ਚੰਡੀਗੜ੍ਹ, 10 ਜੂਨ (ਅਜੀਤ ਬਿਊਰੋ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬਜ਼ੁਰਗ ਨਾਗਰਿਕਾਂ ਦੇ ਸਨਮਾਨ, ਸੁਰੱਖਿਆ ਤੇ ਅਧਿਕਾਰਾਂ ਦੀ ਰਾਖੀ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ | ਇਸੇ ਵਚਨਬੱਧਤਾ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਵਿਭਾਗ ਵਲੋਂ ਜ਼ਿਲ੍ਹਾ ਮਾਨਸਾ ਦੀ ਇਕ ਬਜ਼ੁਰਗ ਮਹਿਲਾ ਦੀ ਸ਼ਿਕਾਇਤ 'ਤੇ ਤੁਰੰਤ ਦਖ਼ਲ ਦਿੰਦਿਆਂ ਮਾਮਲੇ ਦੀ ਜਾਂਚ ਕਰਵਾਈ ਗਈ ਤੇ ਦੋਸ਼ੀ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਤੇਜ਼ੀ ਨਾਲ ਅਮਲ 'ਚ ਲਿਆਉਂਦਿਆਂ ਉਸ ਦੀ ਗਿ੍ਫ਼ਤਾਰੀ ਯਕੀਨੀ ਬਣਾਈ ਗਈ ਜਿਸ ਨਾਲ ਪੀੜਤ ਬਜ਼ੁਰਗ ਮਹਿਲਾ ਨੂੰ ਇਨਸਾਫ਼ ਮਿਲਿਆ ਹੈ | ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਬਜ਼ੁਰਗ ਮਹਿਲਾ ਵਲੋਂ ਕੀਤੀ ਗਈ ਸ਼ਿਕਾਇਤ ਵਿਚ ਦੱਸਿਆ ਗਿਆ ਸੀ ਕਿ ਪਰਿਵਾਰਕ ਵਿਵਾਦ ਅਤੇ ਜਾਇਦਾਦੀ ਮਾਮਲੇ ਨੂੰ ਲੈ ਕੇ ਉਸ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਤੇ ਉਸ ਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ | ਸ਼ਿਕਾਇਤ ਮਿਲਦੇ ਹੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਮਾਨਸਾ ਵਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਗਿਆ | ਪੁਲਿਸ ਵੱਲੋਂ ਮਾਮਲੇ ਦੀ ਜਾਂਚ ਉਪਰੰਤ ਐਫ.ਆਈ.ਆਰ. ਦਰਜ ਕਰਕੇ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਬਜ਼ੁਰਗ ਮਾਂ-ਪਿਓ ਨਾਲ ਦੁਰਵਿਵਹਾਰ ਜਾਂ ਸੋਸ਼ਣ ਨਾ ਸਿਰਫ਼ ਕਾਨੂੰਨੀ ਤੌਰ 'ਤੇ ਗਲਤ ਹੈ, ਸਗੋਂ ਸਾਡੇ ਸਮਾਜਿਕ ਅਤੇ ਨੈਤਿਕ ਮੁੱਲਾਂ ਦੇ ਵੀ ਖ਼ਿਲਾਫ਼ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਪੱਸ਼ਟ ਨੀਤੀ ਹੈ ਕਿ ਹਰ ਬਜ਼ੁਰਗ ਨੂੰ ਸੁਰੱਖਿਅਤ, ਸਨਮਾਨਯੋਗ ਤੇ ਨਿਰਭੈ ਜੀਵਨ ਦਾ ਅਧਿਕਾਰ ਮਿਲੇ | ਮਾਮਲੇ ਦੀ ਪੈਰਵੀ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਮਾਨਸਾ ਨੇ ਬਜ਼ੁਰਗ ਮਹਿਲਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ | ਇਸ ਮੌਕੇ ਉਨ੍ਹਾਂ ਨੂੰ ਜ਼ਿਲ੍ਹਾ ਮਾਨਸਾ ਵਿਖੇ ਚੱਲ ਰਹੇ 'ਸਤਿਕਾਰ ਘਰ' ਬਾਰੇ ਵੀ ਜਾਣਕਾਰੀ ਦਿੱਤੀ ਗਈ ਜਿੱਥੇ ਲੋੜ ਪੈਣ 'ਤੇ ਸੁਰੱਖਿਅਤ ਰਿਹਾਇਸ਼, ਦੇਖਭਾਲ ਤੇ ਹੋਰ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਦੀਆਂ ਹਨ |