ਐੱਸ. ਏ. ਐੱਸ. ਨਗਰ, 30 ਜੁਲਾਈ (ਪ੍ਰੋ. ਅਵਤਾਰ ਸਿੰਘ)- ‘ਹਰਿ-ਹਰਿ ਮਹਾਂਦੇਵ’ ਦੇ ਜੈਕਾਰਿਆਂ ਤੇ ਅਲੌਕਿਕ ਮਾਹੌਲ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁਹਾਲੀ ਵਿਖੇ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਨਾਮਕ ਭਜਨ ਸੰਧਿਆ ‘ਚ ਹਾਜ਼ਰੀ ਲੁਆਈ ਗਈ। ਇਸ ਮੌਕੇ ਹਜ਼ਾਰਾਂ ਸ਼ਰਧਾਲੂਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਨੂੰ ਗੁਰੂਆਂ ਤੇ ਸੰਤਾਂ ਦੀ ਪਵਿੱਤਰ ਧਰਤੀ ਦੱਸਦਿਆਂ ਕਿਹਾ ਕਿ ਸੂਬੇ ਦੀ ਭਾਈਚਾਰਕ ਸਦਭਾਵਨਾ, ਸਾਂਝ ਅਤੇ ਆਪਸੀ ਸਤਿਕਾਰ ਦੀਆਂ ਸਦੀਵੀ ਰਵਾਇਤਾਂ ਹੀ ਇਸ ਦੀ ਸਭ ਤੋਂ ਵੱਡੀ ਤਾਕਤ ਹਨ। ਉਨ੍ਹਾਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਵਿਸਥਾਰ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ 1 ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵਰਿੰਦਾਵਨ ਧਾਮ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਸ਼ੁਰੂ ਕਰੇਗੀ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਘਰੋਂ ਲੈ ਕੇ ਜਾਣ, ਰਹਿਣ, ਖਾਣ-ਪੀਣ ਅਤੇ ਵਾਪਸੀ ਦੀ ਯਾਤਰਾ ਦਾ ਸਾਰਾ ਖ਼ਰਚਾ ਸਰਕਾਰ ਵਲੋਂ ਕੀਤਾ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿਥੇ ਪੰਜਾਬ ‘ਚ ਪਿਆਰ ਅਤੇ ਏਕਤਾ ਹੈ, ਉਥੇ ਹੀ ਵੰਡ ਪਾਊ ਤਾਕਤਾਂ ਵਲੋਂ ਨਫ਼ਰਤ ਦੇ ਬੀਜ ਬੀਜਣ ਦੀ ਹਰ ਕੋਸ਼ਿਸ਼ ਨੂੰ ਸੂਬੇ ਦੇ ਲੋਕ ਨਾਕਾਮ ਕਰ ਦੇਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਖ਼ਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਵਰਗੀਆਂ ਸਹੂਲਤਾਂ ਇਸੇ ਸੋਚ ਦਾ ਨਤੀਜਾ ਹਨ। ਉਨ੍ਹਾਂ ਕਿਹਾ ਕਿ ‘ਭਗਵਾਨ ਸ਼ਿਵ’ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਇਸ ਅਹਿਮ ਪ੍ਰੋਗਰਾਮ ਨੂੰ ਪੂਰੇ ਸੂਬੇ ‘ਚ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਭਗਵਾਨ ਸ਼ਿਵ ਦਾ ਸੰਦੇਸ਼ ਪਹੁੰਚਾਉਣ ਲਈ ਸੂਬੇ ਦੇ 22 ਸ਼ਹਿਰਾਂ ‘ਚ ਇਹ ਪ੍ਰੋਗਰਾਮ ਉਲੀਕਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਪਿੱਛੇ ਸਰਕਾਰ ਦਾ ਮੁੱਖ ਮਕਸਦ ਹੈ ਕਿ ਸਾਉਣ ਦੇ ਇਸ ਪਵਿੱਤਰ ਮਹੀਨੇ ਦੌਰਾਨ ਪੂਰੇ ਪੰਜਾਬ ਦੇ ਲੋਕ ਭਗਵਾਨ ਸ਼ਿਵ ਦੀ ਭਗਤੀ ‘ਚ ਲੀਨ ਹੋ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਇਕ ਅਜਿਹਾ ਸੁੰਦਰ ਗੁਲਦਸਤਾ ਹੈ, ਜਿਥੇ ਕਿ ਸਾਰੇ ਧਰਮਾਂ ਦੇ ਲੋਕ ਹਰ ਤਿਉਹਾਰ ਨੂੰ ਮਿਲ ਕੇ ਮਨਾਉਂਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ ਕਿਉਂਕਿ ਜੇਕਰ ਵਿਰੋਧੀ ਧਿਰ ਕਦੇ ਸੱਤਾ ‘ਚ ਆਉਂਦੀ ਹੈ ਤਾਂ ਉਹ ਸਾਡੀ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਸਾਰੇ ਲੋਕ-ਭਲਾਈ ਉਪਰਾਲਿਆਂ ਨੂੰ ਬੰਦ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਜਨਤਕ ਸਹੂਲਤ ਨੂੰ ਪਹਿਲ ਦਿੰਦਿਆਂ ਸਰਕਾਰ ਨੇ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਲੋਕਾਂ ਦੀ ਰੋਜ਼ਾਨਾ ਲਗਪਗ 70 ਲੱਖ ਰੁ. ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੂਰੀ ਪਾਰਦਰਸ਼ੀ ਪ੍ਰਕਿਰਿਆ ਨਾਲ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ 44,000 ਕਿੱਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਹੋਰ ਵੀ ਕਈ ਲੋਕ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ‘ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਤਿਹਾਸਕ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਮਕਸਦ ਸੂਬੇ ਦੇ ਹਰ ਪਰਿਵਾਰ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ ਅਤੇ ਹੁਣ ਤੱਕ ਲੋਕ ਇਸ ਯੋਜਨਾ ਤਹਿਤ 650 ਕਰੋੜ ਰ. ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।