ਐੱਸ. ਏ. ਐੱਸ. ਨਗਰ, 30 ਅਪ੍ਰੈਲ (ਪ੍ਰੋ. ਅਵਤਾਰ ਸਿੰਘ)- ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਅਮਰੀਕ ਸਿੰਘ ਦੇ ਪੰਥਕ ਢਾਡੀ ਜਥੇ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੀਵਨ ਬਿ੍ਤਾਂਤ, 12 ਸਾਲ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਸੇਵਾ ਕਰਨ ਅਤੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ 84 ਪੌੜੀਆਂ ਵਾਲੀ ਬਾਉਲੀ ਬਣਾਉਣ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ 'ਚ ਵਿਸਥਾਰ ਸਹਿਤ ਸਰਵਣ ਕਰਵਾਇਆ | ਇਸ ਤੋਂ ਬਾਅਦ ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਦੌਰਾਨ ਸ੍ਰੀ ਗੁਰੂ ਅਮਰਦਾਸ ਜੀ ਦੁਆਰਾ ਉਚਾਰਨ ਧੁਰ ਕੀ ਬਾਣੀ ਦੇ 17 ਰਾਗਾਂ 'ਚ 907 ਸ਼ਬਦ ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਦਰਜ ਹਨ, ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ, ਜਦਕਿ ਭਾਈ ਜਤਿੰਦਰ ਸਿਘ ਦਮਦਮੀ ਟਕਸਾਲ ਵਾਲਿਆਂ ਨੇ ਗੁਰੂ ਸਾਹਿਬ ਵਲੋਂ ਹਿੰਦੂ ਧਰਮ 'ਚ ਪ੍ਰਚੱਲਿਤ ਸਤੀ ਪ੍ਰਥਾ ਨੂੰ ਬੰਦ ਕਰਵਾਉਣ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ | ਇਸੇ ਦੌਰਾਨ ਭਾਈ ਅਮਰਜੀਤ ਸਿੰਘ ਖ਼ਾਲਸਾ, ਭਾਈ ਤੇਜਿੰਦਰ ਸਿੰਘ, ਬੀਬੀ ਸੁਖਮਨ ਕੌਰ, ਭਾਈ ਮੱਸਾ ਸਿੰਘ, ਬੀਬੀ ਗੁਰਲੀਨ ਕੌਰ, ਭਾਈ ਗੁਰਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਗੜਾਣੇ ਵਾਲਿਆਂ ਦੇ ਕਵੀਸ਼ਰੀ ਜਥੇ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥੇ ਤੇ ਭਾਈ ਕੁਲਤਾਰ ਸਿੰਘ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਸੁਖਵਿੰਦਰ ਸਿੰਘ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ |