ਚੰਡੀਗੜ੍ਹ, 19 ਮਈ (ਪੋ੍ਰ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਲੀਡਰ ਅਤੇ ਸਾਬਕਾ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਇਕ ਹਫ਼ਤੇ ਦੇ ਅੰਦਰ ਦੋ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਤੇਲ ਦੀਆਂ ਕੀਮਤਾਂ ਵਧਣ ਨਾਲ ਆਮ ਲੋਕਾਂ ਨੂੰ ਮਹਿੰਗਾਈ ਦੀ ਦੁੱਗਣੀ ਮਾਰ ਝੱਲਣੀ ਪਵੇਗੀ | ਚੰਦੂਮਾਜਰਾ ਨੇ ਕਿਹਾ ਕਿ ਇੰਧਨ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਢੁਆਈ ਦੇ ਖਰਚੇ ਵੀ ਵਧ ਜਾਂਦੇ ਹਨ, ਜਿਸ ਦਾ ਸਿੱਧਾ ਅਸਰ ਖਾਣ-ਪੀਣ ਸਮੇਤ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ 'ਤੇ ਪੈਂਦਾ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਹਰ ਵਰਗ ਦੇ ਲੋਕ ਪ੍ਰਭਾਵਿਤ ਹੋ ਰਹੇ ਹਨ | ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਪੈਟਰੋਲ ਅਤੇ ਡੀਜ਼ਲ 'ਤੇ ਲੱਗਣ ਵਾਲੇ ਵੈਟ ਵਿਚ ਕਟੌਤੀ ਕੀਤੀ ਜਾਵੇ, ਤਾਂ ਜੋ ਕੀਮਤਾਂ ਵਿਚ ਹੋ ਰਹੇ ਵਾਧੇ ਨੂੰ ਕਾਬੂ ਕੀਤਾ ਜਾ ਸਕੇ |