ਚੰਡੀਗੜ੍ਹ, 17 ਜੂਨ (ਸੰਦੀਪ ਕੁਮਾਰ ਮਾਹਨਾ) – ਸਿੱਖ ਇਤਿਹਾਸ ਇਸ ਗੱਲ ਦਾ ਪ੍ਰਮਾਣ ਹੈ ਕਿ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਸਭ ਤੋਂ ਉੱਚੀ ਹੈ। ਮਹਾਰਾਜਾ ਰਣਜੀਤ ਸਿੰਘ ਨੇ ਵੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਸਿਰ ਮੱਥੇ ਮੰਨਿਆ ਸੀ ਅਤੇ ਭਗਵੰਤ ਮਾਨ ਨੂੰ ਵੀ ਉਸੇ ਪਰੰਪਰਾ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਚੰਡੀਗੜ੍ਹ ਵਿਖੇ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵਰਗੇ ਸ਼ਕਤੀਸ਼ਾਲੀ ਸ਼ਾਸਕ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਰਤਾ ਨਾਲ ਸੀਸ ਨਿਵਾ ਸਕਦੇ ਸਨ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਗੁਰੂ ਘਰ ਦੀ ਮਰਿਆਦਾ ਦਾ ਸਤਿਕਾਰ ਕਰਨਾ ਚਾਹੀਦਾ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਰੁਤਬਾ ਕਿਸੇ ਵੀ ਮੁੱਖ ਮੰਤਰੀ ਜਾਂ ਸਿਆਸੀ ਅਹੁਦੇ ਤੋਂ ਉੱਚਾ ਹੈ ਅਤੇ ਹਮੇਸ਼ਾ ਰਹੇਗਾ।ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਉਹ ਮਹਾਨ ਸ਼ਾਸਕ ਸਨ, ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਇਕ ਸ਼ਕਤੀਸ਼ਾਲੀ ਸਾਮਰਾਜ ਵਜੋਂ ਸਥਾਪਿਤ ਹੋਇਆ। ਇਸ ਦੇ ਬਾਵਜੂਦ ਜਦੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉਨ੍ਹਾਂ ਨੂੰ ਤਲਬ ਕੀਤਾ ਗਿਆ ਤਾਂ ਉਹ ਇਕ ਸਮਰਾਟ ਵਜੋਂ ਨਹੀਂ, ਸਗੋਂ ਗੁਰੂ ਘਰ ਦੇ ਨਿਮਰ ਸੇਵਕ ਵਜੋਂ ਹਾਜ਼ਰ ਹੋਏ। ਉਨ੍ਹਾਂ ਦੀ ਇਸ ਨਿਮਰਤਾ ਨੂੰ ਦੇਖਦਿਆਂ ਸੰਗਤ ਨੇ ਉਨ੍ਹਾਂ ਨੂੰ ਮੁਆਫ਼ ਕਰ ਦਿੱਤਾ ਸੀ। ਭਾਜਪਾ ਪ੍ਰਧਾਨ ਨੇ ਕਿਹਾ ਕਿ ਇਸ ਦੇ ਉਲਟ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਖ਼ਤ ਟਿੱਪਣੀਆਂ ਕੀਤੀਆਂ ਗਈਆਂ ਤਾਂ ਉਨ੍ਹਾਂ ਨੇ ਨਿਮਰਤਾ ਦਿਖਾਉਣ ਦੀ ਬਜਾਏ ਇਸ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਭੂਮਿਕਾ ’ਤੇ ਵੀ ਸਵਾਲ ਉਠਾਏ ਅਤੇ ਕੇਂਦਰੀ ਫੋਰੈਂਸਿਕ ਲੈਬ ਦੀਆਂ ਰਿਪੋਰਟਾਂ ਨੂੰ ਵੀ ਨਕਾਰਨ ਦੀ ਕੋਸ਼ਿਸ਼ ਕੀਤੀ। ਢਿੱਲੋਂ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿਨ੍ਹਾਂ ਲੋਕਾਂ ਨੇ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦਾ ਰਾਹ ਚੁਣਿਆ, ਉਨ੍ਹਾਂ ਨੂੰ ਕਦੇ ਵੀ ਸਿਆਸੀ ਜਾਂ ਸਮਾਜਿਕ ਤੌਰ ’ਤੇ ਲਾਭ ਨਹੀਂ ਹੋਇਆ।