ਚੰਡੀਗੜ੍ਹ, 10 ਜੂਨ (ਅਜੀਤ ਬਿਊਰੋ) - ਸੂਬੇ ਵਿਚ ਚੱਲ ਰਹੀ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਦੇ 141ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 577 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 141ਵੇਂ ਦਿਨ ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 303 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ 35,662 ਹੋ ਗਈਆਂ | ਇਸ ਤੋਂ ਇਲਾਵਾ 123 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀ (ਪੀਓ) ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ ਨੂੰ 466ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 90 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 5.2 ਕਿਲੋ ਹੈਰੋਇਨ, 35 ਕਿਲੋ ਭੁੱਕੀ, 360 ਨਸ਼ੀਲੀਆਂ ਗੋਲੀਆਂ ਅਤੇ 2600 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਨਾਲ ਸਿਰਫ 466 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67,662 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |