ਪੰਚਕੂਲਾ, 4 ਜੂਨ (ਕਪਿਲ)- ਪੰਚਕੂਲਾ ਦੇ ਸੈਕਟਰ-5 ਸਥਿਤ ਇਕ ਕਲੱਬ ਦੇ ਬਾਹਰ ਵਾ. ਨੰ. 1 ਦੇ ਕੌਂਸਲਰ ਦੇ ਦਿਓਰ ਰਤਨ ਲੁਬਾਣਾ 'ਤੇ ਹੋਈ ਫਾਈਰਿੰਗ ਦੇ ਮਾਮਲੇ 'ਚ ਪੰਚਕੂਲਾ ਪੁਲਿਸ ਨੇ ਦੋ ਕਥਿਤ ਸ਼ੂਟਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਪੁਲਿਸ ਮੁਤਾਬਿਕ ਦੋਵੇਂ ਮੁਲਜ਼ਮ ਰੋਹਿਤ ਗੋਦਾਰਾ ਗੈਂਗ ਨਾਲ ਸੰਬੰਧਿਤ ਹਨ | ਇਸ ਸੰਬੰਧ 'ਚ ਹੋਰ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਕ੍ਰਾਈਮ ਅਮਰਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਮੌਕੇ ਮੁਲਜ਼ਮ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ ਅਤੇ ਰਤਨ ਲੁਬਾਣਾ 'ਤੇ ਗੋਲੀਆਂ ਚਲਾ ਕੇ ਫ਼ਰਾਰ ਹੋਣ ਦੀ ਫ਼ਿਰਾਕ 'ਚ ਸਨ ਪਰ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਲੁਧਿਆਣਾ ਤੇ ਹਰਪ੍ਰੀਤ ਸਿੰਘ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਫੜ੍ਹਨ ਮੌਕੇ ਕਰਾਸ ਫਾਈਰਿੰਗ ਵੀ ਹੋਈ ਜਿਸ ਦੌਰਾਨ ਮੁਲਜ਼ਮ ਜ਼ਖ਼ਮੀ ਹੋ ਗਏ | ਡੀ. ਸੀ. ਪੀ. ਨੇ ਦੱਸਿਆ ਕਿ ਇਸ ਘਟਨਾ ਦੌਰਾਨ ਰਤਨ ਲੁਬਾਣਾ ਨੂੰ ਗੋਲੀਆਂ ਲੱਗੀਆਂ ਸਨ ਪਰ ਹੁਣ ਉਸ ਦੀ ਹਾਲਤ ਸਥਿਰ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਮੁਲਜ਼ਮਾਂ ਕੋਲੋਂ ਦੋ ਹਥਿਆਰ ਤੇ ਇਕ ਪਲਸਰ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਾਮਲੇ ਸੰਬੰਧੀ ਦੋ ਵੱਖ-ਵੱਖ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਫਾਈਰਿੰਗ ਦੇ ਪਿੱਛੇ ਦੇ ਅਸਲ ਕਾਰਨਾਂ ਤੇ ਕਿਸੇ ਵੱਡੀ ਸਾਜ਼ਿਸ਼ ਦੇ ਐਂਗਲ ਨੂੰ ਧਿਆਨ 'ਚ ਰੱਖਦਿਆਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ |