28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡਿਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ

ਅਜੀਤ ਡੈਸਕ 11-06-2026

ਚੰਡੀਗੜ੍ਹ,10 ਜੂਨ (ਅਜੀਤ ਬਿਊਰੋ)- ਪੰਜਾਬ ਪੁਲਿਸ ਦੀ 'ਯੂਥ ਕਨੈਕਟੀਵਿਟੀ' ਪਹਿਲ ਤਹਿਤ ਚਲਾਏ ਜਾ ਰਹੇ 'ਸਟੂਡੈਂਟ ਪੁਲਿਸ ਕੈਡਿਟ (ਐੱਸ.ਪੀ.ਸੀ.)' ਪ੍ਰੋਗਰਾਮ ਨੂੰ ਸੂਬੇ ਭਰ ਦੇ ਵਿੱਦਿਅਕ ਅਦਾਰਿਆਂ ਤੋਂ ਭਾਰੀ ਸਮਰਥਨ ਤੇ ਉਤਸ਼ਾਹਜਨਕ ਹੁੰਗਾਰਾ ਮਿਲ ਰਿਹਾ ਹੈ | ਹੁਣ ਤੱਕ ਇਸ ਪ੍ਰੋਗਰਾਮ ਤਹਿਤ ਕੁੱਲ 1,965 ਇਨਡੋਰ ਤੇ 698 ਆਊਟਡੋਰ ਕਲਾਸਾਂ ਲਗਾਈਆਂ ਜਾ ਚੁੱਕੀਆਂ ਹਨ | ਜ਼ਿੰਮੇਵਾਰ ਨਾਗਰਿਕ ਤਿਆਰ ਕਰਨ, ਲੀਡਰਸ਼ਿਪ ਗੁਣ ਵਿਕਸਤ ਕਰਨ, ਸਮਾਜਿਕ ਜਾਗਰੂਕਤਾ ਵਧਾਉਣ ਤੇ ਵਿਦਿਆਰਥੀਆਂ ਤੇ ਪੁਲਿਸ ਵਿਚਕਾਰ ਸੰਵਾਦ ਲਈ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਇਸ ਪ੍ਰੋਗਰਾਮ ਨੂੰ ਸਕੂਲੀ ਵਿਦਿਆਰਥੀਆਂ ਵਲੋਂ ਬਹੁਤ ਹੀ ਸਕਾਰਾਤਮਕ ਹੁੰਗਾਰਾ ਮਿਲਿਆ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਗਸਤ, 2023 ਨੂੰ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਸੀ | ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਦੀ ਅਗਵਾਈ ਹੇਠ ਸੂਬੇ ਦੇ ਚੋਣਵੇਂ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਇਸ ਪ੍ਰੋਗਰਾਮ ਦਾ ਲਾਭ ਲੈ ਰਹੇ ਹਨ | ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਅੱਠਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਹਰ ਮਹੀਨੇ ਇੱਕ ਇਨਡੋਰ ਅਤੇ ਦੋ ਆਊਟਡੋਰ ਕਲਾਸਾਂ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਦਾ ਉਦੇਸ਼ ਜ਼ਿੰਮੇਵਾਰ ਨਾਗਰਿਕ ਤਿਆਰ ਕਰਨਾ ਹੈ | ਇਸ ਤੋਂ ਇਲਾਵਾ ਐਸ.ਪੀ.ਸੀ. ਵਿਦਿਆਰਥੀਆਂ ਨੂੰ ਡੀ.ਸੀਜ਼ ਤੇ ਐੱਸ.ਐੱਸ.ਪੀਜ਼ ਦਫ਼ਤਰਾਂ, ਪੁਲਿਸ ਥਾਣਿਆਂ, ਸਾਂਝ ਕੇਂਦਰਾਂ, ਸਟੇਟ ਪੁਲਿਸ ਅਕੈਡਮੀ ਤੇ ਹੋਰ ਵਿੱਦਿਅਕ ਮਹੱਤਵ ਵਾਲੇ ਸਥਾਨਾਂ ਦਾ ਦੌਰਾ ਕਰਨ ਦਾ ਮੌਕਾ ਵੀ ਦਿੱਤਾ ਜਾਂਦਾ ਹੈ' | ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਲਗਭਗ 450 ਐੱਸ.ਪੀ.ਸੀ ਕੈਡੇਟਾਂ ਨੇ ਪੰਜਾਬ ਪੁਲਿਸ ਅਕੈਡਮੀ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਐੱਸ.ਪੀ.ਸੀ. ਪ੍ਰੋਗਰਾਮ ਦੀ ਰੂਪ-ਰੇਖਾ ਤੇ ਸਾਈਬਰ ਸੁਰੱਖਿਆ ਸਬੰਧੀ ਸੈਸ਼ਨਾਂ ਵਿੱਚ ਭਾਗ ਲਿਆ, ਵਿਚਾਰ-ਵਟਾਂਦਰੇ ਵਿੱਚ ਸ਼ਮੂਲੀਅਤ ਕੀਤੀ ਤੇ ਅਜਾਇਬਘਰ, ਲਾਇਬ੍ਰੇਰੀ ਤੇ ਫਿਲੌਰ ਕਿਲ੍ਹੇ ਵਰਗੀਆਂ ਮਹੱਤਵਪੂਰਨ ਥਾਂਵਾਂ ਦਾ ਦੌਰਾ ਕੀਤਾ | ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਮਿਊਨਿਟੀ ਅਫੇਅਰਜ਼ ਤੇ ਵੂਮੈਨ ਅਫੇਅਰਜ਼) ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਅਜਿਹੇ ਵਿੱਦਿਅਕ ਪ੍ਰੋਗਰਾਮ ਵਿਦਿਆਰਥੀਆਂ ਲਈ ਨਵੀਆਂ ਸੰਭਾਵਨਾਵਾਂ ਉਜਾਗਰ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਦੇ ਮਾਹੌਲ ਨੂੰ ਬਿਹਤਰ ਢੰਗ ਨਾਲ ਸਮਝਣ ਤੇ ਜੀਵਨ ਵਿੱਚ ਸਹੀ ਫ਼ੈਸਲੇ ਲੈਣ ਲਈ ਪ੍ਰੇਰਿਤ ਕਰਦੇ ਹਨ | ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਐੱਸ.ਪੀ.ਸੀ. ਵਿਦਿਆਰਥੀਆਂ, ਚੋਣਵੇਂ ਸਕੂਲਾਂ ਦੇ ਅਧਿਆਪਕਾਂ ਤੇ ਪੰਜਾਬ ਦੇ ਸਾਂਝ ਕੇਂਦਰਾਂ ਦੇ ਅਧਿਕਾਰੀਆਂ ਲਈ ਇੱਕ ਦਿਨ ਦਾ ਸੈਸ਼ਨ ਕਰਵਾਇਆ ਗਿਆ ਜਿਸ ਵਿੱਚ ਮਹਾਰਾਜਾ ਰਣਜੀਤ ਸਿੰਘ ਕਿਲ੍ਹਾ ਤੇ ਪੁਲਿਸ ਅਕੈਡਮੀ ਦੀਆਂ ਵੱਖ-ਵੱਖ ਸਹੂਲਤਾਂ ਦਾ ਦੌਰਾ ਵੀ ਸ਼ਾਮਲ ਸੀ | ਐੱਸ.ਪੀ.ਸੀ. ਵਿਦਿਆਰਥੀਆਂ ਨੇ ਪੰਜਾਬ ਦੇ 11 ਜ਼ਿਲਿ੍ਹਆਂ ਅੰਮਿ੍ਤਸਰ, ਬਠਿੰਡਾ, ਐੱਸ.ਏ.ਐੱਸ. ਨਗਰ, ਬਰਨਾਲਾ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਫਾਜ਼ਿਲਕਾ, ਐੱਸ.ਬੀ.ਐੱਸ. ਨਗਰ ਅਤੇ ਗੁਰਦਾਸਪੁਰ ਵਿੱਚ ਕਰਵਾਈਆਂ ਗਈਆਂ ਗਣਤੰਤਰ ਦਿਵਸ ਪਰੇਡਾਂ ਵਿੱਚ ਭਾਗ ਲਿਆ | ਹਰ ਜ਼ਿਲ੍ਹੇ ਤੋਂ 40 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਤਮ-ਵਿਸ਼ਵਾਸ, ਟੀਮ ਭਾਵਨਾ ਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ ਜਿਸ ਨਾਲ ਇਹ ਪਹਿਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਲਾਹੇਵੰਦ ਸਾਬਤ ਹੋਈ | ਪਰੇਡ ਵਿੱਚ ਭਾਗ ਲੈਣ ਵਾਲੇ ਕੁੱਲ 440 ਐੱਸ.ਪੀ.ਸੀ. ਵਿਦਿਆਰਥੀਆਂ ਨੂੰ ਵਰਦੀਆਂ ਵੀ ਮੁਹੱਈਆ ਕਰਵਾਈਆਂ ਗਈਆਂ | ਐੱਸ.ਪੀ.ਸੀ ਪਹਿਲ ਤਹਿਤ ਪੁਲਿਸ ਵਿਭਾਗ ਸਿੱਖਿਆ ਵਿਭਾਗ ਨਾਲ ਮਿਲ ਕੇ ਕੰਮ ਕਰਦਾ ਹੈ |
ਇਸ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਪਿ੍ੰਸੀਪਲਾਂ, ਅਧਿਆਪਕਾਂ ਅਤੇ ਸਾਂਝ ਕੇਂਦਰਾਂ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਲਈ ਜਾਣ-ਪਛਾਣ ਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ | ਸਾਂਝ ਕੇਂਦਰ ਪੰਜਾਬ ਪੁਲਿਸ ਦੀਆਂ ਕਮਿਊਨਿਟੀ ਪੁਲਿਸਿੰਗ ਇਕਾਈਆਂ ਹਨ | ਇਹ ਪਹਿਲ ਪੰਜਾਬ ਸਰਕਾਰ ਦੀ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਨੂੰ ਵੀ ਮਜ਼ਬੂਤੀ ਪ੍ਰਦਾਨ ਕਰ ਰਹੀ ਹੈ ਕਿਉਂਕਿ ਇਸ ਰਾਹੀਂ ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਿਆ ਜਾ ਰਿਹਾ ਹੈ ਅਤੇ ਉਨ੍ਹਾਂ ਵਿਚ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਵਿਕਸਿਤ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਪੰਜਾਬ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ-ਹਰਪਾਲ ਸਿੰਘ ਚੀਮਾ <... ਅਗਲੀ ਖ਼ਬਰ ਪੈਨਸ਼ਨ ਲਈ ਤਿੰਨ ਵਾਰ ਹਾਈ ਕੋਰਟ ਪਹੁੰਚੀ ਸਫ਼ਾਈ ਸੇਵਿਕਾ, ਅਦਾਲਤ ਨੇ ਅਧਿਕਾਰੀਆਂ ਨੂੰ ਲਗਾਈ ਫ਼ਟਕਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।