03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਚੰਡੀਗੜ੍ਹ ’ਚ ਸੋਨਮ ਵਾਂਗਚੁਕ ਦੇ ਸਮਰਥਨ ’ਚ ‘ਆਪ’ ਵਲੋਂ ਮਨੁੱਖੀ ਲੜੀ, ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਕੀਤੀ ਮੰਗ

ਅਜੀਤ ਡੈਸਕ 21-07-2026
ਚੰਡੀਗੜ੍ਹ, 20 ਜੁਲਾਈ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਚੰਡੀਗੜ੍ਹ ਨੇ ਪਾਰਟੀ ਪ੍ਰਧਾਨ ਵਿਜੈਪਾਲ ਸਿੰਘ ਦੀ ਅਗਵਾਈ ਹੇਠ ਜੇ.ਡਬਲਯੂ. ਮੈਰੀਅਟ ਸਾਹਮਣੇ, ਪਿਕਾਡਿਲੀ ਚੌਂਕ ਵਿਖੇ ਮਨੁੱਖੀ ਲੜੀ ਬਣਾਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪਾਰਟੀ ਨੇ ਵਾਤਾਵਰਨ ਪ੍ਰੇਮੀ ਤੇ ਸਿੱਖਿਆ ਸੁਧਾਰਕ ਸੋਨਮ ਵਾਂਗਚੁਕ ਦੇ ਸਮਰਥਨ ਵਿਚ ਆਪਣੀ ਆਵਾਜ਼ ਬੁਲੰਦ ਕਰਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ। ਪਾਰਟੀ ਪ੍ਰਧਾਨ ਵਿਜੈਪਾਲ ਸਿੰਘ ਨੇ ਕਿਹਾ ਕਿ ਜੰਤਰ-ਮੰਤਰ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਤੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨਾ ਤੇ ਅੱਥਰੂ ਗੈਸ ਦੇ ਗੋਲੇ ਛੱਡਣਾ ਬਹੁਤ ਹੀ ਦੁਖਦਾਈ ਹੈ। ਸੀਨੀਅਰ ਉਪ ਪ੍ਰਧਾਨ ਹਰਦੀਪ ਸਿੰਘ ਬੂਟਰੇਲਾ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਗੰਭੀਰ ਹੈ ਤਾਂ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਜੇ ਤੱਕ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਅਸਤੀਫ਼ਾ ਕਿਉਂ ਨਹੀਂ ਲੈ ਰਹੇ। ਸੂਬਾ ਜਨਰਲ ਸਕੱਤਰ ਓਮਕਾਰ ਸਿੰਘ ਔਲਖ ਨੇ ਕਿਹਾ ਕਿ ਦੇਸ਼ ਦੇ ਨੌਜਵਾਨ ਅਤੇ ਵਿਦਿਆਰਥੀ ਸਿਰਫ਼ ਆਪਣੇ ਹੱਕਾਂ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਈ ਵਿਦਿਆਰਥੀ ਮਹੀਨਿਆਂ ਤੱਕ ਦਿਨ ਦੇ 15-15 ਘੰਟੇ ਪੜ੍ਹਾਈ ਕਰਦਾ ਹੈ ਤੇ ਬਾਅਦ ਵਿਚ ਪਤਾ ਲੱਗਦਾ ਹੈ ਕਿ ਪ੍ਰੀਖਿਆ ਦਾ ਪੇਪਰ ਲੀਕ ਹੋ ਗਿਆ ਹੈ, ਤਾਂ ਉਸ ’ਤੇ ਕੀ ਬੀਤਦੀ ਹੋਵੇਗੀ, ਇਸ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਭਰਤੀ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਬਣਾਇਆ ਜਾਵੇ। ਸੂਬਾ ਮੀਡੀਆ ਇੰਚਾਰਜ ਵਿਕਰਾਂਤ ਏ. ਤੰਵਰ ਨੇ ਕਿਹਾ ਕਿ ਪੂਰੇ ਦੇਸ਼ ਨੇ ਦੇਖਿਆ ਕਿ ਸੋਨਮ ਵਾਂਗਚੁਕ ਨੂੰ ਪੁਲਿਸ ਕਰਮਚਾਰੀਆਂ ਵਲੋਂ ਚਿੱਟੀ ਚਾਦਰ ਵਿਚ ਲਪੇਟ ਕੇ ਉੱਥੋਂ ਲਿਜਾਇਆ ਗਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਲੋਕਤੰਤਰ ਵਿਚ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦਾ ਸਤਿਕਾਰ ਹੋਣਾ ਚਾਹੀਦਾ ਹੈ ਤੇ ਸਰਕਾਰ ਨੂੰ ਬਲ ਪ੍ਰਯੋਗ ਦੀ ਬਜਾਏ ਗੱਲਬਾਤ ਰਾਹੀਂ ਹੱਲ ਕੱਢਣਾ ਚਾਹੀਦਾ ਹੈ। ਇਸ ਮੌਕੇ ਕੌਂਸਲਰ ਮੁਨੱਵਰ ਰਾਣਾ, ਯੋਗੇਸ਼ ਢੀਂਗਰਾ, ਦਿਹਾਤੀ ਪ੍ਰਧਾਨ ਜੱਗਾ, ਅਜੀਤ, ਲਲਿਤ ਮੋਹਨ, ਗੋਪਾਲ ਅੱਤਰੀ, ਮਨੀਸ਼, ਘੱਟਗਿਣਤੀ ਵਿੰਗ ਦੇ ਪ੍ਰਧਾਨ ਸ਼ਾਦਾਬ ਰਾਠੀ, ਜਗਮੋਹਨ, ਪੀ.ਪੀ. ਘਈ ਅਤੇ ਤਰਸੇਮ ਮਿੱਤਲ ਸਮੇਤ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਤੇਜ਼ ਰਫ਼ਤਾਰ ਬੀ. ਐੱਮ. ਡਬਲਯੂ. ਦੀ ਟੱਕਰ ਨਾਲ ਬੁਲਟ ਸਵਾਰ ਨੌਜਵਾਨ ਦੀ ਮੌਤ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ ਆਰ. ਐੱਸ. ਐਸ. ਦੇ 2 ਮਹਿਮਾਨਾਂ ਨੂੰ ਬੁਲਾਉਣ ਬਦਲੇ ਵਿਦਿਆਰਥੀਆਂ ਨੇ ਕੀਤਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।