25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਗੁਣਵੱਤਾ ਭਰੋਸਾ ਅਥਾਰਟੀ ਦੀ ਰਿਪੋਰਟ ਦੇ ਆਧਾਰ 'ਤੇ ਛੇ ਅਧਿਕਾਰੀ ਮੁਅੱਤਲ-ਮੁੱਖ ਮੰਤਰੀ ਨਾਇਬ ਸਿੰਘ ਸੈਣੀ <br/>

ਅਜੀਤ ਡੈਸਕ 04-06-2026
ਚੰਡੀਗੜ•, 3 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜ ਦੇ ਵੱਖ-ਵੱਖ ਇੰਜੀਨੀਅਰਿੰਗ ਵਿਭਾਗਾਂ ਵਿੱਚ ਗੁਣਵੱਤਾ ਭਰੋਸਾ ਅਥਾਰਟੀ ਵੱਲੋਂ ਕੀਤੇ ਗਏ ਤਕਨੀਕੀ ਆਡਿਟ ਦੌਰਾਨ ਸਾਹਮਣੇ ਆਈਆਂ ਕਮੀਆਂ ਅਤੇ ਬੇਨਿਯਮੀਆਂ ਨੂੰ ਗੰਭੀਰਤਾ ਨਾਲ ਲਿਆ ਹੈ | ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਜਨਤਕ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਵਿੱਚ ਗੁਣਵੱਤਾ, ਜਵਾਬਦੇਹੀ ਤੇ ਪਾਰਦਰਸ਼ਤਾ ਯਕੀਨੀ ਬਣਾਉਣਾ ਰਾਜ ਸਰਕਾਰ ਦੀ ਸਰਵਉੱਚ ਤਰਜੀਹ ਹੈ ਅਤੇ ਗੁਣਵੱਤਾ ਭਰੋਸਾ ਅਥਾਰਟੀ ਵੱਲੋਂ ਦਿੱਤੀਆਂ ਗਈਆਂ ਟਿੱਪਣੀਆਂ ਤੇ ਨਤੀਜਿਆਂ 'ਤੇ ਸਬੰਧਤ ਵਿਭਾਗਾਂ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ | ਸਮੀਖਿਆ ਤੋਂ ਬਾਅਦ ਲੋਕ ਨਿਰਮਾਣ ਵਿਭਾਗ (ਭਵਨ ਤੇ ਸੜਕਾਂ) ਦੇ ਤਿੰਨ ਅਧਿਕਾਰੀਆਂ ਅਤੇ ਵਿਕਾਸ ਤੇ ਪੰਚਾਇਤ ਵਿਭਾਗ ਦੇ ਤਿੰਨ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ | ਇਸ ਤੋਂ ਇਲਾਵਾ, ਵੱਖ-ਵੱਖ ਵਿਭਾਗਾਂ ਦੇ ਕੁਝ ਹੋਰ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ | ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਇੱਕ ਮਾਮਲੇ ਵਿੱਚ ਕੰਮ ਦੀ ਗੁਣਵੱਤਾ ਸਬੰਧੀ ਕਮੀਆਂ ਕਾਰਨ ਸਬੰਧਤ ਠੇਕੇਦਾਰ ਵਿਰੁੱਧ ਰਿਕਵਰੀ (ਵਸੂਲੀ) ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ | ਮੁੱਖ ਮੰਤਰੀ ਪਿਛਲੇ ਦਿਨੀਂ ਚੰਡੀਗੜ• ਵਿਖੇ ਗੁਣਵੱਤਾ ਭਰੋਸਾ ਅਥਾਰਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ | ਮੀਟਿੰਗ ਵਿੱਚ ਮੁੱਖ ਸਕੱਤਰ ਅਨੁਰਾਗ ਰਸਤੋਗੀ, ਗੁਣਵੱਤਾ ਭਰੋਸਾ ਅਥਾਰਟੀ ਦੇ ਚੇਅਰਮੈਨ ਰਾਜੀਵ ਅਰੋੜਾ, ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸਨਿਕ ਸਕੱਤਰ ਤੇ ਸੀਨੀਅਰ ਅਧਿਕਾਰੀ ਮੌਜੂਦ ਸਨ | ਗੁਣਵੱਤਾ ਭਰੋਸਾ ਅਥਾਰਟੀ ਦੇ ਚੇਅਰਮੈਨ ਰਾਜੀਵ ਅਰੋੜਾ ਨੇ ਪੇਸ਼ਕਾਰੀ (ਪ੍ਰੈਜ਼ੈਂਟੇਸ਼ਨ) ਰਾਹੀਂ ਦੱਸਿਆ ਕਿ ਅਥਾਰਟੀ ਦੀਆਂ ਟੀਮਾਂ ਨੇ ਇਮਾਰਤ, ਸੜਕ, ਸਿੰਚਾਈ, ਜਨ ਸਿਹਤ ਤੇ ਬਿਜਲੀ ਖੇਤਰਾਂ ਨਾਲ ਸਬੰਧਤ ਪ੍ਰੋਜੈਕਟਾਂ ਦਾ ਤਕਨੀਕੀ ਆਡਿਟ ਕੀਤਾ ਹੈ | ਇਸ ਦੇ ਅੰਤਰਗਤ ਲੋਕ ਨਿਰਮਾਣ ਵਿਭਾਗ (ਭਵਨ ਅਤੇ ਸੜਕਾਂ) ਦੇ 18 ਪ੍ਰੋਜੈਕਟ, ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੇ 5, ਸਿੰਚਾਈ ਵਿਭਾਗ ਦੇ 4, ਹਰਿਆਣਾ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਦੇ 14, ਹਰਿਆਣਾ ਰਾਜ ਉਦਯੋਗਿਕ ਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਦੇ 3, ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਦੇ 3, ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਇੱਕ, ਹਰਿਆਣਾ ਬਿਜਲੀ ਪ੍ਰਸਾਰਣ ਨਿਗਮ ਲਿਮਟਿਡ ਦੇ 7, ਗੁਰੂਗ੍ਰਾਮ ਮੈਟਰੋਪੋਲੀਟਨ ਡਿਵੈਲਪਮੈਂਟ ਅਥਾਰਟੀ ਦੇ 4, ਫਰੀਦਾਬਾਦ ਮੈਟਰੋਪੋਲੀਟਨ ਡਿਵੈਲਪਮੈਂਟ ਅਥਾਰਟੀ ਦੇ ਇੱਕ, ਸ਼ਹਿਰੀ ਸਥਾਨਕ ਨਿਕਾਏ ਵਿਭਾਗ ਦੇ 2 ਪ੍ਰੋਜੈਕਟ ਅਤੇ ਵਿਕਾਸ ਤੇ ਪੰਚਾਇਤ ਵਿਭਾਗ ਦੇ 2 ਪ੍ਰੋਜੈਕਟਾਂ ਦਾ ਆਡਿਟ ਕੀਤਾ ਗਿਆ | ਪੇਸ਼ਕਾਰੀ ਵਿਚ ਆਡਿਟ ਦੌਰਾਨ ਸਬੂਤਾਂ ਦੇ ਮਾਧਿਅਮ ਨਾਲ ਵੱਖ-ਵੱਖ ਪ੍ਰੋਜੈਕਟਾਂ ਵਿੱਚ ਪਾਈਆਂ ਗਈਆਂ ਕਮੀਆਂ ਅਤੇ ਗੁਣਵੱਤਾ ਸਬੰਧੀ ਖਾਮੀਆਂ ਨੂੰ ਦਿਖਾਇਆ ਗਿਆ | ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਕਈ ਵਿਭਾਗ ਪਹਿਲਾਂ ਹੀ ਦੋਸ਼ੀ ਅਧਿਕਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਤੇ ਸਬੰਧਤ ਠੇਕੇਦਾਰਾਂ ਵਿਰੁੱਧ ਰਿਕਵਰੀ ਦੀ ਪ੍ਰਕਿਰਿਆ ਸ਼ੁਰੂ ਕਰ ਚੁੱਕੇ ਹਨ | ਮੀਟਿੰਗ ਵਿਚ ਗੁਣਵੱਤਾ ਭਰੋਸਾ ਅਥਾਰਟੀ ਦੇ ਚੇਅਰਮੈਨ ਨੇ ਭਵਿੱਖ ਦੀ ਕਾਰਜਯੋਜਨਾ ਵੀ ਪੇਸ਼ ਕੀਤੀ, ਜਿਸ ਦੇ ਤਹਿਤ ਪ੍ਰਮੁੱਖ ਇੰਜੀਨੀਅਰਿੰਗ ਪ੍ਰੋਜੈਕਟਾਂ ਦਾ ਵੱਖ-ਵੱਖ ਪੜਾਵਾਂ ਵਿੱਚ ਸਮਾਜਿਕ-ਆਰਥਿਕ ਪ੍ਰਭਾਵ, ਲਾਗਤ-ਲਾਭ ਵਿਸ਼ਲੇਸ਼ਣ ਅਤੇ ਲੰਬੇ ਸਮੇਂ ਦੀ ਉਪਯੋਗਤਾ ਵਰਗੇ ਮਾਪਦੰਡਾਂ 'ਤੇ ਮੁਲਾਂਕਣ ਕੀਤਾ ਜਾਵੇਗਾ |

ਪਿਛਲੀ ਖ਼ਬਰ ਸਟਾਰਟਅੱਪ ਇੰਡੀਆ ਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਨੇ ਆਤਮ-ਨਿਰਭਰ : ਰਾਜਪਾਲ ਪੰਜਾਬ <... ਅਗਲੀ ਖ਼ਬਰ 'ਸੁਖ਼ਨ ਲਾਈਵ' ਦੀ ਪੇਸ਼ਕਾਰੀ ਰੂਹਾਨੀ ਕਲਾਤਮਿਕ ਮਾਹੌਲ ਸਿਰਜੇ ਗਈ-ਸਵਰਨਜੀਤ ਸਵੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।