ਖ਼ਜ਼ਾਨਾ ਮੰਤਰੀ ਨੇ 'ਰੰਗਲਾ ਪੰਜਾਬ ਵਿਕਾਸ ਸਕੀਮ' ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਲਿਆ ਜਾਇਜ਼ਾ <br/>
ਅਜੀਤ ਡੈਸਕ
20-05-2026
ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਖ਼ਜ਼ਾਨਾ ਮੰਤਰੀ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਮਈ ਦੇ ਅੰਤ ਤੱਕ ਦੋ ਵਿਸਤਿ੍ਤ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ | ਉਨ੍ਹਾਂ ਕਿਹਾ ਕਿ ਪਹਿਲੀ ਰਿਪੋਰਟ ਵਿਚ ਉਨ੍ਹਾਂ ਕਾਰਨਾਂ ਦਾ ਸਪਸ਼ਟ ਵੇਰਵਾ ਹੋਣਾ ਚਾਹੀਦਾ ਹੈ ਜਿਨ੍ਹਾਂ ਕਰਕੇ ਪਹਿਲੇ ਪੜ੍ਹਾਅ ਦੇ ਕੰਮ 31 ਮਈ ਤੱਕ ਮੁਕੰਮਲ ਨਹੀਂ ਹੋ ਸਕੇ ਅਤੇ ਦੂਜੀ ਰਿਪੋਰਟ ਵਿਚ ਆਉਣ ਵਾਲੇ ਦੂਜੇ ਪੜਾਅ ਦੇ ਵਿਕਾਸ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਨ ਲਈ ਇਕ ਵਿਆਪਕ ਯੋਜਨਾ ਅਤੇ ਸਮਾਂ-ਸੀਮਾ ਦਾ ਖ਼ਾਕਾ ਪੇਸ਼ ਕਰਨਾ ਹੋਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਰ ਪੱਖ ਤੋਂ ਅੱਗੇ ਲਿਜਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦਿਨ ਰਾਤ ਮਿਹਨਤ ਕਰ ਰਹੀ ਹੈ, ਜਿਸ ਤੋਂ ਹਰ ਪੰਜਾਬੀ ਸੰਤੁਸ਼ਟੀ ਵੀ ਜਤਾ ਰਿਹਾ ਹੈ | ਇਸ ਮੀਟਿੰਗ ਵਿਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਵੀ ਹਾਜ਼ਰ ਸਨ | ਮੀਟਿੰਗ ਦਾ ਮੁੱਖ ਕੇਂਦਰ ਵਿਕਾਸ ਮੁਹਿੰਮ ਦੇ ਅਗਲੇ ਪੜਾਅ ਲਈ ਰਣਨੀਤੀਆਂ ਤਿਆਰ ਕਰਨਾ ਰਿਹਾ | ਵਿੱਤ ਮੰਤਰੀ ਨੇ ਸਕੀਮ ਦੇ ਦੂਜੇ ਪੜਾਅ ਨੂੰ ਸ਼ੁਰੂ ਕਰਨ ਲਈ ਨਿਰਧਾਰਿਤ ਸਮਾਂ-ਸੀਮਾ ਦੀ ਸਮੀਖਿਆ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਕਿ ਦੂਜੇ ਪੜਾਅ ਦੇ ਸਾਰੇ ਕੰਮ ਮਿੱਥੇ ਸਮੇਂ ਦੇ ਅੰਦਰ ਸ਼ੁਰੂ ਅਤੇ ਮੁਕੰਮਲ ਕੀਤੇ ਜਾਣ | ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਜ਼ਮੀਨੀ ਪੱਧਰ 'ਤੇ ਕੰਮ ਦੀ ਰਫ਼ਤਾਰ ਵਧਾਉਣ ਲਈ ਹਰ ਹਫ਼ਤੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ | ਇਸ ਸਮੀਖਿਆ ਮੀਟਿੰਗ ਵਿਚ ਸਮੂਹ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਾਸਿੰਗ ਰਾਹੀਂ ਸ਼ਮੂਲੀਅਤ ਕੀਤੀ, ਜਦਕਿ ਸਬੰਧਿਤ ਪ੍ਰਬੰਧਕੀ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ |