ਚੰਡੀਗੜ੍ਹ, 10 ਜੂਨ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ | ਨਿਯੁਕਤੀ ਪੱਤਰ ਸੌਂਪਣ ਉਪਰੰਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਾਰਦਰਸ਼ੀ ਤੇ ਨਿਰੋਲ ਯੋਗਤਾ ਦੇ ਆਧਾਰ 'ਤੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਤੇ ਇਨ੍ਹਾਂ ਉਮੀਦਵਾਰਾਂ ਦੀ ਭਰਤੀ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਰਿਕਾਰਡ ਸਮੇਂ ਵਿਚ ਮੁਕੰਮਲ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਲੈਂਡ ਰਿਕਾਰਡਜ਼ ਸੋਸਾਇਟੀ ਵੱਲੋਂ 15 ਅਪ੍ਰੈਲ, 2025 ਨੂੰ ਜ਼ਿਲ੍ਹਾ ਸਿਸਟਮ ਮੈਨੇਜਰਾਂ (ਡੀ.ਐਸ.ਐਮ) ਤੇ ਸਹਾਇਕ ਸਿਸਟਮ ਮੈਨੇਜਰਾਂ (ਏ.ਐਸ.ਐਮ) ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ | ਉਨ੍ਹਾਂ ਦੱਸਿਆ ਕਿ ਪਾਰਦਰਸ਼ੀ ਚੋਣ ਪ੍ਰਕਿਰਿਆ ਉਪਰੰਤ ਜ਼ਿਲ੍ਹਾ ਸਿਸਟਮ ਮੈਨੇਜਰਾਂ ਦੇ ਅਹੁਦਿਆਂ ਲਈ 11 ਉਮੀਦਵਾਰਾਂ ਤੇ ਸਹਾਇਕ ਸਿਸਟਮ ਮੈਨੇਜਰਾਂ ਦੇ ਅਹੁਦਿਆਂ ਲਈ 37 ਉਮੀਦਵਾਰਾਂ ਦੀ ਚੋਣ ਕੀਤੀ ਗਈ | ਦੱਸਣਯੋਗ ਹੈ ਕਿ ਸਾਰੇ ਚੁਣੇ ਗਏ ਉਮੀਦਵਾਰ ਡਾਇਰੈਕਟਰ ਲੈਂਡ ਰਿਕਾਰਡਜ਼, ਜਲੰਧਰ ਵਿਖੇ ਦੋ ਮਹੀਨਿਆਂ ਦੇ ਸਿਖਲਾਈ ਪ੍ਰੋਗਰਾਮ ਵਿਚ ਹਿੱਸਾ ਲੈਣਗੇ, ਜਿਸ ਵਿਚ ਇੱਕ ਮਹੀਨੇ ਦੀ ਮਾਲੀਆ ਸਿਖਲਾਈ ਤੇ ਇੱਕ ਮਹੀਨੇ ਦੀ ਫ਼ੀਲਡ ਸਿਖਲਾਈ ਸ਼ਾਮਲ ਹੋਵੇਗੀ ਤਾਂ ਜੋ ਉਨ੍ਹਾਂ ਨੂੰ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਲੋੜੀਂਦੇ ਪੇਸ਼ੇਵਾਰ ਹੁਨਰ ਤੇ ਖੇਤਰੀ ਤਜਰਬਾ ਦਿੱਤਾ ਜਾ ਸਕੇ | ਮਾਲ ਮੰਤਰੀ ਨੇ ਕਿਹਾ ਕਿ ਇਹ ਭਰਤੀ ਯੋਗ ਸਟਾਫ਼ ਰਾਹੀਂ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਸੂਬਾ ਸਰਕਾਰ ਦੇ ਯਤਨਾਂ ਲਈ ਅਹਿਮ ਕਦਮ ਸਾਬਤ ਹੋਵੇਗੀ | ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੱਤੀ | ਸਮਾਗਮ ਦੌਰਾਨ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਲੈਂਡ ਰਿਕਾਰਡਜ਼ ਪਰਮਵੀਰ ਸਿੰਘ ਤੇ ਮਾਲ ਵਿਭਾਗ, ਪੰਜਾਬ ਲੈਂਡ ਰਿਕਾਰਡਜ਼ ਸੋਸਾਇਟੀ ਅਤੇ ਡਾਇਰੈਕਟਰ ਲੈਂਡ ਰਿਕਾਰਡਜ਼ ਦੇ ਅਧਿਕਾਰੀ ਸ਼ਾਮਲ ਸਨ |