ਖਰੜ, 17 ਮਈ (ਜੰਡਪੁਰੀ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਰਾਜ ਦੇ ਚੋਣ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਨਗਰ ਕੌਂਸਲ ਖਰੜ ਦੀਆਂ ਚੋਣਾਂ ਮਲਤਵੀ ਕਰ ਦਿੱਤੀਆਂ ਗਈਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖਰੜ ਦੇ ਐਸ. ਡੀ. ਐਮ.-ਕਮ-ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਖਰੜ ਲਈ ਚੱਲ ਰਹੀ ਚੋਣ ਪ੍ਰਕਿਰਿਆ, ਜਿਸ ਵਿਚ ਨਾਮਜ਼ਦਗੀਆਂ ਪ੍ਰਾਪਤ ਕਰਨ ਦੀ ਪ੍ਰਕਿਰਿਆ ਵੀ ਸ਼ਾਮਿਲ ਹੈ, ਨੂੰ ਤੁਰੰਤ ਪ੍ਰਭਾਵ ਨਾਲ ਸਮਾਪਤ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਮਾਣਯੋਗ ਹਾਈ ਕੋਰਟ ਵਲੋਂ ਬੀਤੀ 15 ਮਈ ਨੂੰ ਸੀ. ਡਬਲਿਊ. ਪੀ. ਨੰ. 14752 ਆਫ਼ 2026 ਕੁਲਵੰਤ ਸਿੰਘ ਬਨਾਮ ਪੰਜਾਬ ਸਰਕਾਰ ਮਾਮਲੇ 'ਚ ਦਿੱਤੇ ਗਏ ਹੁਕਮਾਂ ਦੇ ਮੱਦੇਨਜ਼ਰ ਲਿਆ ਗਿਆ ਹੈ, ਜੋ ਕਿ ਨਗਰ ਕੌਂਸਲ ਖਰੜ ਤਹਿਤ ਆਉਂਦੇ ਨਿਰਧਾਰਿਤ ਖੇਤਰਾਂ ਦੇ ਵੋਟਰਾਂ ਨੂੰ ਸ਼ਾਮਿਲ ਕਰਨ ਨਾਲ ਸੰਬੰਧਿਤ ਹੈ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਵਲੋਂ ਨਗਰ ਕੌਂਸਲ ਖਰੜ ਲਈ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਚੁੱਕੇ ਹਨ, ਉਹ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਜ਼ਦਗੀ ਫ਼ੀਸ ਦੀ ਵਾਪਸੀ ਦੇ ਹੱਕਦਾਰ ਹੋਣਗੇ | ਜ਼ਿਕਰਯੋਗ ਹੈ ਕਿ ਨਗਰ ਕੌਂਸਲ ਵਲੋਂ ਬਣਾਈ ਗਈ ਨਵੀਂ ਵਾਰਡਬੰਦੀ 'ਚ 2021 ਵਿਚ ਆਏ ਛੇ ਪਿੰਡਾਂ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਸੀ, ਜਿਸ ਕਰਕੇ ਇਹ ਮਾਮਲਾ ਹਾਈ ਕੋਰਟ ਵਿਖੇ ਪਹੁੰਚਿਆ ਸੀ |