ਐੱਸ. ਏ. ਐੱਸ. ਨਗਰ, 18 ਅਗਸਤ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਦੀ ਅਗਵਾਈ ‘ਚ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਸਮੀਖਿਆ ਮੀਟਿੰਗ ਸੱਦੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਬਾਜ਼ਾਰਾਂ ਅਤੇ ਵਪਾਰਕ ਸੰਸਥਾਵਾਂ ਨਾਲ ਸੰਬੰਧਿਤ ਨੁਮਾਇੰਦਿਆਂ ਵਲੋਂ ਕਮਿਸ਼ਨ ਦੀਆਂ ਮੀਟਿੰਗਾਂ ਦੌਰਾਨ ਧਿਆਨ ‘ਚ ਲਿਆਂਦੀਆਂ ਗਈਆਂ ਮੰਗਾਂ ਅਤੇ ਸ਼ਿਕਾਇਤਾਂ ਦਾ ਵਿਭਾਗ ਵਾਈਜ਼ ਨਿਪਟਾਰੇ ਬਾਰੇ ਜਾਇਜ਼ਾ ਲਿਆ ਗਿਆ। ਇਸ ਮੌਕੇ ਡਾ. ਅੰਕਿਤਾ ਕਾਂਸਲ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਪੈਂਡਿੰਗ ਕੰਮਾਂ ਦੀ ਸਮੀਖਿਆ ਕਰਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਵਪਾਰੀਆਂ ਦੇ ਲੰਬੇ ਸਮੇਂ ਤੋਂ ਲੰਬਿਤ ਪਏ ਕੰਮਾਂ ਦਾ ਤੁਰੰਤ ਨਿਪਟਾਰਾ ਕਰਕੇ ਪੋਰਟਲ ‘ਤੇ ਅੱਪਲੋਡ ਕੀਤਾ ਜਾਵੇ। ਉਨ੍ਹਾਂ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਰਸਾਤਾਂ ਦੇ ਮੌਸਮ ਨੂੰ ਦੇਖਦੇ ਹੋਏ ਉਨ੍ਹਾਂ ਕੋਲ ਜੋ ਵੀ ਬਿਜਲੀ ਦੀਆਂ ਲਟਕਦੀਆਂ ਤਾਰਾਂ ਆਦਿ ਦੀ ਮੁਰੰਮਤ ਸੰਬੰਧੀ ਸ਼ਿਕਾਇਤਾਂ ਪੈਂਡਿੰਗ ਹਨ, ਉਨ੍ਹਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਇਸੇ ਦੌਰਾਨ ਡਾ. ਅੰਕਿਤਾ ਕਾਂਸਲ ਨੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੂੰ ਭਰੋਸਾ ਦਿਵਾਇਆ ਕਿ ਵਪਾਰੀਆਂ ਵਲੋਂ ਉਠਾਏ ਗਏ ਹਰੇਕ ਮੁੱਦੇ ਨੂੰ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਵਪਾਰੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਪੱਧਰੀ ਕਮਿਸ਼ਨ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ‘ਚ ਲਿਆਂਦਾ ਜਾਵੇ ਤਾਂ ਜੋ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ। ਇਸ ਮੌਕੇ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਦ, ਮੁਹਾਲੀ ਦੇ ਵਿਧਾਨ ਸਭਾ ਹਲਕਾ ਪੱਧਰੀ ਚੇਅਰਮੈਨ ਅਕਵਿੰਦਰ ਸਿੰਘ ਗੋਸਲ, ਖਰੜ ਦੇ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ ਅਤੇ ਸਹਾਇਕ ਕਮਿਸ਼ਨਰ ਨਗਰ ਨਿਗਮ ਮੁਹਾਲੀ ਮਨਪ੍ਰੀਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵਪਾਰੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।