ਖਰੜ, 6 ਜੂਨ (ਜੰਡਪੁਰੀ)- ਗੈਸ ਤੇ ਤੇਲ ਦੀਆਂ ਕੀਮਤਾਂ 'ਚ ਰੋਜ਼ਾਨਾ ਭਾਰੀ ਵਾਧਾ ਹੋ ਰਿਹਾ ਹੈ ਜਿਸ ਕਾਰਨ ਰੋਜ਼ਾਨਾ ਵਰਤੋਂ ਵਾਲੀਆਂ ਵਸਤੂਆਂ ਦੇ ਭਾਅ ਅਸਮਾਨੀ ਚੜ੍ਹ ਗਏ ਹਨ ਅਤੇ ਲੋਕਾਂ ਨੂੰ ਵਧੀਆਂ ਕੀਮਤਾਂ ਦੀ ਭਾਰੀ ਮਾਰ ਝੱਲਣੀ ਪੈ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਆਰ. ਟੀ. ਆਈ. ਵਿੰਗ ਦੇ ਸੂਬਾਈ ਚੇਅਰਮੈਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਗੈਸ ਅਤੇ ਤੇਲ ਦੀਆਂ ਵਧੀਆਂ ਕੀਮਤਾਂ ਕਾਰਨ ਆਮ ਜਨ-ਜੀਵਨ 'ਤੇ ਬਹੁਤ ਮਾੜਾ ਪ੍ਰਭਾਵ ਪਿਆ ਹੈ ਅਤੇ ਲੋਕ ਮਹਿੰਗਾਈ ਕਾਰਨ ਡਾਹਢੇ ਪ੍ਰੇਸ਼ਾਨ ਨਜ਼ਰ ਆ ਰਹੇ ਹਨ | ਉਨ੍ਹਾਂ ਕਿਹਾ ਕਿ ਹਾਲਾਤ ਇਹ ਹਨ ਕਿ ਲੋਕਾਂ ਲਈ ਦੋ ਵਕਤ ਦੀ ਰੋਟੀ ਖਾਣਾ ਵੀ ਮੁਸ਼ਕਿਲ ਹੋ ਗਈ ਹੈ | ਉਨ੍ਹਾਂ ਕਿਹਾ ਕਿ ਈਰਾਨ-ਅਮਰੀਕਾ ਜੰਗ ਕਾਰਨ ਦੇਸ਼ 'ਚ ਜਿਥੇ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ ਕਾਫ਼ੀ ਵੱਧ ਗਈਆਂ ਹਨ ਉਥੇ ਹੀ ਰੋਜ਼ਾਨਾ ਵਰਤੋਂ 'ਚ ਆਉਣ ਵਾਲੀਆਂ ਵਸਤਾਂ ਵੀ ਕਾਫ਼ੀ ਮਹਿੰਗੀਆਂ ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਅੱਜ ਪੂਰੇ ਵਿਸ਼ਵ ਅੰਦਰ ਜੰਗ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ, ਲਿਹਾਜ਼ਾ ਸਮੁੱਚੇ ਦੇਸ਼ਾਂ ਨੂੰ ਅੱਗੇ ਆ ਕੇ ਗੱਲਬਾਤ ਰਾਹੀਂ ਇਸ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ ਤਾਂ ਜੋ ਗ਼ਰੀਬ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕੇ |