28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮਹਾਂ - ਹੜਤਾਲ ਦੇ ਸੱਦੇ ਨੂੰ ਮੁਹਾਲੀ ਦੇ ਮੁਲਾਜ਼ਮਾਂ ਤੇ ਅਧਿਆਪਕਾਂ ਨੇ ਦਿੱਤਾ ਭਰਵਾਂ ਹੁੰਗਾਰਾ

ਐੱਸ. ਏ.

ਸਮੂਹਿਕ ਛੁੱਟੀ ਲੈ ਕੇ ਵੱਖ - ਵੱਖ ਵਿਭਾਗਾਂ ਦੇ ਮੁਲਾਜ਼ਮਾਂ ਤੇ ਅਧਿਆਪਕਾਂ ਨੇ ਵੱਖ - ਵੱਖ ਥਾਈਂ ਕੀਤੀਆਂ ਰੋਸ ਰੈਲੀਆਂ , ਸਰਕਾਰੀ ਦਫ਼ਤਰ ਤੇ ਸਕੂਲ ਰਹੇ ਸੁੰਨੇ 28-08-2026
ਐੱਸ. ਏ. ਐੱਸ. ਨਗਰ, 27 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)- ਸੂਬਾ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਵਲੋਂ ਦਿੱਤੇ ਗਏ ਮਹਾਂ-ਹੜਤਾਲ ਦੇ ਸੱਦੇ ਨੂੰ ਮੁਹਾਲੀ ਦੇ ਮੁਲਾਜ਼ਮਾਂ ਤੇ ਅਧਿਆਪਕਾਂ ਨੇ ਭਰਵਾਂ ਹੁੰਗਾਰਾ ਦਿੱਤਾ। ਮਹਾਂ-ਹੜਤਾਲ ਵਿਚ ਸ਼ਮੂਲੀਅਤ ਕਰਦਿਆਂ ਸਿਹਤ, ਸਿੱਖਿਆ, ਪਾਵਰਕਾਮ ਤੇ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਵੱਖ-ਵੱਖ ਦਫ਼ਤਰਾਂ ਅੱਗੇ ਰੋਸ ਰੈਲੀਆਂ ਕੀਤੀਆਂ ਗਈਆਂ। ਪਿਛਲੇ ਲੰਬੇ ਸਮੇਂ ਬਾਅਦ ਇੰਨੀ ਵੱਡੀ ਗਿਣਤੀ ਵਿਚ ਮੁਹਾਲੀ ਦੇ ਮੁਲਾਜ਼ਮਾਂ ਤੇ ਅਧਿਆਪਕਾਂ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ ਵੀ ਸ਼ਾਮਿਲ ਸਨ, ਨੇ ਸਮੂਹਿਕ ਛੁੱਟੀ ਲੈ ਕੇ ਰੋਸ ਰੈਲੀਆਂ ਵਿਚ ਸ਼ਮੂਲੀਅਤ ਕੀਤੀ। ਜ਼ਿਲ੍ਹਾ ਮੁਹਾਲੀ ਦੇ ਜ਼ਿਆਦਾਤਰ ਵਿਭਾਗਾਂ ਦੇ ਮੁਲਜ਼ਮਾਂ ਵਲੋਂ ਸਮੂਹਿਕ ਛੁੱਟੀ ਲਏ ਜਾਣ ਕਾਰਨ ਸਰਕਾਰੀ ਦਫ਼ਤਰਾਂ ਤੇ ਸਕੂਲਾਂ ਵਿਚ ਸੁੰਨ ਪਸਰੀ ਰਹੀ। ਹੜਤਾਲ ਦੌਰਾਨ ਸਰਕਾਰੀ ਬੱਸਾਂ ਬੰਦ ਰਹੀਆਂ, ਪਰ ਸੀ. ਟੀ. ਯੂ. ਤੇ ਹੋਰ ਪ੍ਰਾਈਵੇਟ ਬੱਸਾਂ ਆਮ ਵਾਂਗ ਚੱਲਦੀਆਂ ਰਹੀਆਂ, ਜਿਨ੍ਹਾਂ ‘ਚ ਸਵਾਰੀਆਂ ਦੀ ਗਿਣਤੀ ਬਹੁਤ ਘੱਟ ਰਹੀ। ਸਰਕਾਰੀ ਸਕੂਲ ਖੁੱਲ੍ਹੇ ਰਹੇ, ਪਰ ਉਨ੍ਹਾਂ ਵਿਚ ਅਧਿਆਪਕਾਂ ਤੇ ਬੱਚਿਆਂ ਦੀ ਗਿਣਤੀ ਨਾ ਮਾਤਰ ਰਹੀ, ਜਦਕਿ ਪ੍ਰਾਈਵੇਟ ਸਕੂਲ ਪੂਰੀ ਤਰ੍ਹਾਂ ਖੁੱਲ੍ਹੇ ਰਹੇ। ਮੁਹਾਲੀ ਵਿਚ ਅੱਧੀ ਦਰਜਨ ਦੇ ਕਰੀਬ ਥਾਵਾਂ ਉੱਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਰੈਲੀਆਂ ਕੀਤੀਆਂ ਗਈਆਂ ਅਤੇ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਕੋਆਰਡੀਨੇਟਰ ਕਮੇਟੀ ਦੀ ਅਗਵਾਈ ਵਿਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ, ਪੈਨਸ਼ਨਰਾਂ ਤੇ ਅਧਿਆਪਕਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਪੁੱਡਾ ਭਵਨ ਦੇ ਸਾਹਮਣੇ ਵਿਸ਼ਾਲ ਰੋਸ ਰੈਲੀ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਤਾਲਮੇਲ ਕਮੇਟੀ ਦੇ ਆਗੂਆਂ ਕਰਤਾਰ ਪਾਲ ਸਿੰਘ, ਅਮਿਤ ਕਟੋਚ, ਐਨ. ਡੀ. ਤਿਵਾੜੀ, ਰਵਿੰਦਰ ਸਿੰਘ ਪੱਪੀ, ਗੁਰਪਿਆਰ ਸਿੰਘ ਕੋਟਲੀ, ਤੇਜਿੰਦਰ ਸਿੰਘ, ਹਰਕ੍ਰਿਸ਼ਨ ਸਿੰਘ, ਗੁਰਵਿੰਦਰ ਸਿੰਘ, ਸ਼ਿਵ ਕੁਮਾਰ ਰਾਣਾ, ਮਨਪ੍ਰੀਤ ਸਿੰਘ ਅਤੇ ਚਰਨਜੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਮਾਣਯੋਗ ਹਾਈਕੋਰਟ ਦੇ ਡੀ. ਏ. ਦੇਣ ਦੇ ਫ਼ੈਸਲੇ ਨੂੰ ਲਾਗੂ ਕਰਨ ਦੀ ਥਾਂ ਡੀ. ਏ. ਨਾ ਦੇਣ ਦੇ ਬਹਾਨੇ ਬਣਾ ਕੇ ਮਾਣਯੋਗ ਅਦਾਲਤ ਦੇ ਫ਼ੈਸਲੇ ਦਾ ਨਿਰਾਦਰ ਕਰ ਰਹੀ ਹੈ। ਇਸ ਮੌਕੇ ਡਾ. ਟੀਨਾ, ਸਤਨਾਮ ਸਿੰਘ, ਵਰਿੰਦਰ ਸਿੰਘ, ਕੁਸ਼ਲਦੀਪ ਸਿੰਘ, ਗੁਰਮੇਲ ਸਿੰਘ, ਸੁਖਦੀਪ ਸਿੰਘ, ਮਹਿੰਦਰ ਸਿੰਘ, ਪਰਮਜੀਤ ਸਿੰਘ ਬੈਨੀਪਾਲ, ਸੁੱਚਾ ਸਿੰਘ ਕਲੌੜ, ਜਸਵਿੰਦਰ ਸਿੰਘ ਔਲਖ, ਜਸਵਿੰਦਰ ਸਿੰਘ, ਰਣਜੋਧ ਸਿੰਘ, ਮਨਪ੍ਰੀਤ ਸਿੰਘ, ਅਮਰੀਕ ਸਿੰਘ, ਯਾਦਵਿੰਦਰ ਸਿੰਘ, ਹਾਕਮ ਸਿੰਘ ਚੀਮਾ, ਮਨੋਜ ਮੋਦੀ ਆਦਿ ਸਮੇਤ ਸੈਂਕੜਿਆਂ ਦੀ ਗਿਣਤੀ ਵਿਚ ਮੁਲਾਜ਼ਮ, ਪੈਨਸ਼ਨਰ ਤੇ ਅਧਿਆਪਕ ਹਾਜ਼ਰ ਸਨ। ਇਸੇ ਤਰ੍ਹਾਂ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਵਲੋਂ ਪੰਜਾਬ ਮੰਡੀ ਬੋਰਡ ਮੁੱਖ ਦਫ਼ਤਰ ਵਿਖੇ ਸਾਂਝੇ ਮੁਲਾਜ਼ਮ ਫ਼ਰੰਟ ਦੇ ਸੱਦੇ ‘ਤੇ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਦੇ ਸਮੂਹ ਮੁਲਾਜ਼ਮਾਂ ਦਾ 18 ਫ਼ੀਸਦੀ ਡੀ. ਏ. ਪਿਛਲੇ ਲੰਮੇ ਸਮੇਂ ਤੋਂ ਬਕਾਇਆ ਪਿਆ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਭੁਪਿੰਦਰ ਸਿੰਘ ਤੇ ਹਰੀਸ਼ ਪ੍ਰਸ਼ਾਦ, ਸੁਖਵਿੰਦਰ ਸਿੰਘ ਆਦਿ ਨੇ ਰੋਸ ਰੈਲੀ ਨੂੰ ਸੰਬੋਧਨ ਕੀਤਾ। ਇਸੇ ਤਰ੍ਹਾਂ ਪਾਵਰਕਾਮ ਦੇ ਸਰਕਲ ਦਫ਼ਤਰ ਵਿਖੇ ਵੀ ਬਿਜਲੀ ਕਾਮਿਆਂ ਤੇ ਪੈਨਸ਼ਨਰਾਂ ਵਲੋਂ ਰੋਸ ਰੈਲੀ ਕੀਤੀ ਗਈ, ਜਿਸ ਨੂੰ ਗੁਰਬਖ਼ਸ਼ ਸਿੰਘ, ਜਸਪਾਲ ਸਿੰਘ, ਗੁਰਮੀਤ ਸਿੰਘ, ਲੱਖਾ ਸਿੰਘ, ਸੁਰਿੰਦਰਪਾਲ ਸਿੰਘ ਲਹੌਰੀਆ, ਹਰਪ੍ਰੀਤ ਸਿੰਘ, ਨੈਬ ਸਿੰਘ, ਹਰਵਿੰਦਰ ਸਿੰਘ, ਗੁਰਮੇਲ ਸਿੰਘ, ਬ੍ਰਿਜ ਮੋਹਨ, ਏਕਮ ਸਿੱਧੂ ਆਦਿ ਨੇ ਸੰਬੋਧਨ ਕੀਤਾ। ਇਸੇ ਤਰ੍ਹਾਂ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਵੀ ਸਮੂਹਿਕ ਛੁੱਟੀ ਲੈ ਕੇ ਸਿਵਲ ਸਰਜਨ ਦੇ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ, ਜਿਸ ਨੂੰ ਹਰਵਿੰਦਰ ਸਿੰਘ ਛੀਨਾ ਤੇ ਰਘਬੀਰ ਸਿੰਘ ਚਾਊਮਾਜਰਾ ਸਮੇਤ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ। ਇਸੇ ਲੜੀ ਤਹਿਤ ਮਾਰਕੀਟ ਕਮੇਟੀ ਦੇ ਕਰਮਚਾਰੀਆਂ ਵਲੋਂ ਵੀ ਕਮੇਟੀ ਦਫ਼ਤਰ ਸਾਹਮਣੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਦਕਿ ਹੋਰ ਕਈ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਵੀ ਵਿਭਾਗੀ ਦਫ਼ਤਰਾਂ ਦੇ ਸਾਹਮਣੇ ਰੋਸ ਧਰਨੇ ਦਿੱਤੇ ਗਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਮੁਹਾਲੀ ਦੇ ਜ਼ਿਲ੍ਹਾ ਹਸਪਤਾਲ, ਸਬ-ਡਵੀਜ਼ਨ ਹਸਪਤਾਲਾਂ ਅਤੇ ਡਿਸਪੈਂਸਰੀਆਂ ਆਦਿ ਵਿਚ ਵੀ ਡਾਕਟਰਾਂ ਅਤੇ ਹੋਰ ਅਮਲੇ ਦੀ ਹੜਤਾਲ ਕਾਰਨ ਓ. ਪੀ. ਡੀ. ਸੇਵਾਵਾਂ ਠੱਪ ਰਹੀਆਂ। ਇਸ ਮੌਕੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਕੇਂਦਰਾਂ ਦਾ ਕੰਮਕਾਜ਼ ਵੀ ਠੱਪ ਰਿਹਾ। ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਖਰੜ ਡਵੀਜ਼ਨ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਖਰੜ, (ਜੰਡਪੁਰੀ)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਮਹਾਂ-ਬੰਦ ਦੇ ਦਿੱਤੇ ਗਏ ਸੱਦੇ ਤਹਿਤ ਖਰੜ ਡਵੀਜ਼ਨ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਦਫ਼ਤਰੀ ਕੰਮਕਾਜ਼ ਦਾ ਮੁਕੰਮਲ ਤੌਰ ‘ਤੇ ਬਾਈਕਾਟ ਕਰਕੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਇਆ ਗਿਆ ਅਤੇ ਪੰਜਾਬ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਸਰਕਾਰ ਦੀਆਂ ਮੁਲਜ਼ਮ/ਪੈਨਸ਼ਨਰ ਮਾਰੂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਗਈ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਬਿਜਲੀ ਸੋਧ ਬਿਲ-2025 ਨੂੰ ਰੱਦ ਕੀਤਾ ਜਾਵੇ, ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਪੱਤਰ ਨੰਬਰ 177/2020 ਰੱਦ ਕੀਤਾ ਜਾਵੇ, ਬਿਨਾਂ ਸ਼ਰਤ 35,400 ਰੁ. ਦਾ ਸਕੇਲ ਲਾਗੂ ਕੀਤਾ ਜਾਵੇ, 18 ਫ਼ੀਸਦੀ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ ਅਤੇ ਮੁਲਾਜ਼ਮਾਂ ਨੂੰ ਜਬਰੀ ਮੋਬਾਈਲ ਫ਼ੋਨ ਦੇਣ ਦੀ ਨੀਤੀ ਰੱਦ ਕੀਤੀ ਜਾਵੇ। ਇਸੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ, ਪਰ ਪੰਜਾਬ ਸਰਕਾਰ ਵਲੋਂ ਇਨ੍ਹਾਂ ਮਸਲਿਆਂ ਦਾ ਢੁਕਵਾਂ ਹੱਲ ਕੱਢਣ ਦੀ ਬਜਾਏ ਲਗਾਤਾਰ ਟਾਲ-ਮਟੋਲ ਵਾਲੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਨ੍ਹਾਂ ਦਾ ਤੁਰੰਤ ਨਿਪਟਾਰਾ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਆਉਣ ਵਾਲੇ ਸਮੇਂ ‘ਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਮੰਡਲ ਕੁਰਾਲੀ ਦੇ ਪ੍ਰਧਾਨ ਗਗਨ ਰਾਣਾ, ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਦੇ ਸਰਕਲ ਪ੍ਰਧਾਨ ਦਵਿੰਦਰ ਸਿੰਘ, ਸਰਕਲ ਆਗੂ ਰਿਸ਼ਭ ਚੀਗਲ, ਸਕੱਤਰ ਨਵਦੀਪ ਕੌਰ, ਸਰਕਲ ਆਗੂ ਰਣਬੀਰ ਸਿੰਘ ਅਤੇ ਦੀਦਾਰ ਸਿੰਘ ਆਦਿ ਨੇ ਰੋਸ ਧਰਨੇ ਨੂੰ ਸੰਬੋਧਨ ਕੀਤਾ।
ਪਿਛਲੀ ਖ਼ਬਰ ਫੇਜ਼-9 ਦੀ ਮਾਰਕੀਟ ’ਚ ਪਤੀ ਨੇ ਪਤਨੀ ਦੀ ਗਰਦਨ ’ਤੇ ਚਾਕੂ ਨਾਲ ਕੀਤਾ ਹਮਲਾ ਅਗਲੀ ਖ਼ਬਰ ਪੁਲਿਸ ਮੁਲਾਜ਼ਮਾਂ ਨੂੰ ਵਾਹਨ ਨੇ ਮਾਰੀ ਟੱਕਰ, 4 ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।