ਮੱਛਲੀ ਕਲਾਂ ਵਲੋਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਨਿਖੇਧੀ
ਅਜੀਤ ਡੈਸਕ
10-06-2026
ਐੱਸ. ਏ. ਐੱਸ. ਨਗਰ, 9 ਜੂਨ (ਪ੍ਰੋ. ਅਵਤਾਰ ਸਿੰਘ)- ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੇੜੇ ਕਰੀਬ ਇਕ ਮਹੀਨਾ ਪਹਿਲਾਂ ਸ੍ਰੀ ਗੁਟਕਾ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਹਾਲੇ ਤੱਕ ਗਿ੍ਫ਼ਤਾਰ ਨਾ ਕੀਤੇ ਜਾਣ ਦੇ ਚਲਦਿਆਂ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਨਿਖੇਧੀ ਕੀਤੀ ਹੈ | ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਉਨ੍ਹਾਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਮੁਹਾਲੀ ਵਰਗੇ ਅਤਿ-ਆਧੁਨਿਕ ਸ਼ਹਿਰ ਜਿਥੇ ਕਿ ਚੱਪੇ-ਚੱਪੇ 'ਤੇ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਏ ਹਨ, 'ਚ ਪਵਿੱਤਰ ਸ੍ਰੀ ਗੁਟਕਾ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਕੈਮਰਿਆਂ ਦੇ ਮਾਧਿਅਮ ਨਾਲ ਅਸਾਨੀ ਨਾਲ ਫੜੇ੍ਹ ਜਾ ਸਕਦੇ ਸਨ, ਪਰ ਪੁਲਿਸ ਪ੍ਰਸ਼ਾਸਨ ਦੀ ਕਮਜ਼ੋਰ ਤੇ ਢਿੱਲੀ ਕਾਰਵਾਈ ਕਾਰਨ ਦੋਸ਼ੀ ਹਾਲੇ ਵੀ ਪੁਲਿਸ ਦੀ ਪਕੜ ਤੋਂ ਬਾਹਰ ਹਨ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਟਾਂਡਾ ਵਿਖੇ ਝਾੜੂ ਦਾ ਨਿਰਾਦਰ ਕਰਨ ਵਾਲੇ ਕਾਂਗਰਸੀ ਵਰਕਰ ਨੂੰ ਤਾਂ ਪੁਲਿਸ ਨੇ ਬੜੀ ਫੁਰਤੀ ਨਾਲ ਕੁਝ ਹੀ ਦੇਰ ਵਿਚ ਗਿ੍ਫ਼ਤਾਰ ਕਰਕੇ ਪਰਚਾ ਦਰਜ ਕਰ ਲਿਆ ਸੀ, ਪਰ ਸ੍ਰੀ ਗੁਟਕਾ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਹਾਲੇ ਤੱਕ ਵੀ ਕੋਈ ਐਕਸ਼ਨ ਨਹੀਂ ਹੋਇਆ | ਉਨ੍ਹਾਂ ਪਿਛਲੇ ਦਿਨੀਂ ਵਿਧਾਨ ਸਭਾ ਅੰਦਰ ਪਾਸ ਕਾਨੂੰਨ ਨੂੰ ਵੀ ਸਿਰਫ਼ ਖਾਨਾਪੂਰਤੀ ਦੱਸਦਿਆਂ ਕਿਹਾ ਕਿ ਜੇਕਰ ਮਹਾਰਾਜ ਦੀ ਬੇਅਦਬੀ ਕਰਨ ਵਾਲੇ ਗਿ੍ਫ਼ਤਾਰ ਹੀ ਨਹੀਂ ਕਰਨੇ ਤਾਂ ਅਜਿਹੇ ਕਾਨੂੰਨ ਬਣਾਉਣ ਦਾ ਕੋਈ ਫਾਇਦਾ ਨਹੀਂ | ਉਨ੍ਹਾਂ ਕਿਹਾ ਕਿ ਪਿੰਡ ਸੋਹਾਣਾ ਵਿਖੇ ਵਾਪਰੀ ਇਸ ਮੰਦਭਾਗੀ ਘਟਨਾ ਕਾਰਨ ਇਕੱਲੇ ਸਿੱਖਾਂ ਅੰਦਰ ਹੀ ਨਹੀਂ, ਬਲਕਿ ਇਲਾਕੇ ਦੇ ਸਾਰੇ ਧਰਮਾਂ ਦੇ ਲੋਕਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਕੋਲੋਂ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕਰਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਣ ਦੀ ਮੰਗ ਕੀਤੀ ਹੈ |