28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸਾਲ 2025-26 ਦੌਰਾਨ ਬਿਸਤ-ਦੋਆਬ ਨਹਿਰੀ ਨੈੱਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167 ਫੀਸਦੀ ਵਾਧਾ - ਬਰਿੰਦਰ ਕੁਮਾਰ ਗੋਇਲ

ਅਜੀਤ ਡੈਸਕ 05-06-2026

ਚੰਡੀਗੜ੍ਹ, 4 ਜੂਨ (ਅਜੀਤ ਬਿਊਰੋ) - ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ 'ਚ ਨਵੀਂ ਰੂਹ ਫੂਕਦਿਆਂ ਪੰਜਾਬ ਸਰਕਾਰ ਨੇ ਬਿਸਤ-ਦੋਆਬ ਨਹਿਰ ਦੀ ਮੁੜ-ਬਹਾਲੀ ਨਾਲ ਦੁਆਬਾ ਖੇਤਰ ਦੇ ਖੇਤਾਂ ਦੀ ਨੁਹਾਰ ਬਦਲਦਿਆਂ ਕਿਸਾਨਾਂ ਦੇ ਉੱਜਲ ਭਵਿੱਖ ਲਈ ਰਾਹ ਪੱਧਰਾ ਕਰ ਦਿੱਤਾ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਹਿਰ ਨੂੰ ਸੁਰਜੀਤ ਕਰਨ ਨਾਲ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈੱਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ 167% ਦਾ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਵਿਸਥਾਰ ਨਾਲ 1,10,762 ਏਕੜ ਹੋਰ ਰਕਬਾ ਨਹਿਰੀ ਸਿੰਜਾਈ ਅਧੀਨ ਲਿਆਂਦਾ ਗਿਆ ਹੈ ਜਿਸ ਨਾਲ ਇਲਾਕੇ ਦੇ ਖੇਤੀ ਖੇਤਰ ਦੀ ਨੀਂਹ ਮਜ਼ਬੂਤ ਹੋਈ ਹੈ। ਦੁਆਬੇ ਦੀ ਸਾਹ-ਰਗ ਮੰਨੀ ਜਾਂਦੀ ਇਸ ਨਹਿਰ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਟੀਚਾਗਤ ਉਪਰਾਲਿਆਂ ਤਹਿਤ ਪਾਣੀ ਦੇ ਵਹਾਅ 'ਚ ਮਿਸਾਲੀ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਨਾਲ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਕੁੱਝ ਹਿੱਸਿਆਂ 'ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਕਮੀ ਨੂੰ ਦੂਰ ਕਰਦਿਆਂ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਾਣੀ ਦੇ ਵਹਾਅ ਵਿਚ ਆਏ ਸੁਧਾਰ ਨੇ ਬਲਾਚੌਰ ਖੇਤਰ 'ਚ ਕਾਠਗੜ੍ਹ ਲਿਫਟ ਸਕੀਮ ਰਾਹੀਂ ਲਿਫਟ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ। ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਤੇ ਮੁਕੰਦਪੁਰ ਅਤੇ ਜਲੰਧਰ ਜ਼ਿਲ੍ਹੇ ਦੇ ਅੱਪਰਾ, ਨੂਰਮਹਿਲ, ਮਲਸੀਆਂ, ਨਕੋਦਰ, ਆਦਮਪੁਰ ਤੇ ਕਾਲਾ ਸੰਘਿਆਂ ਵਰਗੇ ਖੇਤਰਾਂ 'ਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ ਜਦਕਿ ਜਲੰਧਰ ਬ੍ਰਾਂਚ ਨਾਲ ਜੁੜੇ ਮੁੜ-ਸੁਰਜੀਤ ਕੀਤੇ ਰਜਬਾਹਿਆਂ ਨੇ ਆਖ਼ਰੀ ਖੇਤ ਤੱਕ ਪਾਣੀ ਦੀ ਵੰਡ ਵਿਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਿਸਤ-ਦੁਆਬ ਨਹਿਰ ਦੀ ਬਹਾਲੀ ਸਿੰਜਾਈ ਪ੍ਰਣਾਲੀ ਨੂੰ ਆਧੁਨਿਕ ਬਣਾਉਣ, ਕਿਸਾਨਾਂ ਦੀ ਸਹਾਇਤਾ ਕਰਨ ਅਤੇ ਸਿੱਕੇਬੰਦ ਜਲ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

 

ਪਿਛਲੀ ਖ਼ਬਰ ਮੰਦਰਾਂ ਨੂੰ ਧਮਕੀਆਂ ਖ਼ਤਰਨਾਕ ਸੰਕੇਤ, ਪੰਜਾਬ 'ਚ ਮਾਹੌਲ ਖ਼ਰਾਬ ਕਰਨ ਦੀ ਸਾਜਿਸ਼ : ਡਾ. ਜਸਲੀਨ ਸੇਠੀ ਅਗਲੀ ਖ਼ਬਰ ਨਸ਼ਾ ਵੇਚਣ ਤੋਂ ਰੋਕਣ 'ਤੇ ਨੌਜਵਾਨ ਤੇ ਉਸ ਦੇ ਪਿਤਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।