04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਨੀਟ ਪੇਪਰ ਲੀਕ ਤੇ ਰਾਹੁਲ ਗਾਂਧੀ ਨੂੰ ਹਿਰਾਸਤ ’ਚ ਲੈਣ ਦੇ ਵਿਰੋਧ ’ਚ ਕਾਂਗਰਸ ਵਲੋਂ ਭਾਜਪਾ ਦਫ਼ਤਰ ਦਾ ਘਿਰਾਓ

ਅਜੀਤ ਡੈਸਕ 23-07-2026
ਪੰਚਕੂਲਾ, 22 ਜੁਲਾਈ (ਕਪਿਲ)-ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਕਥਿਤ ਲਾਠੀਚਾਰਜ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਹਿਰਾਸਤ ’ਚ ਲਏ ਜਾਣ ਦੇ ਵਿਰੋਧ ’ਚ ਹਰਿਆਣਾ ਕਾਂਗਰਸ ਨੇ ਅੱਜ ਪੰਚਕੂਲਾ ਸਥਿਤ ਭਾਜਪਾ ਦੇ ਸੂਬਾ ਦਫ਼ਤਰ ‘ਪੰਚਕਮਲ’ ਦਾ ਘਿਰਾਓ ਕੀਤਾ। ਇਸ ਦੌਰਾਨ ਪੁਲਿਸ ਵਲੋਂ ਕੀਤੀ ਗਈ ਬੈਰੀਕੇਡਿੰਗ ਨੂੰ ਲੰਘਣ ਦੀ ਕੋਸ਼ਿਸ਼ ਕਰ ਰਹੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਹੋਈ, ਜਿਸ ਤੋਂ ਬਾਅਦ ਕਾਂਗਰਸ ਦੇ ਕਈ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ। ਹਰਿਆਣਾ ਕਾਂਗਰਸ ਦੇ ਪ੍ਰਭਾਰੀ ਸੰਜੇ ਦੱਤ ਅਤੇ ਸੂਬਾ ਪ੍ਰਧਾਨ ਰਾਓ ਨਰਿੰਦਰ ਸਿੰਘ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ’ਚ ਪੰਚਕੂਲਾ ਤੋਂ ਵਿਧਾਇਕ ਚੰਦਰ ਮੋਹਨ ਬਿਸ਼ਨੋਈ, ਸਾਬਕਾ ਵਿਧਾਇਕ ਪ੍ਰਦੀਪ ਚੌਧਰੀ ਸਮੇਤ ਕਈ ਵਿਧਾਇਕ, ਅਹੁਦੇਦਾਰ ਤੇ ਵੱਡੀ ਗਿਣਤੀ ’ਚ ਵਰਕਰ ਸ਼ਾਮਿਲ ਹੋਏ। ਪ੍ਰਦਰਸ਼ਨ ਦੇ ਮੱਦੇਨਜ਼ਰ ਭਾਜਪਾ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਦੇਸ਼ ਭਰ ਦੇ ਵਿਦਿਆਰਥੀ ਨੀਟ ਪੇਪਰ ਲੀਕ ਮਾਮਲੇ ’ਚ ਇਨਸਾਫ਼ ਦੀ ਮੰਗ ਲਈ ਜੰਤਰ-ਮੰਤਰ ’ਤੇ ਧਰਨਾ ਦੇ ਰਹੇ ਹਨ, ਪਰ ਉਨ੍ਹਾਂ ਦੀ ਆਵਾਜ਼ ਦਬਾਉਣ ਲਈ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਹੱਕ ’ਚ ਆਵਾਜ਼ ਉਠਾਉਣ ਵਾਲੇ ਰਾਹੁਲ ਗਾਂਧੀ ਨੂੰ ਵੀ ਹਿਰਾਸਤ ’ਚ ਲੈਣਾ ਲੋਕਤੰਤਰਕ ਕਦਰਾਂ-ਕੀਮਤਾਂ ਦੇ ਵਿਰੁੱਧ ਹੈ। ਇਸ ਪ੍ਰਦਰਸ਼ਨ ਦੌਰਾਨ ਕੁਝ ਵਰਕਰਾਂ ਨੇ ਬੈਰੀਕੇਡਾਂ ’ਤੇ ਚੜ੍ਹਨ ਅਤੇ ਉਨ੍ਹਾਂ ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਮੌਕੇ ’ਤੇ ਤਣਾਅਪੂਰਨ ਸਥਿਤੀ ਬਣ ਗਈ ਅਤੇ ਉਨ੍ਹਾਂ ਦੀ ਪੁਲਿਸ ਨਾਲ ਧੱਕਾ-ਮੁੱਕੀ ਹੋਈ। ਹਾਲਾਤ ਨੂੰ ਕਾਬੂ ਕਰਨ ਲਈ ਪੁਲਿਸ ਨੇ ਹਰਿਆਣਾ ਕਾਂਗਰਸ ਦੇ ਪ੍ਰਭਾਰੀ ਸੰਜੇ ਦੱਤ, ਸੂਬਾ ਪ੍ਰਧਾਨ ਰਾਓ ਨਰਿੰਦਰ ਸਿੰਘ ਸਮੇਤ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈ ਲਿਆ। ਇਸ ਮੌਕੇ ਸੰਜੇ ਦੱਤ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਨੀਟ ਪੇਪਰ ਲੀਕ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਦਬਾਉਣ ਦੀ ਬਜਾਏ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਵੀ ਕੀਤੀ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਿਵਾਸ ਦੇ ਘਿਰਾਓ ਦੀ ਕੋਸ਼ਿਸ਼ ਦੇ ਵਿਰੋਧ ’ਚ ਚੰਡੀਗੜ੍ਹ ਭਾਜਪਾ ਦਾ ਕਾਂਗਰਸ ਭਵਨ ਅੱਗੇ ਪ੍ਰਦਰਸ਼ਨ ਅਗਲੀ ਖ਼ਬਰ ਭਗਤ ਪੂਰਨ ਸਿੰਘ ਦੀ 34ਵੀਂ ਬਰਸੀ ਦੇ ਸਮਾਗਮ 3 ਤੋਂ 5 ਅਗਸਤ ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।