰਤਰੀ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ, ਮਿੱਤਰ ਅਤੇ ਸਨੇਹੀਆਂ ਨੂੰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ |