06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਚੰਡੀਗੜ੍ਹ ਦੇ ਸੈਕਟਰ 53 ’ਚ ਕੂੜਾ ਸਾੜਨ ਦੀ ਸਮੱਸਿਆ ਨੂੰ ਲੈ ਕੇ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਚੰਡੀਗੜ੍ਹ ਨਗਰ ਨਿਗਮ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 26-06-2026
ਚੰਡੀਗੜ੍ਹ, 25 ਜੂਨ (ਸੰਦੀਪ ਕੁਮਾਰ ਮਾਹਨਾ) –ਚੰਡੀਗੜ੍ਹ ਦੇ ਸੈਕਟਰ 53 ’ਚ ਕੂੜਾ ਸਾੜਨ ਕਾਰਨ ਮੁਹਾਲੀ ਦੇ ਨਾਲ ਲੱਗਦੇ ਇਲਾਕਿਆਂ ’ਚ ਫੈਲ ਰਹੇ ਪ੍ਰਦੂਸ਼ਣ ਦੇ ਗੰਭੀਰ ਮਸਲੇ ਨੂੰ ਚੁੱਕਦਿਆਂ ਮੁਹਾਲੀ ਦੇ ਵਾਰਡ ਨੰਬਰ 6 ਤੋਂ ਕੌਂਸਲਰ, ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਵਾਰਡ ਨੰ 6 ਦੇ ਵਾਸੀਆਂ ਨੂੰ ਨਾਲ ਲੈ ਕੇ ਅੱਜ ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ ਅਮਿਤ ਕੁਮਾਰ ਨੂੰ ਮੰਗ ਪੱਤਰ ਸੌਂਪਿਆ। ਡਾ. ਆਹਲੂਵਾਲੀਆ ਨੇ ਕਿਹਾ ਕਿ ਸੈਕਟਰ 53 ’ਚ ਕੂੜਾ ਸਾੜਨ ਕਾਰਨ ਨਿਕਲਣ ਵਾਲਾ ਧੂੰਆਂ ਅਤੇ ਹਾਨੀਕਾਰਕ ਗੈਸਾਂ ਮੁਹਾਲੀ ਦੇ ਵਾਰਡ ਨੰਬਰ 6 ਸਮੇਤ ਨੇੜਲੇ ਰਿਹਾਇਸ਼ੀ ਇਲਾਕਿਆਂ ਤੱਕ ਪਹੁੰਚ ਰਹੀਆਂ ਹਨ, ਜਿਸ ਨਾਲ ਲੋਕਾਂ ਦੀ ਸਿਹਤ ’ਤੇ ਨਕਾਰਾਤਮਕ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ, ਬਜ਼ੁਰਗਾਂ ਅਤੇ ਸਾਹ ਸਬੰਧੀ ਬਿਮਾਰੀਆਂ ਨਾਲ ਪੀੜਤ ਲੋਕਾਂ ਲਈ ਇਹ ਸਥਿਤੀ ਖਾਸ ਤੌਰ ’ਤੇ ਚਿੰਤਾਜਨਕ ਹੈ। ਉਨ੍ਹਾਂ ਕਮਿਸ਼ਨਰ ਕੋਲ ਮੰਗ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਈ ਜਾਵੇ, ਕੂੜਾ ਸਾੜਨ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਅਤੇ ਸਥਾਈ ਪ੍ਰਬੰਧ ਕੀਤੇ ਜਾਣ। ਡਾ. ਆਹਲੂਵਾਲੀਆ ਨੇ ਕਿਹਾ ਕਿ ਸਾਫ਼ ਹਵਾ ਅਤੇ ਪ੍ਰਦੂਸ਼ਣ-ਮੁਕਤ ਵਾਤਾਵਰਨ ਹਰ ਨਾਗਰਿਕ ਦਾ ਬੁਨਿਆਦੀ ਹੱਕ ਹੈ। ਵਿਕਾਸ ਦੇ ਨਾਲ-ਨਾਲ ਵਾਤਾਵਰਨ ਦੀ ਸੁਰੱਖਿਆ ਅਤੇ ਲੋਕਾਂ ਦੀ ਸਿਹਤ ਨੂੰ ਵੀ ਬਰਾਬਰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਵਾਸੀਆਂ ਦੀ ਸਿਹਤ ਅਤੇ ਵਾਤਾਵਰਨ ਨਾਲ ਜੁੜੇ ਕਿਸੇ ਵੀ ਮਸਲੇ ਨੂੰ ਅਣਦੇਖਾ ਨਹੀਂ ਕੀਤਾ ਜਾਵੇਗਾ ਅਤੇ ਇਸ ਸੰਬੰਧੀ ਲਗਾਤਾਰ ਆਵਾਜ਼ ਚੁੱਕੀ ਜਾਂਦੀ ਰਹੇਗੀ। ਉਨ੍ਹਾਂ ਉਮੀਦ ਜਤਾਈ ਕਿ ਚੰਡੀਗੜ੍ਹ ਨਗਰ ਨਿਗਮ ਵਲੋਂ ਜਲਦ ਕਾਰਵਾਈ ਕਰਕੇ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਤਾਂ ਜੋ ਮੁਹਾਲੀ ਦੇ ਵਸਨੀਕਾਂ ਨੂੰ ਸਾਫ਼ ਅਤੇ ਸਿਹਤਮੰਦ ਵਾਤਾਵਰਨ ਮਿਲ ਸਕੇ।ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ ਅਮਿਤ ਕੁਮਾਰ ਨੇ ਡਾ. ਆਹਲੂਵਾਲੀਆ ਨੂੰ ਭਰੋਸਾ ਦਿਵਾਇਆ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਈ ਜਾਵੇਗੀ ਅਤੇ ਜੋ ਵੀ ਵਿਅਕਤੀ ਜਾਂ ਸੰਸਥਾ ਦੋਸ਼ੀ ਪਾਈ ਗਈ, ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਸਦੀ ਵੀ ਗਲਤੀ ਹੋਵੇਗੀ, ਉਸ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਦਫ਼ਤਰਾਂ ’ਚ ਸਮੇਂ ਦੀ ਪਾਬੰਦੀ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਮੇਅਰ ਦਾ ਅਚਨਚੇਤ ਦੌਰਾ ਅਗਲੀ ਖ਼ਬਰ ਮੈਚ ਦੇਖਣ ਲਈ ਬਹੁਤੇ ਪ੍ਰਸ਼ੰਸਕਾਂ ਨੂੰ ਨਹੀਂ ਮਿਲੇ ਕੈਨੇਡਾ ਦੇ ਵੀਜ਼ੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।