ਭਗਤ ਕੈਬਨਿਟ ਮੰਤਰੀ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅਜੀਤ ਡੈਸਕ
10-06-2026
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਸਬ-ਡਵੀਜ਼ਨ ਪੱਧਰ 'ਤੇ ਵਿਸ਼ੇਸ਼ ਕੈਂਪ ਲਗਵਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਨੂੰ ਸਭ ਵਿਸ਼ੇਸ਼ ਤਰਜੀਹ ਦੇ ਰਹੀ ਹੈ | ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ ਅਤੇ ਡਾਇਰੈਕਟਰ ਬਿ੍ਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਉਨ੍ਹਾਂ ਦੀ ਪ੍ਰਗਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ | ਇਸ ਮੌਕੇ ਵਿਭਾਗ ਲਈ ਲੋੜੀਂਦੇ ਬਜਟ, ਕਰਮਚਾਰੀਆਂ ਦੀਆਂ ਤਰੱਕੀਆਂ ਅਤੇ ਵਿਭਾਗ ਵਿੱਚ ਕੀਤੀ ਜਾਣ ਵਾਲੀ ਭਰਤੀ ਸਬੰਧੀ ਵਿਸ਼ੇਸ਼ ਚਰਚਾ ਕੀਤੀ ਗਈ | ਇਸ ਤੋਂ ਇਲਾਵਾ ਸੈਨਿਕ ਸਕੂਲਾਂ ਦੀ ਰੈਨੋਵੇਸ਼ਨ ਅਤੇ ਲੋੜੀਂਦੇ ਫੰਡਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ |
ਇਸ ਮੌਕੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਮਾਮਲਿਆਂ 'ਤੇ ਚਰਚਾ ਕਰਦਿਆਂ ਮੈਨੇਜਿੰਗ ਡਾਇਰੈਕਟਰ ਪੈਸਕੋ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਸਾਬਕਾ ਸੈਨਿਕਾਂ ਨੂੰ ਕਾਰਪੋਰੇਸ਼ਨ ਵੱਲੋਂ ਦਿੱਤੀਆਂ ਨੌਕਰੀਆਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਸਮੇਂ 23 ਹਜ਼ਾਰ ਤੋਂ ਵੱਧ ਕਰਮਚਾਰੀ ਪੈਸਕੋ ਅਧੀਨ ਸੇਵਾਵਾਂ ਨਿਭਾ ਰਹੇ ਹਨ | ਇਸ ਗਿਣਤੀ ਵਿੱਚ ਸਾਲ 2022 ਤੋਂ ਬਾਅਦ ਸ਼ਾਮਲ ਹੋਏ 14 ਹਜ਼ਾਰ ਤੋਂ ਵੱਧ ਕਰਮਚਾਰੀ ਸ਼ਾਮਲ ਹਨ |
ਮੰਤਰੀ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਦੀ ਭਲਾਈ ਨਾਲ ਸਬੰਧਤ ਸਾਰੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ | ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਹਰ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ |