ਐੱਸ. ਏ. ਐੱਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਆਗੂਆਂ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਗੁਰਮੀਤ ਸਿੰਘ ਭੂੰਦੜ ਤੇ ਜਗਮੋਹਨ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਕੇਂਦਰ ਸਰਕਾਰ ਤੋਂ ਪੂਰੇ ਫ਼ੰਡ ਮਿਲਣ ਦੇ ਬਾਵਜੂਦ ਸਿੱਖਿਆ ਵਿਭਾਗ ਦੇ 1007 ਦਫ਼ਤਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ 'ਤੇ 31000-31000 ਦਾ ਕੱਟ ਲਗਾਇਆ ਗਿਆ ਅਤੇ ਹੁਣ ਮਾਰਚ 2026 ਤੋਂ ਕਰਮਚਾਰੀਆਂ ਦੀਆ ਤਨਖ਼ਾਹਾਂ ਵੀ ਰੋਕ ਦਿੱਤੀਆਂ ਗਈਆ ਹਨ, ਜਿਸ ਕਰਕੇ ਮੁਲਾਜ਼ਮ ਵਿੱਤੀ ਸੰਕਟ 'ਚੋਂ ਗੁਜ਼ਰਨ ਲਈ ਮਜਬੂਰ ਹੋ ਰਹੇ ਹਨ, ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਬੱਚਿਆ ਦੇ ਪੇਪਰ ਅਤੇ ਸਕੂਲਾਂ ਵਿਚ ਦਾਖ਼ਲੇ, ਬੱਚਿਆ ਲਈ ਕਿਤਾਬਾਂ, ਵਰਦੀਆਂ ਆਦਿ ਲੈਣੇ ਹੁੰਦੇ ਹਨ | ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪੰਜਾਬ ਭਵਨ ਅਤੇ ਸਿਵਲ ਸਕੱਤਰੇਤ ਵਿਖੇ ਹੋਈਆਂ ਮੀਟਿੰਗਾਂ ਦੌਰਾਨ ਉਨ੍ਹਾਂ ਵਲੋਂ ਮੁੜ ਭਰੋਸਾ ਦਿੱਤਾ ਗਿਆ ਸੀ ਕਿ ਤਨਖ਼ਾਹ ਕਟੌਤੀ ਨੂੰ ਰੋਕ ਕੇ ਮਸਲੇ ਦਾ ਹੱਲ ਕੀਤਾ ਜਾਵੇਗਾ, ਪ੍ਰੰਤੂ ਮਸਲੇ ਜਿਉਂ ਦੀ ਤਿਉਂ ਬਰਕਰਾਰ ਹਨ | ਆਗੂਆਂ ਨੇ ਕਿਹਾ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਦਿੱਤੀਆਂ ਹਦਾਇਤਾਂ ਦੇ ਉਲਟ ਜਾ ਕੇ ਸਰਕਾਰ ਦੀ ਅਫ਼ਸਰਸ਼ਾਹੀ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ 'ਤੇ ਤੁਲੀ ਹੋਈ ਹੈ | ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਹਰ ਵਾਰ ਭਰੋਸਾ ਤਾਂ ਦੇ ਦਿੰਦੇ ਹਨ, ਪਰ ਲੱਗਦਾ ਹੈ ਕਿ ਸੂਬੇ ਦੀ ਅਫ਼ਸਰਸ਼ਾਹੀ ਵਿੱਤ ਮੰਤਰੀ ਦੀ ਵੀ ਨਹੀਂ ਮੰਨ ਰਹੀ | ਆਗੂਆਂ ਨੇ ਕਿਹਾ ਕਿ ਤਨਖ਼ਾਹ ਕਟੌਤੀ ਨਾਲ ਕਰਮਚਾਰੀ ਆਪਣੇ ਬੱਚਿਆ ਦਾ ਪਾਲਣ ਪੋਸ਼ਣ ਨਹੀਂ ਕਰ ਸਕਣਗੇ ਇਸ ਲਈ ਉਨ੍ਹਾਂ ਨੇ ਫ਼ੈਸਲਾ ਕੀਤਾ ਹੈ ਕਿ ਮੁਲਾਜ਼ਮ 23 ਮਈ ਨੂੰ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਦਿੜ੍ਹਬਾ ਵਿਖੇ ਛੱਡ ਕੇ ਆਉਣਗੇ |