29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖ਼ਰਚ ਰਿਹਾ ਹਾਂ-ਭਗਵੰਤ ਮਾਨ

ਐੱਸ. ਏ.

ਕਿਹਾ, ਪਿਛਲੇ 70 ਸਾਲਾਂ ‘ਚ ਸਰਕਾਰਾਂ ਕਈ ਵਾਰ ਬਦਲੀਆਂ, ਪਰ ਪੰਜਾਬ ਦੇ ਲੋਕਾਂ ਦੀ ਤਕਦੀਰ ਨਹੀਂ ਬਦਲੀ 29-08-2026
ਐੱਸ. ਏ. ਐੱਸ. ਨਗਰ, 28 ਅਗਸਤ (ਪ੍ਰੋ. ਅਵਤਾਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਦੀ ਮੁਖਾਲਫ਼ਤ ਕਰਨ ‘ਤੇ ਵਿਰੋਧੀ ਪਾਰਟੀਆਂ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜੀਆਂ ਸਕੀਮਾਂ ਲੋਕਾਂ ਨੂੰ ਮੁਫ਼ਤ ਬਿਜਲੀ, ਵਧੀਆ ਸਿੱਖਿਆ, ਸਿਹਤ ਸੰਭਾਲ ਅਤੇ ਵਿਕਾਸ ਵਰਗੀਆਂ ਸਹੂਲਤਾਂ ਦੇ ਰਹੀਆਂ ਹਨ, ਉਹ ਹੁਣ ਉਨ੍ਹਾਂ ਵਿਰੋਧੀਆਂ ਨੂੰ ਰਾਸ ਨਹੀਂ ਆ ਰਹੀਆਂ ਜੋ ਕਿ ਖ਼ੁਦ ਦਹਾਕਿਆਂ ਤੱਕ ਪੰਜਾਬ ਦੀ ਸੱਤਾ ’ਤੇ ਕਾਬਜ਼ ਰਹਿ ਚੁੱਕੇ ਹਨ। ਮੁੱਖ ਮੰਤਰੀ ਮਾਨ ਮੁਹਾਲੀ ਦੇ ਪਿੰਡ ਬੜਮਾਜਰਾ ਵਿਖੇ ਲੋਕ-ਮਿਲਣੀ ਪ੍ਰੋਗਰਾਮ ਦੌਰਾਨ ਜੁੜੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਦੌਰਾਨ ਸਰਕਾਰਾਂ ਵਾਰ-ਵਾਰ ਬਦਲੀਆਂ, ਪਰ ਪੰਜਾਬ ਦੇ ਲੋਕਾਂ ਦੀ ਤਕਦੀਰ ਨਹੀਂ ਬਦਲੀ, ਜਦਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਲੋਕਾਂ ਦਾ ਪੈਸਾ ਹੁਣ ਸਿੱਧਾ ਲੋਕਾਂ ਦੇ ਭਲੇ ਲਈ ਖ਼ਰਚਿਆ ਜਾਵੇ। ਉਨ੍ਹਾਂ ਕਿਹਾ ਕਿ ਸੱਤਾ ‘ਚ ਵਾਪਸੀ ਤੋਂ ਬਾਅਦ ਲੋਕ-ਭਲਾਈ ਸਕੀਮਾਂ ਨੂੰ ਬੰਦ ਕਰਨ ਦੀਆਂ ਵਿਰੋਧੀਆਂ ਦੀਆਂ ਧਮਕੀਆਂ ਸਫ਼ਲ ਨਹੀਂ ਹੋਣਗੀਆਂ, ਕਿਉਂਕਿ ਪੰਜਾਬ ਦੇ ਲੋਕ ਨਾ ਤਾਂ ਉਨ੍ਹਾਂ ਨੂੰ ਦੂਜਾ ਮੌਕਾ ਦੇਣਗੇ ਤੇ ਨਾ ਹੀ ਲੋਕ ਭਲਾਈ ਦੀਆਂ ਸਕੀਮਾਂ ਬੰਦ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਵਾਰੋ-ਵਾਰੀ ਸੱਤਾ ‘ਤੇ ਕਾਬਜ਼ ਹੋਣ ਅਤੇ ਇਕ-ਦੂਜੇ ਦੇ ਗ਼ਲਤ ਕੰਮਾਂ ‘ਤੇ ਪਰਦਾ ਪਾਉਣ ਦਾ ਦੌਰ ਹੁਣ ਖ਼ਤਮ ਹੋ ਚੁੱਕਾ ਹੈ ਕਿਉਂਕਿ ਲੋਕਾਂ ਨੇ ਹੁਣ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਨੁਹਾਰ ਬਦਲਣ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਉਨ੍ਹਾਂ ਦੇ ਪੰਜਾਬ ਵਿਰੋਧੀ ਰੋਲ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ ਤੇ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਉਨ੍ਹਾਂ ਨੂੰ ਰਾਜਨੀਤਿਕ ਗੁਮਨਾਮੀ ‘ਚ ਭੇਜ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਨੇ ਆਪਣੇ ਰਾਜ ਦੌਰਾਨ ਹਮੇਸ਼ਾ ਇਕ-ਦੂਜੇ ਦੇ ਹਿੱਤਾਂ ਦੀ ਰਾਖੀ ਕੀਤੀ ਹੈ, ਜਿਸ ਕਾਰਨ ਉਨ੍ਹਾਂ ਦੇ ਗ਼ਲਤ ਕੰਮ ਕਦੇ ਲੋਕਾਂ ਦੇ ਸਾਹਮਣੇ ਨਹੀਂ ਆਏ। ਇਸੇ ਦੌਰਾਨ ਸੁਖਬੀਰ ਸਿੰਘ ਬਾਦਲ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਜ਼ਮੀਨੀ ਹਕੀਕਤਾਂ ਤੋਂ ਅਣਜਾਣ ਹਨ ਕਿਉਂਕਿ ਉਨ੍ਹਾਂ ਨੇ ਉਮਰ ਭਰ ਐਸ਼ੋ-ਆਰਾਮ ਅਤੇ ਸੁਰੱਖਿਅਤ ਮਾਹੌਲ ‘ਚ ਸਮਾਂ ਬਿਤਾਇਆ ਹੈ। ਉਹ ਪੰਜਾਬ ਦੇ ਇਕ ਕਾਨਵੈਂਟ ਸਕੂਲ ਦੇ ਪੜ੍ਹੇ-ਲਿਖੇ ਸਿਆਸੀ ਆਗੂ ਹਨ, ਜਿਨ੍ਹਾਂ ਨੂੰ ਸੂਬੇ ਦੀ ਭੂਗੋਲਿਕ ਸਥਿਤੀ ਦੀ ਬੁਨਿਆਦੀ ਸਮਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਕਿਸੇ ਵਿਚਾਰਧਾਰਾ ਜਾਂ ਲੋਕ ਭਲਾਈ ਲਈ ਨਹੀਂ, ਸਗੋਂ ਸਿਰਫ਼ ਸੂਬੇ ‘ਤੇ ਸੱਤਾ ਹਥਿਆਉਣ ਦੇ ਮਕਸਦ ਨਾਲ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਕਾਂਗਰਸ ਦੀ ਅੰਦਰੂਨੀ ਫੁੱਟ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਉਹ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਆਪਸ ‘ਚ ਲੜ ਰਹੇ ਹਨ, ਜਦਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸਲ ‘ਚ ਕਾਂਗਰਸ ਕੋਲ ਲੋਕਾਂ ਅਤੇ ਸੂਬੇ ਲਈ ਕੋਈ ਵਿਜ਼ਨ ਨਹੀਂ ਹੈ, ਸਗੋਂ ਉਨ੍ਹਾਂ ਦਾ ਇਕੋ ਇਕ ਮਕਸਦ ਸੱਤਾ ‘ਤੇ ਕਾਬਜ਼ ਹੋ ਕੇ ਪੰਜਾਬ ਦੇ ਖ਼ਜਾਨੇ ਨੂੰ ਦੋਵਾਂ ਹੱਥਾਂ ਨਾਲ ਲੁੱਟਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਅਨੇਕਾਂ ਯੋਜਨਾਵਾਂ ਚਲਾਉਣ ਤੋਂ ਇਲਾਵਾ ਰੱਖੜੀ ਦੇ ਸ਼ੁਭ ਮੌਕੇ ‘ਤੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਾਜ ਦੀਆਂ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ ਦਿੱਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਪਿੰਡ ਬੜਮਾਜਰਾ ਦੇ ਵਿਕਾਸ ਲਈ ਸਥਾਨਕ ਨੁਮਾਇੰਦਿਆਂ ਨੂੰ 50 ਲੱਖ ਰੁ. ਦੀ ਗ੍ਰਾਂਟ ਦਾ ਚੈੱਕ ਵੀ ਸੌਂਪਿਆ। ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਹਲਕਾ ਵਿਧਾਇਕ ਕੁਲਵੰਤ ਸਿੰਘ ਤੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਡਾ. ਸੰਨੀ ਸਿੰਘ ਆਹਲੂਵਾਲੀਆ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ੇਅਰਾਂ ’ਚ ਨਿਵੇਸ਼ ਕਰਵਾਉਣ ਦੇ ਨਾਂਅ ’ਤੇ ਸੇਵਾਮੁਕਤ ਫ਼ੌਜੀ ਨਾਲ 30.49 ਲੱਖ ਰੁਪਏ ਦੀ ਠੱਗੀ ਅਗਲੀ ਖ਼ਬਰ 4.05 ਕਰੋੜ ਰੁ. ਦੀ ਠੱਗੀ ਦੇ ਮਾਮਲੇ ’ਚ ਜੀਜੇ-ਸਾਲੇ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।