ਐੱਸ. ਏ. ਐੱਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)- 'ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ' ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜ਼ਿਲ੍ਹੇ ਭਰ ਵਿਚ ਵੱਖ-ਵੱਖ ਉੱਚ ਜ਼ੋਖ਼ਮ ਵਾਲੀਆਂ ਥਾਵਾਂ ਅਤੇ ਹੋਰਨਾਂ ਖੇਤਰਾਂ 'ਚ ਕੰਟੇਨਰ ਸਰਵੇ ਕੀਤਾ ਗਿਆ ਤੇ ਲੋਕਾਂ ਨੂੰ ਡੇਂਗੂ ਜਿਹੇ ਮਾਰੂ ਬੁਖ਼ਾਰ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਵਾਸਤੇ ਪ੍ਰੇਰਿਤ ਕੀਤਾ ਗਿਆ | ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਚੱਲੀ ਜ਼ਿਲ੍ਹਾ ਪੱਧਰੀ ਮੁਹਿੰਮ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਿਸੇ ਵੀ ਜਗ੍ਹਾ ਪਾਣੀ ਇਕੱਠਾ ਨਾ ਹੋਣ ਦੇਣ ਤਾਂ ਕਿ ਜਾਨਲੇਵਾ ਮੱਛਰ ਪੈਦਾ ਨਾ ਹੋ ਸਕੇ | ਡਾ. ਜੈਨ ਨੇ ਮੁਹਾਲੀ ਨੇੜਲੇ ਪਿੰਡ ਬੜਮਾਜਰਾ ਵਿਖੇ ਕਈ ਘਰਾਂ ਵਿਚ ਜਾ ਕੇ ਕੂਲਰ ਅਤੇ ਹੋਰ ਕੰਟੇਨਰ ਚੈੱਕ ਕੀਤੇ | ਉਨ੍ਹਾਂ ਪੇਂਡੂ ਸਿਹਤ ਤੇ ਸਫ਼ਾਈ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਵੀ ਕੀਤੀ ਅਤੇ ਡੇਂਗੂ ਰੋਕਥਾਮ ਮੁਹਿੰਮ ਵਿਚ ਉਨ੍ਹਾਂ ਤੋਂ ਸਹਿਯੋਗ ਮੰਗਿਆ | ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਮੌਕੇ 'ਤੇ ਮੌਜੂਦ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਅਤੇ ਹੋਰਨਾਂ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪ ਲਾਈਨ ਨੰਬਰ 104 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਵੀ ਹਾਜ਼ਰ ਸਨ |