ਜ਼ੀਰਕਪੁਰ, 9 ਜੂਨ (ਹੈਪੀ ਪੰਡਵਾਲਾ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਅੱਜ ਇਥੇ ਬਿਜਲੀ ਵਿਭਾਗ ਦੇ ਅਧਿਕਾਰੀਆਂ, ਨਵ-ਨਿਯੁਕਤ ਕੌਂਸਲਰਾਂ ਤੇ ਵਾਰਡ ਇੰਚਾਰਜਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਦੌਰਾਨ ਗਰਮੀ ਦੇ ਮੌਸਮ 'ਚ ਬਿਜਲੀ ਸਪਲਾਈ ਸੰਬੰਧੀ ਸਮੱਸਿਆਵਾਂ ਅਤੇ ਸ਼ਿਕਾਇਤਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਮੌਕੇ ਵਿਧਾਇਕ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੰਦਿਆਂ ਕਿਹਾ ਕਿ ਬਿਜਲੀ ਨਾ ਆਉਣ, ਲੋਅ ਵੋਲਟੇਜ, ਟਰਾਂਸਫਾਰਮਰ ਖ਼ਰਾਬ ਹੋਣ ਅਤੇ ਹੋਰ ਤਕਨੀਕੀ ਖਾਮੀਆਂ ਸੰਬੰਧੀ ਮਿਲਣ ਵਾਲੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇ | ਉਨਾਂ ਕਿਹਾ ਕਿ ਗਰਮੀ ਦੇ ਮੌਸਮ 'ਚ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ | ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫੀਲਡ ਸਟਾਫ਼ ਨੂੰ ਪੂਰੀ ਤਰਾਂ ਸਰਗਰਮ ਰੱਖਿਆ ਜਾਵੇ ਅਤੇ ਕਿਸੇ ਵੀ ਖਰਾਬੀ ਦੀ ਸੂਚਨਾ ਮਿਲਣ 'ਤੇ ਤੁਰੰਤ ਕਾਰਵਾਈ ਕੀਤੀ ਜਾਵੇ | ਇਸ ਮੌਕੇ ਨਵੇਂ ਕੌਂਸਲਰਾਂ ਅਤੇ ਵਾਰਡ ਇੰਚਾਰਜਾਂ ਨੇ ਵੀ ਆਪਣੇ-ਆਪਣੇ ਖੇਤਰਾਂ ਦੀਆਂ ਬਿਜਲੀ ਸੰਬੰਧੀ ਸਮੱਸਿਆਵਾਂ ਤੋਂ ਵਿਧਾਇਕ ਅਤੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ | ਵਿਧਾਇਕ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ ਅਤੇ ਇਸ ਵਿਚ ਕਿਸੇ ਵੀ ਤਰਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |