02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਨਸ਼ਾ ਮੁਕਤ ਪੰਜਾਬ ਦੀ ਮੁਹਿੰਮ ਨੂੰ ਜਨ ਅੰਦੋਲਨ ਬਣਾਉਣ ਲਈ ਯੂਨੀਵਰਸਿਟੀਆਂ ਅੱਗੇ ਆਉਣ-ਰਾਜਪਾਲ ਕਟਾਰੀਆ

ਅਜੀਤ ਡੈਸਕ 01-08-2026
ਚੰਡੀਗੜ੍ਹ, 31 ਜੁਲਾਈ (ਸੰਦੀਪ ਕੁਮਾਰ ਮਾਹਨਾ)– ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸੂਬੇ ਅਤੇ ਚੰਡੀਗੜ੍ਹ ਦੀਆਂ ਯੂਨੀਵਰਸਿਟੀਆਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਨੂੰ ਜਨ ਅੰਦੋਲਨ ਦਾ ਰੂਪ ਦੇਣ ਲਈ ਅਹਿਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਿੱਖਿਆ ਸੰਸਥਾਵਾਂ ਸਭ ਤੋਂ ਪ੍ਰਭਾਵਸ਼ਾਲੀ ਮੰਚ ਹਨ ਅਤੇ ਹਰ ਯੂਨੀਵਰਸਿਟੀ ਨੂੰ ਵੱਧ ਤੋਂ ਵੱਧ ਵਿਦਿਆਰਥੀਆਂ, ਅਧਿਆਪਕਾਂ ਅਤੇ ਯੁਵਾ ਵਲੰਟੀਅਰਾਂ ਨੂੰ ਇਸ ਮੁਹਿੰਮ ਨਾਲ ਜੋੜਨਾ ਚਾਹੀਦਾ ਹੈ। ਚੰਡੀਗੜ੍ਹ ਸਥਿਤ ਪੰਜਾਬ ਲੋਕ ਭਵਨ ਵਿਖੇ ਸ਼ੁੱਕਰਵਾਰ ਨੂੰ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਰਾਜਪਾਲ ਨੇ ‘ਮਾਈ ਭਾਰਤ ਯੁਵਾ ਕਨੈਕਟ-ਨਸ਼ਾ ਮੁਕਤ ਅਭਿਆਨ’ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਮੀਟਿੰਗ ਵਿਚ ਰਾਜਪਾਲ ਦੇ ਵਧੀਕ ਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ, ਸਕੱਤਰ ਸਕੂਲ ਸਿੱਖਿਆ ਪ੍ਰੇਰਣਾ ਪੁਰੀ, ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਪ੍ਰੋ. ਮੀਨਾਕਸ਼ੀ ਗੋਇਲ, ਮਾਈ ਭਾਰਤ ਯੁਵਾ ਕਨੈਕਟ ਪੰਜਾਬ ਦੀ ਡਾਇਰੈਕਟਰ ਰਸ਼ਮੀਤ ਕੌਰ, ਜ਼ਿਲ੍ਹਾ ਯੂਥ ਅਫ਼ਸਰ ਵਿਨੈ ਕੁਮਾਰ ਅਤੇ ਹੋਰ ਅਧਿਕਾਰੀ ਮੌਜੂਦ ਸਨ, ਜਦਕਿ ਪੰਜਾਬ ਅਤੇ ਚੰਡੀਗੜ੍ਹ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਉਪ ਕੁਲਪਤੀ ਵਰਚੁਅਲ ਤੌਰ ’ਤੇ ਸ਼ਾਮਲ ਹੋਏ। ਰਾਜਪਾਲ ਕਟਾਰੀਆ ਨੇ ਕਿਹਾ ਕਿ 2 ਅਗਸਤ ਨੂੰ ਸਵੇਰੇ 10 ਵਜੇ ਹੋਣ ਵਾਲੇ ਮੁੱਖ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਭਰ ਦੇ ਨੌਜਵਾਨਾਂ ਨੂੰ ਵਰਚੁਅਲ ਤੌਰ ’ਤੇ ਸੰਬੋਧਨ ਕਰਨਗੇ। ਉਨ੍ਹਾਂ ਯੂਨੀਵਰਸਿਟੀਆਂ ਨੂੰ ਹਦਾਇਤ ਕੀਤੀ ਕਿ ਇਸ ਤੋਂ ਪਹਿਲਾਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ‘ਮਾਈ ਭਾਰਤ ਪੋਰਟਲ’ ’ਤੇ ਰਜਿਸਟਰ ਕਰਵਾ ਕੇ ਨਸ਼ਾ ਮੁਕਤੀ ਦੀ ਈ-ਸ਼ਪਥ ਦਿਵਾਈ ਜਾਵੇ ਅਤੇ ਈ-ਸਰਟੀਫਿਕੇਟ ਡਾਊਨਲੋਡ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਰਾਜਪਾਲ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਤੇ ਨਸ਼ਾ ਮੁਕਤ ਭਾਰਤ ਦਾ ਸੁਫ਼ਨਾ ਸਿਰਫ਼ ਸਰਕਾਰੀ ਯਤਨਾਂ ਨਾਲ ਨਹੀਂ, ਸਗੋਂ ਨੌਜਵਾਨਾਂ, ਅਧਿਆਪਕਾਂ ਅਤੇ ਵਿਦਿਅਕ ਸੰਸਥਾਵਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸਾਕਾਰ ਹੋ ਸਕਦਾ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਇੱਕ ਸਿਹਤਮੰਦ, ਜਾਗਰੂਕ ਤੇ ਜ਼ਿੰਮੇਵਾਰ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਗੀਆਂ।
ਪਿਛਲੀ ਖ਼ਬਰ ਔਰਤਾਂ ਦਾ ਸਸ਼ਕਤੀਕਰਨ ਸਿਰਫ ਭਾਸ਼ਣਾਂ ਰਾਹੀਂ ਪ੍ਰਾਪਤ ਨਹੀਂ ਕੀਤਾ ਜਾ ਸਕਦਾ-ਰਿੰਕੂ ਭਾਦੁੜੀ ਅਗਲੀ ਖ਼ਬਰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੈਅ ਸਮੇਂ ਤੋਂ ਪਹਿਲਾਂ ਹੋਣਗੀਆਂ ਤੇ ਸਮੁੱਚੇ ਪੰਜਾਬੀਆਂ ਦੀ ਟੇਕ-ਭੁਪੇਸ਼ ਬਘੇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।