ਚੰਡੀਗੜ੍ਹ, 4 ਜੂਨ (ਅਜੀਤ ਬਿਊਰੋ) - ਸੂਬੇ ਵਿਚ ਚੱਲ ਰਹੀ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਦੇ 135ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 555 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 135ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 299 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ 33,917 ਹੋ ਗਈਆਂ | ਇਸ ਤੋਂ ਇਲਾਵਾ 69 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀ ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ 460ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 100 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਤੇ ਉਨ੍ਹਾਂ ਦੇ ਕਬਜ਼ੇ ਵਿਚੋਂ 1.6 ਕਿਲੋ ਹੈਰੋਇਨ, 1110 ਨਸ਼ੀਲੀਆਂ ਗੋਲੀਆਂ ਤੇ 16,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਨਾਲ ਸਿਰਫ 460 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 66,687 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |