13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਪੇਪਰ ਲੀਕ ਘੁਟਾਲਿਆਂ ਨੇ ਦੇਸ਼ ਦੇ ਨੌਜਵਾਨਾਂ ਦਾ ਭਵਿੱਖ ਕੀਤਾ ਬਰਬਾਦ, ਸਿੱਖਿਆ ਮੰਤਰੀ ਦੇਵੇ ਅਸਤੀਫ਼ਾ-ਰੰਧਾਵਾ

ਅਜੀਤ ਡੈਸਕ 18-05-2026
ਚੰਡੀਗੜ੍ਹ, 17 ਮਈ (ਵਿਕਰਮਜੀਤ ਸਿੰਘ ਮਾਨ)- ਸੀਨੀਅਰ ਕਾਂਗਰਸ ਨੇਤਾ ਅਤੇ ਲੋਕ ਸਭਾ ਮੈਂਬਰ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੇਸ਼ ਭਰ ਵਿਚ ਸਾਹਮਣੇ ਆ ਰਹੇ ਪੇਪਰ ਲੀਕ ਮਾਮਲਿਆਂ 'ਤੇ ਕੇਂਦਰ ਸਰਕਾਰ ਅਤੇ ਭਾਜਪਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਿਰਫ਼ ਇਕ ਪ੍ਰਸ਼ਾਸਨਿਕ ਅਸਫਲਤਾ ਨਹੀਂ ਹੈ ਸਗੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨਾਲ ਸ਼ਰੇਆਮ ਛੇੜਛਾੜ ਹੈ | ਪੇਪਰ ਲੀਕ ਘੁਟਾਲਿਆਂ ਨੇ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰ ਦਿੱਤਾ ਹੈ | ਉਨ੍ਹਾਂ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੇ ਨੌਜਵਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਨੂੰ ਬਰਦਾਸ਼ਤ ਨਹੀਂ ਕਰੇਗੀ | ਕੇਂਦਰੀ ਸਿੱਖਿਆ ਮੰਤਰੀ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ | ਉਨ੍ਹਾਂ ਮੰਗ ਕੀਤੀ ਕਿ ਸਾਰੇ ਪੇਪਰ ਲੀਕ ਮਾਮਲਿਆਂ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਨਿਰਪੱਖਤਾ ਨਾਲ ਕੀਤੀ ਜਾਵੇ | ਦੋਸ਼ੀ ਅਧਿਕਾਰੀਆਂ, ਦਲਾਲਾਂ ਅਤੇ ਸੰਗਠਿਤ ਪੇਪਰ ਮਾਫ਼ੀਆ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਲੱਖਾਂ ਪ੍ਰਭਾਵਿਤ ਉਮੀਦਵਾਰਾਂ ਨੂੰ ਵਿੱਤੀ ਅਤੇ ਮਾਨਸਿਕ ਸਹਾਇਤਾ ਪ੍ਰਦਾਨ ਕਰਨ ਦੇ ਨਾਲ-ਨਾਲ, ਭਰਤੀ ਪ੍ਰੀਖਿਆਵਾਂ ਲਈ ਇਕ ਪਾਰਦਰਸ਼ੀ ਅਤੇ ਸੁਰੱਖਿਅਤ ਡਿਜੀਟਲ ਪ੍ਰਣਾਲੀ ਲਾਗੂ ਕੀਤੀ ਜਾਣੀ ਚਾਹੀਦੀ ਹੈ | ਰੰਧਾਵਾ ਨੇ ਖ਼ੁਲਾਸਾ ਕਰਦਿਆਂ ਕਿਹਾ ਕਿ ਧਰਮਿੰਦਰ ਪ੍ਰਧਾਨ ਦੇ ਸਿੱਖਿਆ ਮੰਤਰੀ ਬਣਨ ਤੋਂ ਬਾਅਦ, ਦੇਸ਼ ਭਰ ਵਿਚ ਅੰਦਾਜ਼ਨ 70 ਤੋਂ 80 ਪੇਪਰ ਲੀਕ ਹੋਣ ਦੀਆਂ ਰਿਪੋਰਟਾਂ ਆਈਆਂ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਪੇਪਰ ਲੀਕ ਮਾਮਲਿਆਂ ਵਿਚ ਜਿਨ੍ਹਾਂ ਅਧਿਕਾਰੀਆਂ ਅਤੇ ਵਿਅਕਤੀਆਂ ਦੀ ਭੂਮਿਕਾ ਦਾ ਪਰਦਾਫਾਸ਼ ਹੋਇਆ ਸੀ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਬਜਾਏ, ਉਨ੍ਹਾਂ ਨੂੰ ਸੁਰੱਖਿਅਤ ਰੱਖਿਆ ਗਿਆ ਅਤੇ ਕਈ ਮਾਮਲਿਆਂ ਵਿਚ ਤਰੱਕੀ ਵੀ ਦਿੱਤੀ ਗਈ | ਇਹ ਦਰਸਾਉਂਦਾ ਹੈ ਕਿ ਭਿ੍ਸ਼ਟਾਚਾਰ ਅਤੇ ਪੇਪਰ ਮਾਫੀਆ ਨੂੰ ਰਾਜਨੀਤਿਕ ਸਰਪ੍ਰਸਤੀ ਪ੍ਰਾਪਤ ਹੈ |
ਪਿਛਲੀ ਖ਼ਬਰ ਥੀਏਟਰ (ਰੰਗ-ਮੰਚ) ਦਾ ਹਿੱਸਾ ਬਣਨ 'ਤੇ ਵਧੇਰੇ ਆਤਮ ਵਿਸ਼ਵਾਸ ਪੈਦਾ ਹੋਇਐ-ਬਲਜੀਤ ਰਾਣੋ <br/> ਅਗਲੀ ਖ਼ਬਰ 'ਸਾਇਲੈਂਟ ਕਿਲਰ'-ਹਾਈਪਰਟੈਨਸ਼ਨ ਵਿਰੁੱਧ ਪੰਜਾਬ ਦੀ ਲੜਾਈ ਹੋਈ ਹੋਰ ਮਜ਼ਬੂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।