ਐੱਸ. ਏ. ਐੱਸ. ਨਗਰ, 5 ਅਗਸਤ (ਕਪਿਲ ਵਧਵਾ)- ਮੁਹਾਲੀ ਵਿਚ ਇਕ ਦਰਦਨਾਕ ਸੜਕ ਹਾਦਸੇ ਦੌਰਾਨ 9ਵੀਂ ਜਮਾਤ ਵਿਚ ਪੜ੍ਹਦੀ ਲਗਪਗ 15 ਸਾਲਾ ਲੜਕੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਹਿਮਤ ਵਜੋਂ ਹੋਈ ਹੈ, ਜੋ ਫੇਜ਼-7 ਦੀ ਰਹਿਣ ਵਾਲੀ ਸੀ ਅਤੇ ਸੈਕਟਰ-69 ਸਥਿਤ ਸ਼ੈਮਰੌਕ ਸਕੂਲ ਵਿਚ 9ਵੀਂ ਜਮਾਤ ਦੀ ਵਿਦਿਆਰਥਣ ਸੀ। ਹਾਦਸੇ ਦੀ ਖ਼ਬਰ ਮਿਲਦੇ ਹੀ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਦੁਪਹਿਰ ਨੂੰ ਉਸ ਸਮੇਂ ਵਾਪਰਿਆ ਜਦੋਂ ਸਕੂਲ ਤੋਂ ਛੁੱਟੀ ਹੋਣ ਉਪਰੰਤ ਆਪਣੇ ਸਾਈਕਲ ਤੋਂ ਘਰ ਵੱਲ ਨੂੰ ਜਾ ਰਹੀ ਸੀ ਤਾਂ ਮੈਕਸੀਮੋ ਮਿੰਨੀ ਵੈਨ ਦੀ ਟੱਕਰ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਹਾਦਸੇ ਤੋਂ ਬਾਅਦ ਮਹਿੰਦਰਾ ਮੈਕਸੀਮੋ ਮਿੰਨੀ ਵੈਨ ਦੇ ਚਾਲਕ ਨੇ ਜ਼ਖ਼ਮੀ ਨਿਹਮਤ ਨੂੰ ਇਲਾਜ ਲਈ ਅਮਰ ਹਸਪਤਾਲ ਪਹੁੰਚਾਇਆ, ਪਰ ਉੱਥੇ ਛੱਡਣ ਤੋਂ ਬਾਅਦ ਉਹ ਆਪਣੀ ਗੱਡੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਜਿੱਥੇ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਫੇਜ਼-8 ਦੀ ਪੁਲਿਸ ਮੌਕੇ ‘ਤੇ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਅਣਪਛਾਤੇ ਮਹਿੰਦਰਾ ਮੈਕਸੀਮੋ ਮਿੰਨੀ ਵੈਨ ਚਾਲਕ ਖ਼ਿਲਾਫ਼ ਬੀ.ਐਨ.ਐਸ. ਦੀ ਧਾਰਾ 106(1) ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਕੇ ਫਰਾਰ ਚਾਲਕ ਦੀ ਭਾਲ ਵਿੱਚ ਜੁਟੀ ਹੋਈ ਹੈ। ਮਾਸੂਮ ਧੀ ਦੇ ਘਰ ਨਾ ਪਰਤਣ ਦੀ ਉਡੀਕ ਕਰ ਰਹੇ ਮਾਪਿਆਂ ਨੂੰ ਜਦੋਂ ਉਸ ਦੀ ਮੌਤ ਦੀ ਖ਼ਬਰ ਮਿਲੀ ਤਾਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦ ਕਾਬੂ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।