ਡੇਰਾਬੱਸੀ, 17 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਬਰਵਾਲਾ ਰੋਡ 'ਤੇ ਪਿੰਡ ਕੂੜਾਂਵਾਲਾ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ ਇਕ 55 ਸਾਲਾ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਪਛਾਣ ਕਮਲਜੀਤ ਸਿੰਘ ਵਾਸੀ ਪਿੰਡ ਬੱਸੀ ਈਸੇ ਖਾਂ ਬਨੂੰੜ ਜ਼ਿਲ੍ਹਾ ਮੁਹਾਲੀ ਦੇ ਤੌਰ 'ਤੇ ਹੋਈ ਹੈ | ਇਸ ਹਾਦਸੇ ਤੋਂ ਬਾਅਦ ਅਣਪਛਾਤਾ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਮਿ੍ਤਕ ਦੇ ਪੁੱਤਰ ਗੁਰਜੀਤ ਸਿੰਘ ਵਾਸੀ ਵਾਰਡ ਨੰ. 2 ਪਿੰਡ ਬੱਸੀ ਈਸੇ ਖਾਂ ਬਨੂੰੜ ਜ਼ਿਲ੍ਹਾ ਮੁਹਾਲੀ ਨੇ ਦੱਸਿਆ ਕਿ ਉਸ ਦੇ ਪਿਤਾ ਬਰਵਾਲਾ ਰੋਡ 'ਤੇ ਇਕ ਫੈਕਟਰੀ 'ਚ ਫੋਰਮੈਨ ਦੀ ਨੌਕਰੀ ਕਰਦੇ ਸਨ | ਸ਼ੁੱਕਰਵਾਰ ਨੂੰ ਸ਼ਾਮ ਕਰੀਬ 7:45 ਵਜੇ ਉਸਦੇ ਪਿਤਾ ਕਮਲਜੀਤ ਸਿੰਘ (55) ਆਪਣੇ ਪਲੈਟੀਨਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਰਵਾਲਾ ਵੱਲ ਤੋਂ ਡੇਰਾਬੱਸੀ ਵੱਲ ਨੂੰ ਘਰ ਪਰਤ ਰਹੇ ਸਨ | ਇਸ ਦੌਰਾਨ ਜਦੋਂ ਉਹ ਪਿੰਡ ਕੂੜਾਂਵਾਲਾ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਅਤੇ ਲਾਪਰਵਾਹ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ | ਇਹ ਟੱਕਰ ਇੰਨੀ ਭਿਆਨਕ ਸੀ ਕਿ ਉਸਦੇ ਪਿਤਾ ਕਮਲਜੀਤ ਸਿੰਘ ਸੜਕ 'ਤੇ ਡਿੱਗ ਕੇ ਗੰਭੀਰ ਰੂਪ 'ਚ ਜ਼ਖਮੀ ਹੋ ਗਏ | ਇਸ ਹਾਦਸੇ ਨੂੰ ਦੇਖਦਿਆਂ ਮੌਕੇ 'ਤੇ ਮੌਜੂਦ ਰਾਹਗੀਰਾਂ ਨੇ ਤੁਰੰਤ ਮਦਦ ਕਰਦਿਆਂ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਦਾਖ਼ਲ ਕਰਵਾਇਆ, ਜਿਥੇ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ | ਉਕਤ ਮਾਮਲੇ ਦੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ (ਏ. ਐਸ. ਆਈ.) ਦਿਲਬਾਗ ਸਿੰਘ ਨੇ ਦੱਸਿਆ ਕਿ ਮਿ੍ਤਕ ਦੇ ਪੁੱਤਰ ਦੇ ਬਿਆਨਾਂ ਦੇ ਅਧਾਰ 'ਤੇ ਅਣਪਛਾਤੇ ਵਾਹਨ ਅਤੇ ਉਸਦੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਮਗਰੋਂ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਫਰਾਰ ਮੁਲਜ਼ਮ ਅਤੇ ਵਾਹਨ ਦਾ ਪਤਾ ਲਗਾਇਆ ਜਾ ਸਕੇ |